ਚੰਡੀਗੜ੍ਹ, 29 ਅਗਸਤ 2025: Punjab flood news: ਭਾਰੀ ਮੀਂਹ ਕਾਰਨ ਸਤਲੁਜ, ਬਿਆਸ, ਰਾਵੀ ਅਤੇ ਉਝ ਦਰਿਆਵਾਂ ‘ਚ ਪਾੜ ਪੈਣ ਜਾਂ ਪਾਣੀ ਦੇ ਓਵਰਫਲੋਅ ਹੋਣ ਕਾਰਨ ਪੈਦਾ ਹੋਈ ਹੜ੍ਹ ਵਰਗੀ ਸਥਿਤੀ ਦੇ ਮੱਦੇਨਜ਼ਰ ਪੰਜਾਬ ਪੁਲਿਸ, ਭਾਰਤੀ ਫੌਜ, ਸੀਮਾ ਸੁਰੱਖਿਆ ਬਲ (ਬੀਐਸਐਫ), ਰਾਸ਼ਟਰੀ ਆਫ਼ਤ ਪ੍ਰਤੀਕਿਰਿਆ ਬਲ (ਐਨਡੀਆਰਐਫ), ਰਾਜ ਆਫ਼ਤ ਪ੍ਰਤੀਕਿਰਿਆ ਬਲ (ਐਸਡੀਆਰਐਫ) ਅਤੇ ਸਿਵਲ ਪ੍ਰਸ਼ਾਸਨ ਦੀਆਂ ਟੀਮਾਂ ਮਿਲ ਕੇ ਕੰਮ ਕਰ ਰਹੀਆਂ ਹਨ ਅਤੇ ਹੁਣ ਤੱਕ 7689 ਜਣਿਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚੋਂ ਕੱਢ ਕੇ ਸੁਰੱਖਿਅਤ ਥਾਵਾਂ ‘ਤੇ ਭੇਜਿਆ ਗਿਆ ਹੈ। ਇਹ ਜਾਣਕਾਰੀ ਅੱਜ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦਿੱਤੀ ਹੈ।
ਪੰਜਾਬ ‘ਚ ਹੜ੍ਹ ਤੋਂ ਪ੍ਰਭਾਵਿਤ ਜ਼ਿਲ੍ਹਿਆਂ ‘ਚ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਕਪੂਰਥਲਾ, ਤਰਨਤਾਰਨ, ਫਾਜ਼ਿਲਕਾ ਅਤੇ ਫਿਰੋਜ਼ਪੁਰ ਸ਼ਾਮਲ ਹਨ। ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਸੂਬੇ ‘ਚ ਸਥਿਤੀ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਹਨ | ਉਨ੍ਹਾਂ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਰਾਹਤ ਕੈਂਪ ਸਥਾਪਤ ਕੀਤੇ ਹਨ ਜਿੱਥੇ ਲੋਕਾਂ ਲਈ ਭੋਜਨ ਅਤੇ ਦਵਾਈਆਂ ਦੇ ਲੰਗਰ ਲਗਾਏ ਗਏ ਹਨ ਅਤੇ ਜਾਨਵਰਾਂ ਲਈ ਚਾਰਾ ਵੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਲੋਕਾਂ ਨੂੰ ਕੱਢਣ ਅਤੇ ਭੋਜਨ ਪੈਕੇਟ ਅਤੇ ਹੋਰ ਜ਼ਰੂਰੀ ਚੀਜ਼ਾਂ ਪਹੁੰਚਾਉਣ ਲਈ ਡਰੋਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ ਲੋਕਾਂ ਨੂੰ ਕੱਢਣ ਅਤੇ ਸੁਰੱਖਿਅਤ ਥਾਵਾਂ ‘ਤੇ ਲਿਜਾਣ ਲਈ ਭਾਰਤੀ ਫੌਜ ਦੇ 20 ਹੈਲੀਕਾਪਟਰ ਸੂਬੇ ‘ਚ ਤਾਇਨਾਤ ਹਨ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਐਸਐਸਪੀਜ਼ ਨੂੰ ਹਦਾਇਤ ਕੀਤੀ ਹੈ ਕਿ ਉਹ ਫੀਲਡ ‘ਚ ਰਹਿਣ ਅਤੇ ਆਪਣੇ-ਆਪਣੇ ਜ਼ਿਲ੍ਹਿਆਂ ‘ਚ ਸਥਿਤੀ ਦੀ ਨਿਯਮਤ ਤੌਰ ‘ਤੇ ਨਿਗਰਾਨੀ ਰੱਖਣ। ਉਨ੍ਹਾਂ ਕਿਹਾ ਕਿ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ ਅਤੇ ਐਸਐਸਪੀਜ਼ ਖੁਦ ਰਾਹਤ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ ਅਤੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਜਾ ਰਿਹਾ ਹੈ।
ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਮੌਸਮ ਵਿਭਾਗ ਵੱਲੋਂ ਚਾਰ ਦਿਨਾਂ ਦਾ ਅਲਰਟ ਜਾਰੀ ਕਰਨ ਦੇ ਨਾਲ, ਪੰਜਾਬ ਪੁਲਿਸ ਨੂੰ ਹੜ੍ਹ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਅਲਰਟ ‘ਤੇ ਰੱਖਿਆ ਹੈ।
Read More: CM ਭਗਵੰਤ ਮਾਨ ਵੱਲੋਂ ਮੰਤਰੀਆਂ ਨੂੰ ਹੜ੍ਹ ਸੰਕਟ ਦੌਰਾਨ ਫੀਲਡ ‘ਚ ਰਹਿਣ ਦੇ ਨਿਰਦੇਸ਼