ਚੰਡੀਗੜ੍ਹ/ਅੰਮ੍ਰਿਤਸਰ, 15 ਮਾਰਚ 2025: ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ (Punjab Police) ਨੇ ਪਾਬੰਦੀਸ਼ੁਦਾ ਸੰਗਠਨ ਬੀਕੇਆਈ ਨਾਲ ਜੁੜੇ ਇੱਕ ਨਾਰਕੋ-ਟੈਰਰ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ | ਇਸਦੇ ਨਾਲ ਹੀ ਬਿਹਾਰ ਤੋਂ ਇਸਦੇ ਤਿੰਨ ਮੁੱਖ ਕਾਰਕੁਨਾਂ ਨੂੰ ਨੇਪਾਲ ਭੱਜਣ ਦੀ ਕੋਸ਼ਿਸ਼ ਕਰਦੇ ਸਮੇਂ ਗ੍ਰਿਫਤਾਰ ਕਰ ਲਿਆ ਗਿਆ।
ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਕਰਨਦੀਪ ਯਾਦਵ (21ਸਾਲ), ਮੁਕੇਸ਼ ਕੁਮਾਰ (29) ਅਤੇ ਸਾਜਨ ਸਿੰਘ (24) ਵਜੋਂ ਹੋਈ ਹੈ, ਇਹ ਸਾਰੇ ਵਾਸੀ ਖੰਡਵਾਲਾ ਛੇਹਰਟਾ, ਅੰਮ੍ਰਿਤਸਰ ਹਨ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ‘ਚੋਂ ਤਿੰਨ ਮੋਬਾਈਲ ਫੋਨ ਅਤੇ 700 ਨੇਪਾਲੀ ਕਰੰਸੀ ਨੋਟ ਵੀ ਬਰਾਮਦ ਕੀਤੇ ਹਨ | ਪੁਲਿਸ ਨੂੰ ਇਹ ਕਾਮਯਾਬੀ ਜੋਬਨ ਸਿੰਘ ਅਤੇ ਗੁਰਬਖਸ਼ ਸਿੰਘ ਉਰਫ ਲਾਲਾ ਦੀ ਗ੍ਰਿਫਤਾਰੀ ਤੋਂ ਬਾਅਦ ਮਿਲੀ ਹੈ, ਜਿਨ੍ਹਾਂ ਤੋਂ 290 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤਾ ਮੁਲਜ਼ਮ ਪਾਕਿਸਤਾਨ ਸਥਿਤ ਬੀ.ਕੇ.ਆਈ. ਦਾ ਮੈਂਬਰ ਹੈ ਅਤੇ ਮਾਸਟਰਮਾਈਂਡ ਹਰਵਿੰਦਰ ਰਿੰਦਾ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ। ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਕਰਨਦੀਪ ਯਾਦਵ ਨੇ ਇਸ ਸਾਲ ਜਨਵਰੀ ‘ਚ ਤਰਨਤਾਰਨ ਤੋਂ ਬਰਾਮਦ ਕੀਤੇ ਗਏ ਗ੍ਰਨੇਡ ਅਤੇ ਹਥਿਆਰ ਪਹੁੰਚਾਏ ਸਨ।
ਮਿਲੀ ਜਾਣਕਾਰੀ ਮੁਤਾਬਕ ਤਰਨਤਾਰਨ ਪੁਲਿਸ ਨੇ ਚਾਰ ਮੈਂਬਰਾਂ – ਜਿਨ੍ਹਾਂ ਦੀ ਪਛਾਣ ਰੌਬਿਨਜੀਤ ਸਿੰਘ ਉਰਫ਼ ਰੌਬਿਨ, ਹਰਪ੍ਰੀਤ ਸਿੰਘ ਉਰਫ਼ ਹੈਪੀ, ਨਵਜੋਤ ਸਿੰਘ ਉਰਫ਼ ਨਵ ਅਤੇ ਜਗਦੀਪ ਸਿੰਘ ਉਰਫ਼ ਜੱਗਾ ਵਜੋਂ ਹੋਈ ਹੈ, ਉਨ੍ਹਾਂ ਨੂੰ ਦੋ ਹੱਥਗੋਲੇ ਅਤੇ ਇੱਕ ਪਿਸਤੌਲ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ ਸੀ |
ਡੀਜੀਪੀ ਪੰਜਾਬ (Punjab Police) ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮ, ਜੋ ਅੰਮ੍ਰਿਤਸਰ ਦੇ ਖੰਡਵਾਲਾ ਅਤੇ ਛੇਹਰਟਾ ਇਲਾਕਿਆਂ ‘ਚ ਰਹਿ ਰਹੇ ਸਨ, ਉਨ੍ਹਾਂ ਨੂੰ ਬਿਹਾਰ ਦੇ ਮੇਧਪੁਰ ਦੇ ਕੁਮਾਰਖੰਡ ਥਾਣੇ ਦੇ ਅਧਿਕਾਰ ਖੇਤਰ ਤੋਂ ਉਸ ਸਮੇਂ ਗ੍ਰਿਫ਼ਤਾਰ ਕੀਤਾ ਗਿਆ ਜਦੋਂ ਉਹ ਨੇਪਾਲ ਭੱਜਣ ਦੀ ਯੋਜਨਾ ਬਣਾ ਰਹੇ ਸਨ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਤਿੰਨਾਂ ਮੁਲਜ਼ਮਾਂ ਨੂੰ ਹੋਰ ਪੁੱਛਗਿੱਛ ਲਈ ਪੰਜਾਬ ਲਿਆਂਦਾ ਜਾ ਰਿਹਾ ਹੈ।
ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਡੀਸੀਪੀ ਇਨਵੈਸਟੀਗੇਸ਼ਨ, ਏਡੀਸੀਪੀ ਸਿਟੀ-2 ਅਤੇ ਏਸੀਪੀ ਵੈਸਟ ਦੀ ਨਿਗਰਾਨੀ ਹੇਠ ਛੇਹਰਟਾ ਪੁਲਿਸ ਸਟੇਸ਼ਨ, ਅੰਮ੍ਰਿਤਸਰ ਦੇ ਅਧਿਕਾਰੀਆਂ ਦੁਆਰਾ ਇੱਕ ਗੁਪਤ ਕਾਰਵਾਈ ਕੀਤੀ , ਜਿਸ ਦੌਰਾਨ ਮੁਲਜ਼ਮਾਂ ਨੂੰ ਬਿਹਾਰ ਤੋਂ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਮਾਮਲੇ ਦੀ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ‘ਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।
ਇਸ ਸਬੰਧ ‘ਚ ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਧੀਨ ਐਫਆਈਆਰ ਨੰਬਰ 42, ਮਿਤੀ 7 ਮਾਰਚ, 2025 ਪਹਿਲਾਂ ਹੀ ਪੁਲਿਸ ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ ਦਰਜ ਕੀਤੀ ਜਾ ਚੁੱਕੀ ਹੈ।