ਚੰਡੀਗੜ੍ਹ 28 ਸਤੰਬਰ 2023: ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪੁਲਿਸ ਵਲੋਂ ਗ੍ਰਿਫਤਾਰ ਕੀਤੇ ਜਾਣ ਮਗਰੋਂ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ (Manjinder Singh Sirsa) ਨੇ ਕਿਹਾ ਕਿ ਮੈਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਇਕ ਬਿਆਨ ਚੇਤੇ ਆ ਰਿਹਾ ਹੈ, ਜਿਸ ਵਿਚ ਉਨ੍ਹਾਂ ਕਿਹਾ ਕਿ ਮੈਨੂੰ ਪੁਲਿਸ ਦਿਓ, ਫ਼ਿਰ ਦੇਖੋ ਮੈਂ ਕੀ ਕਰਦਾ ਹਾਂ, ਇਸ ਲਈ ਦੇਖੋ ਉਨ੍ਹਾਂ ਕੀ ਕੀਤਾ।
ਇਸਦੇ ਨਾਲ ਹੀ ਮਨਜਿੰਦਰ ਸਿਰਸਾ ਨੇ ਆਖਿਆ ਕਿ ਜੇਕਰ ਕੋਈ ਵਿਅਕਤੀ ਕਿਸੇ ਚੀਜ਼ ਵਿਚ ਦੋਸ਼ੀ ਪਾਇਆ ਜਾਂਦਾ ਹੈ ਤਾਂ ਸਭ ਤੋਂ ਪਹਿਲਾਂ ਉਸ ਨੂੰ ਸੰਮਨ ਜਾਰੀ ਕਰ ਜਾਂਚ ਦੇ ਘੇਰੇ ਵਿਚ ਲਿਆਉਣਾ ਚਾਹੀਦਾ ਹੈ ਅਤੇ ਜੇਕਰ ਉਹ ਜਵਾਬ ਨਹੀਂ ਦਿੰਦਾ ਤਾਂ ਉਸ ਨੂੰ ਗ੍ਰਿਫਤਾਰ ਕਰਨਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਪੁਲਿਸ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ ਅਤੇ ਸੁਖਪਾਲ ਸਿੰਘ ਖਹਿਰਾ ਨੂੰ ਇਸ ਲਈ ਗ੍ਰਿਫਤਾਰ ਕੀਤਾ ਗਿਆ ਕਿਉਂਕਿ ਉਹ ਸਰਕਾਰ ਦੇ ਖ਼ਿਲਾਫ਼ ਬੋਲਦੇ ਸਨ।