ਚੰਡੀਗੜ੍ਹ/ਫਿਰੋਜ਼ਪੁਰ, 14 ਅਗਸਤ 2025: ਡੀਜੀਪੀ ਗੌਰਵ ਯਾਦਵ ਨੇ ਦੱਸਿਆ ਮੁਤਾਬਕ ਆਜ਼ਾਦੀ ਦਿਵਸ ਦੇ ਸ਼ਾਂਤੀਪੂਰਨ ਜਸ਼ਨ ਨੂੰ ਯਕੀਨੀ ਬਣਾਉਣ ਲਈ ਕੀਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਕਾਰ, ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਬੀਕੇਆਈ ਮਾਡਿਊਲ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਪਾਕਿਸਤਾਨ-ਆਈਐਸਆਈ ਸਮਰਥਿਤ ਹਰਵਿੰਦਰ ਰਿੰਦਾ ਦੁਆਰਾ ਰਚੀ ਜਾ ਰਹੀ ਇੱਕ ਵੱਡੀ ਅੱ.ਤ.ਵਾ.ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।
ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਭੁੱਲਰ ਦੇ ਰਹਿਣ ਵਾਲੇ ਹਰਪ੍ਰੀਤ ਸਿੰਘ ਉਰਫ਼ ਪ੍ਰੀਤ ਅਤੇ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਰਾਮਪੁਰਾ ਦੇ ਰਹਿਣ ਵਾਲੇ ਗੁਲਸ਼ਨ ਸਿੰਘ ਉਰਫ਼ ਨੰਦੂ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ‘ਚੋਂ ਦੋ 86P ਹੈਂਡ ਗ੍ਰਨੇਡ, ਇੱਕ 9mm ਪਿਸਤੌਲ ਅਤੇ ਪੰਜ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਪੰਜਾਬ ਪੁਲਿਸ ਨੇ ਰਾਜਸਥਾਨ ਦੇ ਟੋਂਕ ਅਤੇ ਜੈਪੁਰ ਜ਼ਿਲ੍ਹਿਆਂ ਤੋਂ ਤਿੰਨ ਨਾਬਾਲਗਾਂ ਸਮੇਤ ਪੰਜ ਕਾਰਕੁਨਾਂ ਨੂੰ ਇੱਕ 86P ਹੈਂਡ ਗ੍ਰਨੇਡ ਅਤੇ ਇੱਕ .30 ਬੋਰ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਕੇ ਇੱਕ BKI ਮਾਡਿਊਲ ਦਾ ਪਰਦਾਫਾਸ਼ ਕੀਤਾ ਸੀ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਯੂਕੇ, ਅਮਰੀਕਾ ਅਤੇ ਯੂਰਪ ‘ਚ ਬੈਠੇ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ਹੇਠ ਕੰਮ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਹ ਵੀ ਖੁਲਾਸਾ ਹੋਇਆ ਹੈ ਕਿ ਮੁਲਜ਼ਮ ਸਰਹੱਦੀ ਰਾਜ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਗ੍ਰਨੇਡਾਂ ਨਾਲ ਸਰਕਾਰੀ ਇਮਾਰਤਾਂ ਅਤੇ ਪੁਲਿਸ ਸੰਸਥਾਵਾਂ ਨੂੰ ਨਿਸ਼ਾਨਾ ਬਣਾਉਣ ਦੀ ਸਰਗਰਮੀ ਨਾਲ ਸਾਜ਼ਿਸ਼ ਰਚ ਰਹੇ ਸਨ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ‘ਚ ਉਨ੍ਹਾਂ ਦੇ ਪੁਰਾਣੇ ਅਤੇ ਮੌਜੂਦਾ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।
ਇਸ ਕਾਰਵਾਈ ਬਾਰੇ ਏਆਈਜੀ ਸੀਆਈ ਫਿਰੋਜ਼ਪੁਰ ਗੁਰਸੇਵਕ ਸਿੰਘ ਬਰਾੜ ਨੇ ਦੱਸਿਆ ਕਿ ਭਰੋਸੇਯੋਗ ਅਤੇ ਠੋਸ ਜਾਣਕਾਰੀ ਦੇ ਆਧਾਰ ‘ਤੇ ਸੀਆਈ ਫਿਰੋਜ਼ਪੁਰ ਦੀਆਂ ਟੀਮਾਂ ਨੇ ਇੱਕ ਗੁਪਤ ਕਾਰਵਾਈ ਸ਼ੁਰੂ ਕੀਤੀ ਅਤੇ ਤਲਵੰਡੀ ਭਾਈ, ਫਿਰੋਜ਼ਪੁਰ ਤੋਂ ਹਰਪ੍ਰੀਤ ਸਿੰਘ ਉਰਫ਼ ਪ੍ਰੀਤ ਅਤੇ ਗੁਲਸ਼ਨ ਸਿੰਘ ਉਰਫ਼ ਨੰਦੂ ਨਾਮਕ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ।
ਏਆਈਜੀ ਨੇ ਦੱਸਿਆ ਕਿ ਪੁਲਿਸ ਨੇ ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰ ਲਿਆ ਹੈ ਅਤੇ ਪੁੱਛਗਿੱਛ ਤੋਂ ਦੇਸ਼ ਦੇ ਅੰਦਰ ਅਤੇ ਬਾਹਰ ਉਨ੍ਹਾਂ ਦੇ ਸੰਪਰਕਾਂ ਅਤੇ ਉਨ੍ਹਾਂ ਦੁਆਰਾ ਚੁਣੇ ਗਏ ਸੰਭਾਵੀ ਟੀਚਿਆਂ ਬਾਰੇ ਹੋਰ ਵੇਰਵੇ ਸਾਹਮਣੇ ਆਉਣ ਦੀ ਉਮੀਦ ਹੈ। ਇਸ ਸਬੰਧ ‘ਚ ਪੁਲਿਸ ਸਟੇਸ਼ਨ ਐਸਐਸਓਸੀ ਫਾਜ਼ਿਲਕਾ ‘ਚ ਅਸਲਾ ਐਕਟ ਦੀ ਧਾਰਾ 25 ਅਤੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3, 4 ਅਤੇ 5 ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।
Read More: ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 1 ਮਾਰਚ ਤੋਂ ਹੁਣ ਤੱਕ 1059 ਕਿੱਲੋ ਹੈਰੋਇਨ ਸਮੇਤ 25646 ਨਸ਼ਾ ਤਸਕਰ ਕਾਬੂ