July 7, 2024 8:49 pm
Punjab Police

ਪੰਜਾਬ ਪੁਲਿਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਵੋਟਿੰਗ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: DGP ਗੌਰਵ ਯਾਦਵ

ਚੰਡੀਗੜ੍ਹ, 18 ਮਾਰਚ 2024: ਭਾਰਤੀ ਚੋਣ ਕਮਿਸ਼ਨ ਵੱਲੋਂ 2024 ਦੀਆਂ ਚੋਣਾਂ ਲਈ ਰੂਪ-ਰੇਖਾ ਦਾ ਐਲਾਨ ਕਰਨ ਤੋਂ ਇੱਕ ਦਿਨ ਬਾਅਦ, ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ (Punjab Police) ਸਰਹੱਦੀ ਸੂਬੇ ਵਿੱਚ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਵੋਟਿੰਗ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਦਰਅਸਲ, ਡੀਜੀਪੀ ਗੌਰਵ ਯਾਦਵ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਦੇ ਨਾਲ ਸੂਬੇ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਹੈੱਡਕੁਆਰਟਰ ਤੋਂ ਸਾਰੇ ਸੀਨੀਅਰ ਪੁਲਿਸ ਅਧਿਕਾਰੀਆਂ, ਰੇਂਜ ਏਡੀਜੀਐਸਪੀ, ਆਈਜੀਐਸਪੀ, ਡੀਆਈਜੀ ਅਤੇ ਸੀਪੀਜ਼, ਐਸਐਸਪੀਜ਼ ਨਾਲ ਗੱਲਬਾਤ ਕਰ ਰਹੇ ਸਨ।

ਪੰਜਾਬ ਵਿੱਚ ਆਖਰੀ ਪੜਾਅ ਵਿੱਚ 1 ਜੂਨ ਨੂੰ ਵੋਟਾਂ ਪੈਣਗੀਆਂ, ਡੀਜੀਪੀ ਗੌਰਵ ਯਾਦਵ ਨੇ ਸਮੂਹ ਅਧਿਕਾਰੀਆਂ (Punjab Police) ਨੂੰ ਹਦਾਇਤ ਕੀਤੀ ਕਿ ਉਹ ਚੋਣ ਜ਼ਾਬਤੇ ਦੀ ਹਰ ਪਾਸਿਓਂ ਸਖ਼ਤੀ ਨਾਲ ਪਾਲਣਾ ਕਰਨ ਅਤੇ ਆਜ਼ਾਦ ਅਤੇ ਨਿਰਪੱਖ ਵੋਟਿੰਗ ਕਰਵਾਉਣ ਲਈ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਭਗੌੜਿਆਂ ਅਤੇ ਬੁਟਲੇਗਰਾਂ ਨੂੰ ਗ੍ਰਿਫਤਾਰ ਕਰਨ ਅਤੇ ਗੈਰ-ਜ਼ਮਾਨਤੀ ਵਾਰੰਟ ਲਾਗੂ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।

ਉਨ੍ਹਾਂ ਕਿਹਾ ਕਿ ਐਸ.ਐਸ.ਪੀਜ਼ ਅਤੇ ਸੀ.ਪੀਜ਼ ਨੂੰ ਵੀ ਨਜਾਇਜ਼ ਸ਼ਰਾਬ ਅਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਵਿੱਚ ਸ਼ਾਮਲ ਲੋਕਾਂ ‘ਤੇ ਚੌਕਸੀ ਨਾਲ ਨਜ਼ਰ ਰੱਖਣ ਲਈ ਕਿਹਾ ਗਿਆ ਹੈ। ਡੀਜੀਪੀ ਨੇ ਸੀਪੀਜ਼ ਅਤੇ ਐਸਐਸਪੀਜ਼ ਨੂੰ ਚੋਣ ਕਮਿਸ਼ਨ ਦੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਲੋਕਾਂ ਤੋਂ ਲਾਇਸੈਂਸੀ ਹਥਿਆਰ ਇਕੱਠੇ ਕਰਨ ਦੇ ਨਿਰਦੇਸ਼ ਦਿੱਤੇ ਹਨ।

ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਰਾਜ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਫੀਲਡ ਅਧਿਕਾਰੀਆਂ ਨੂੰ ਪੁਲਿਸ ਬਲ ਦਾ ਆਡਿਟ ਕਰਨ ਲਈ ਕਿਹਾ ਗਿਆ ਹੈ ਅਤੇ ਪੋਲਿੰਗ ਦੌਰਾਨ 75 ਪ੍ਰਤੀਸ਼ਤ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਰੇ ਸੀਪੀਜ਼, ਐਸਐਸਪੀਜ਼ ਨੂੰ ਪਹਿਲਾਂ ਹੀ ਆਪਣੇ ਅਧਿਕਾਰ ਖੇਤਰਾਂ ਵਿੱਚ ਫਲੈਗ ਮਾਰਚ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਸਮਾਜ ਵਿਰੋਧੀ ਅਨਸਰਾਂ ‘ਤੇ ਨਜ਼ਰ ਰੱਖੀ ਜਾ ਸਕੇ ਅਤੇ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਅਪਰਾਧੀਆਂ, ਬੁਟਲੇਗਰਾਂ ਅਤੇ ਨਸ਼ਾ ਤਸਕਰਾਂ ਦੀ ਆਵਾਜਾਈ ਨੂੰ ਰੋਕਣ ਲਈ ਅੰਤਰਰਾਜੀ ਸਰਹੱਦਾਂ ‘ਤੇ ਚੈਕਿੰਗ ਵਧਾ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਕੇਂਦਰੀ ਹਥਿਆਰਬੰਦ ਪੁਲਿਸ ਬਲ (ਸੀ.ਏ.ਪੀ.ਐਫ.) ਦੀਆਂ 25 ਕੰਪਨੀਆਂ ਸੂਬੇ ਦੇ ਸੰਵੇਦਨਸ਼ੀਲ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤੀਆਂ ਗਈਆਂ ਹਨ ਤਾਂ ਜੋ ਆਮ ਲੋਕਾਂ ਵਿੱਚ ਆਤਮ ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਸੂਬੇ ਦੇ ਸੰਵੇਦਨਸ਼ੀਲ ਅਤੇ ਕਮਜ਼ੋਰ ਖੇਤਰਾਂ ਵਿੱਚ ਸੁਖਾਵਾਂ ਮਾਹੌਲ ਸਿਰਜਿਆ ਜਾ ਸਕੇ। 25 ਕੰਪਨੀਆਂ ਵਿੱਚ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦੀਆਂ 5 ਕੰਪਨੀਆਂ, ਸੀਮਾ ਸੁਰੱਖਿਆ ਬਲ (ਬੀਐਸਐਫ) ਦੀਆਂ 15 ਕੰਪਨੀਆਂ ਅਤੇ ਇੰਡੋ-ਤਿੱਬਤੀ ਬਾਰਡਰ ਪੁਲਿਸ (ਆਈਟੀਬੀਪੀ) ਦੀਆਂ 5 ਕੰਪਨੀਆਂ ਸ਼ਾਮਲ ਹਨ। ਵਿਸ਼ੇਸ਼ ਡੀਜੀਪੀ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ ਸਾਰੇ ਪੁਲਿਸ ਅਧਿਕਾਰੀਆਂ ਨੂੰ ਵੀ ਭੇਜ ਦਿੱਤੇ ਗਏ ਹਨ।