Site icon TheUnmute.com

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼, 4 ਕਿੱਲੋ ਹੈਰੋਇਨ ਸਣੇ ਦੋ ਗ੍ਰਿਫ਼ਤਾਰ

Punjab Police

ਅੰਮ੍ਰਿਤਸਰ, 01 ਮਾਰਚ 2025: ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ‘ਚ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਫੈਸਲਾਕੁੰਨ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੰਜਾਬ ਪੁਲਿਸ (Punjab Police) ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਦੋ ਨਸ਼ਾ ਤਸਕਰਾਂ ਨੂੰ 4 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ।

ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਕਰਨਪਾਲ ਸਿੰਘ (37) ਅਤੇ ਰਣਜੀਤ ਸਿੰਘ (36) ਵਜੋਂ ਹੋਈ ਹੈ। ਇਹ ਦੋਵੇਂ ਤਰਨਤਾਰਨ ਜ਼ਿਲ੍ਹੇ ਦੇ ਖੇਮਕਰਨ ਇਲਾਕੇ ਦੇ ਸਰਹੱਦੀ ਪਿੰਡਾਂ ਦੇ ਵਸਨੀਕ ਹਨ। ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਨੇ ਉਹ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ ਜਿਸ ‘ਤੇ ਉਹ ਸਵਾਰ ਸਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨ ਤੋਂ ਬਦਨਾਮ ਤਸਕਰ ਡਰੋਨ ਰਾਹੀਂ ਨਸ਼ਿਆਂ ਦੀ ਖੇਪ ਭੇਜਣ ਲਈ ਫਿਰੋਜ਼ਪੁਰ ਸੈਕਟਰ ਦੀ ਵਰਤੋਂ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਸਾਰੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇੱਕ ਗੁਪਤ ਸੂਚਨਾ ਦੇ ਆਧਾਰ ‘ਤੇ ਏਡੀਸੀਪੀ ਇਨਵੈਸਟੀਗੇਸ਼ਨ ਨਵਜੋਤ ਸਿੰਘ, ਏਸੀਪੀ ਡਿਟੈਕਟਿਵ ਹਰਮਿੰਦਰ ਸਿੰਘ ਅਤੇ ਏਸੀਪੀ ਨਾਰਕੋਟਿਕਸ ਲਲਿਤ ਸ਼ਰਮਾ ਦੀ ਨਿਗਰਾਨੀ ਹੇਠ ਇੱਕ ਵਿਸ਼ੇਸ਼ ਆਪ੍ਰੇਸ਼ਨ ਚਲਾਇਆ ਸੀ। ਸੀਆਈਏ-1 ਦੇ ਇੰਚਾਰਜ ਇੰਸਪੈਕਟਰ ਅਮੋਲਕਦੀਪ ਸਿੰਘ ਅਤੇ ਸੀਆਈਏ-2 ਦੇ ਇੰਚਾਰਜ ਐਸਆਈ ਰਵੀ ਕੁਮਾਰ ਦੀ ਅਗਵਾਈ ਵਾਲੀ ਪੁਲਿਸ ਟੀਮ (Punjab Police) ਨੇ ਅੰਮ੍ਰਿਤਸਰ ਦੇ ਝਬਾਲ ਰੋਡ ‘ਤੇ ਇੱਕ ਨਾਕਾ ਲਗਾਇਆ ਅਤੇ ਦੋਵਾਂ ਮੁਲਜ਼ਮਾਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ।

ਉਨ੍ਹਾਂ ਕਿਹਾ ਕਿ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰਨ ਤੋਂ ਬਾਅਦ, ਮੁਲਜ਼ਮ ਇਸਨੂੰ ਸਥਾਨਕ ਨਸ਼ਾ ਤਸਕਰਾਂ ਨੂੰ ਵੇਚਦੇ ਸਨ, ਜੋ ਫਿਰ ਪੰਜਾਬ ਭਰ ‘ਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰ ਸਕਣ।

ਸੀਪੀ ਨੇ ਕਿਹਾ ਕਿ ਡਰੱਗ ਸਪਲਾਇਰ, ਡੀਲਰ ਅਤੇ ਖਰੀਦਦਾਰ ਸਮੇਤ ਪੂਰੇ ਡਰੱਗ ਸਪਲਾਈ ਨੈਟਵਰਕ ਦਾ ਪਤਾ ਲਗਾਉਣ ਲਈ ਇੱਕ ਵਿਆਪਕ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੁਆਰਾ ਹੁਣ ਤੱਕ ਕੀਤੀ ਖਰੀਦਦਾਰੀ ਅਤੇ ਸਪਲਾਈ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਦੇ ਯਤਨ ਵੀ ਜਾਰੀ ਹਨ। ਇਸ ਸਬੰਧ ‘ਚ ਐਫਆਈਆਰ ਨੰਬਰ 49 ਮਿਤੀ 27 ਫਰਵਰੀ 2025 ਨੂੰ ਇਸਲਾਮਾਬਾਦ ਪੁਲਿਸ ਸਟੇਸ਼ਨ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21(ਸੀ) ਅਧੀਨ ਦਰਜ ਕੀਤੀ ਸੀ।

Read More: ਪੰਜਾਬ ‘ਚ ਵਾਰਦਾਤ ਨੂੰ ਅੰਜਾਮ ਦੇਣ ਲਈ ਮੱਧ ਪ੍ਰਦੇਸ਼ ਤੋਂ ਲਿਆਂਦੇ ਹਥਿਆਰ ਕੀਤੇ ਬਰਾਮਦ: DGP ਗੌਰਵ ਯਾਦਵ

Exit mobile version