July 7, 2024 2:51 pm
Punjab Police

ਪੰਜਾਬ ਪੁਲਿਸ ਵਲੋਂ ਸੂਬੇ ਦੇ 10 ਜ਼ਿਲ੍ਹਿਆਂ ‘ਚ ਸਪੈਸ਼ਲ ਸਰਚ ਆਪ੍ਰੇਸ਼ਨ ਤਹਿਤ ਛਾਪੇਮਾਰੀ

ਚੰਡੀਗੜ੍ਹ 09 ਜੁਲਾਈ 2022: ਪੰਜਾਬ ਪੁਲਿਸ (Punjab Police) ਅੱਜ ਐਕਸ਼ਨ ਦੇ ਮੂਡ ਨਜ਼ਰ ਆ ਰਹੀ ਹੈ। ਡੀ.ਜੀ.ਪੀ ਸਮੇਤ ਕਈ ਉੱਚ ਅਧਿਕਾਰੀਆਂ ਨਾਲ ਮਿਲ ਕੇ ਸੂਬੇ ਦੇ ਵੱਖ ਵੱਖ ਇਲਾਕਿਆਂ ‘ਚ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ 10 ਜ਼ਿਲ੍ਹਿਆਂ ਵਿੱਚ ਵੱਡੀ ਛਾਪੇਮਾਰੀ ਕੀਤੀ ਗਈ ਹੈ। ਪੁਲਿਸ ਵੱਲੋਂ ਕਈ ਹੋਟਲਾਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਛਾਪੇਮਾਰੀ ਕੀਤੀ ਗਈ। ਇਸ ਸਮੇਂ ਡੀਜੀਪੀ ਗੌਰਵ ਯਾਦਵ ਵੀ ਮੌਜੂਦ ਹਨ।

ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਅਸੁਰੱਖਿਆ ਦੀ ਭਾਵਨਾ ਨੂੰ ਦੂਰ ਕਰਨ ਲਈ ਇਹ ਕਦਮ ਚੁੱਕਿਆ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਏ.ਡੀ.ਜੀ.ਪੀ. ਅਤੇ ਪੁਲਿਸ ਕਮਿਸ਼ਨਰ ਦੀ ਅਗਵਾਈ ਹੇਠ ਇਹ ਸਪੈਸ਼ਲ ਸਰਚ ਆਪ੍ਰੇਸ਼ਨ ਚਲਾਇਆ ਗਿਆ ਹੈ। ਪੰਜਾਬ ਪੁਲਿਸ ਵੱਲੋਂ ਬਠਿੰਡਾ, ਪਟਿਆਲਾ, ਅੰਮ੍ਰਿਤਸਰ, ਮੋਗਾ, ਜਲੰਧਰ, ਮੋਹਾਲੀ, ਲੁਧਿਆਣਾ, ਫਰੀਦਕੋਟ ਆਦਿ ਕਈ ਜ਼ਿਲ੍ਹਿਆਂ ਵਿੱਚ ਪੁਲਿਸ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪਿੰਡਾਂ ਵਿੱਚ ਕਈ ਘਰਾਂ ਵਿੱਚ ਛਾਪੇਮਾਰੀ ਵੀ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਅੱਜ ਪੰਜਾਬ ‘ਚ ਨਸ਼ੇ ਅਤੇ ਗੈਂਗਸਟਰਾਂ ਦੇ ਖਿਲਾਫ ਪੰਜਾਬ ਪੁਲਿਸ (Punjab Police) ਵੱਲੋਂ ਵੱਡਾ ਸਰਚ ਅਭਿਆਨ ਚਲਾਇਆ ਗਿਆ ਹੈ। ਪੁਲਿਸ ਵੱਲੋਂ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਮੋਹਾਲੀ, ਖਰੜ ਵਿੱਚ ਵਿਸ਼ੇਸ਼ ਸਰਚ ਅਭਿਆਨ ਚਲਾਇਆ ਗਿਆ ਹੈ। ਇਸ ਤੋਂ ਇਲਾਵਾ ਪਾਮ ਸੁਸਾਇਟੀ ਅਤੇ ਪਾਰਸ ਸੁਸਾਇਟੀ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ।

ਡੀ.ਜੀ.ਪੀ ਯਾਦਵ ਨੇ ਕਿਹਾ ਕਿ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਸਰਚ ਅਭਿਆਨ ਰਾਹੀਂ ਕੁਝ ਲੋਕਾਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ ਹੈ, ਜਿਨ੍ਹਾਂ ਕੋਲੋਂ ਪੁੱਛਗਿੱਛ ਜਾਰੀ ਹੈ। ਇਸ ਸਮੇਂ ਡੀ.ਐਸ.ਪੀ , ਐੱਸ.ਐੱਚ.ਓ. ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।