ਚੰਡੀਗੜ੍ਹ, 9 ਅਗਸਤ 2024: ਪੰਜਾਬ ਪੁਲਿਸ (Punjab Police) ਨੇ ਆਗਾਮੀ ਆਜ਼ਾਦੀ ਦਿਹਾੜੇ -2024 ਦੇ ਮੱਦੇਨਜ਼ਰ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸ਼ੁਰੂ ਕੀਤੇ ਵਿਸ਼ੇਸ਼ ਅਭਿਆਨ ਤਹਿਤ ਅੱਜ ਸੂਬੇ ਭਰ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ‘ਤੇ ਤਲਾਸ਼ੀ ਮੁਹਿੰਮ ਚਲਾਈ। ਡੀਜੀਪੀ ਪੰਜਾਬ ਗੌਰਵ ਯਾਦਵ ਦੀਆਂ ਹਦਾਇਤਾਂ ’ਤੇ ਇਹ ਮੁਹਿੰਮ ਸਾਰੇ 28 ਪੁਲਿਸ ਜ਼ਿਲ੍ਹਿਆਂ ‘ਚ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਚਲਾਈ ਗਈ |
ਪੰਜਾਬ ਡੀਜੀਪੀ ਨੇ ਦੱਸਿਆ ਕਿ 2000 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀਆਂ 250 ਟੀਮਾਂ ਸੂਬੇ ਭਰ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ‘ਤੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ | ਉਨ੍ਹਾਂ ਦੱਸਿਆ ਕਿ ਸੂਬੇ ਭਰ ਦੇ 170 ਰੇਲਵੇ ਸਟੇਸ਼ਨਾਂ ‘ਤੇ ਚਲਾਏ ਗਏ ਇਸ ਆਪਰੇਸ਼ਨ ਦੌਰਾਨ ਪੁਲਿਸ ਟੀਮਾਂ (Punjab Police) ਨੇ 1778 ਵਿਅਕਤੀਆਂ ਦੀ ਜਾਂਚ ਕੀਤੀ, ਜਦਕਿ 31 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ‘ਚ ਲਿਆ ਗਿਆ | ਰੇਲਵੇ ਸਟੇਸ਼ਨਾਂ ਦੇ ਆਸ-ਪਾਸ ਵੱਖ-ਵੱਖ ਪਾਰਕਿੰਗਾਂ ਵਿੱਚ ਖੜ੍ਹੇ ਕੁੱਲ 1851 ਵਾਹਨਾਂ ਦੀ ਚੈਕਿੰਗ ਕੀਤੀ ਗਈ, ਜਿਨ੍ਹਾਂ ਵਿੱਚੋਂ 628 ਵਾਹਨ ਤਿੰਨ ਦਿਨਾਂ ਤੋਂ ਵੱਧ ਸਮੇਂ ਤੋਂ ਪਾਰਕ ਕੀਤੇ ਗਏ।