ਚੰਡੀਗੜ੍ਹ, 25 ਅਪ੍ਰੈਲ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪੰਜਾਬ ਪੁਲਿਸ (Punjab Police) ਸੂਬੇ ਵਿੱਚ ਪੈਦਾ ਹੋਣ ਵਾਲੀ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਸਮਰੱਥ ਹੈ। ਮੁੱਖ ਮੰਤਰੀ ਨੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਇਕ ਪੇਸ਼ੇਵਰ ਫੋਰਸ ਹੈ, ਜੋ ਸੂਬੇ ਵਿੱਚ ਕਿਸੇ ਵੀ ਅਮਨ-ਕਾਨੂੰਨ ਦੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਸਮਰੱਥ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਪਿਛਲੇ ਸਮੇਂ ਵਿੱਚ ਅਤਿਵਾਦ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਿਆ ਹੈ, ਜੋ ਫੋਰਸ ਦੀ ਪੇਸ਼ੇਵਰ ਸਮਰੱਥਾ ਦਾ ਸਬੂਤ ਹੈ ਅਤੇ ਭਵਿੱਖ ਵਿੱਚ ਵੀ ਇਹ ਫੋਰਸ ਇਸ ਵਿਰਾਸਤ ਨੂੰ ਅੱਗੇ ਵਧਾਏਗੀ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਪੰਜਾਬ ਪੁਲਿਸ ਆਪਣੀ ਡਿਊਟੀ ਪੂਰੀ ਲਗਨ ਅਤੇ ਪੇਸ਼ੇਵਰ ਇਮਾਨਦਾਰੀ ਨਾਲ ਨਿਭਾਉਣ ਦੀ ਆਪਣੀ ਸ਼ਾਨਦਾਰ ਪਰੰਪਰਾ ਨੂੰ ਕਾਇਮ ਰੱਖੇਗੀ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਪੁਲਿਸ (Punjab Police) ਨੇ ਦੇਸ਼ ਦੀ ਸੁਰੱਖਿਆ ਲਈ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਹੈ ਅਤੇ ਇਸ ਦੇ ਨਾਲ-ਨਾਲ ਅਮਨ-ਕਾਨੂੰਨ ਦੀ ਸਥਿਤੀ ਨੂੰ ਹਰ ਕੀਮਤ ‘ਤੇ ਬਰਕਰਾਰ ਰੱਖਿਆ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਪੁਲਿਸ ਮੁਲਾਜ਼ਮਾਂ ਨੇ ਦੇਸ਼ ਦੀ ਅਖੰਡਤਾ ਨੂੰ ਬਰਕਰਾਰ ਰੱਖਣ ਦੇ ਨਾਲ-ਨਾਲ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਨ ਲਈ ਆਪਣਾ ਫ਼ਰਜ਼ ਨਿਭਾਉਂਦੇ ਹੋਏ ਲਾਸਾਨੀ ਕੁਰਬਾਨੀਆਂ ਦੇਣ ਦੀ ਰਵਾਇਤ ਨੂੰ ਹਮੇਸ਼ਾ ਕਾਇਮ ਰੱਖਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਮਹਾਨ ਨਾਇਕਾਂ ਨੇ ਸੂਬਾ ਪੁਲਿਸ ਫੋਰਸ ਦੀ ਅਮੀਰ ਵਿਰਾਸਤ ਅਤੇ ਨੈਤਿਕਤਾ ਨੂੰ ਕਾਇਮ ਰੱਖਣ ਲਈ ਮਿਸਾਲੀ ਸੇਵਾਵਾਂ ਦਿੱਤੀਆਂ ਹਨ।
ਇਕ ਹੋਰ ਏਜੰਡੇ ‘ਤੇ ਚਰਚਾ ਕਰਦੇ ਹੋਏ ਮੁੱਖ ਮੰਤਰੀ ਨੇ ਪੁਲਿਸ ਦੇ ਵਿਗਿਆਨਕ ਲੀਹਾਂ ‘ਤੇ ਆਧੁਨਿਕੀਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਅਮਨ-ਕਾਨੂੰਨ ਨੂੰ ਕਾਇਮ ਰੱਖਣ ਦੇ ਆਪਣੇ ਮੁੱਖ ਫ਼ਰਜ਼ ਨੂੰ ਨਿਭਾਉਣ ਦੇ ਨਾਲ-ਨਾਲ ਹਮੇਸ਼ਾ ਹੀ ਦੇਸ਼ ਅਤੇ ਇਸ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਕੀਤੀ ਹੈ।
ਭਗਵੰਤ ਮਾਨ ਨੇ ਕਿਹਾ ਕਿ ਬਦਲਦੇ ਹਾਲਾਤ ਵਿੱਚ ਫੋਰਸ ਲਈ ਚੁਣੌਤੀਆਂ ਕਈ ਗੁਣਾ ਵੱਧ ਗਈਆਂ ਹਨ, ਜਿਸ ਕਾਰਨ ਇਨ੍ਹਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਲਈ ਆਧੁਨਿਕੀਕਰਨ ਸਮੇਂ ਦੀ ਲੋੜ ਹੈ। ਇਸ ਮੌਕੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂ ਪ੍ਰਸਾਦ, ਪ੍ਰਮੁੱਖ ਸਕੱਤਰ ਗ੍ਰਹਿ ਅਨੁਰਾਗ ਵਰਮਾ, ਡਾਇਰੈਕਟਰ ਜਨਰਲ ਪੁਲਿਸ ਗੌਰਵ ਯਾਦਵ ਅਤੇ ਹੋਰ ਵੀ ਮੌਜੂਦ ਸਨ।