Punjab Police

Punjab Police: ਨਵ-ਨਿਯੁਕਤ ਪੁਲਿਸ ਮੁਲਾਜ਼ਮਾਂ ਨੇ ਭਰਤੀ ਨੂੰ ਲੈ ਕੇ ਆਪਣੇ ਵਿਚਾਰ ਕੀਤੇ ਸਾਂਝੇ

ਚੰਡੀਗੜ੍ਹ, 16 ਨਵੰਬਰ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਪੰਜਾਬ ਪੁਲਿਸ (Punjab Police) ‘ਚ ਨਵ-ਨਿਯੁਕਤ 1205 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ | ਇਸ ਦੌਰਾਨ ਨਵ-ਨਿਯੁਕਤ ਮੁਲਾਜ਼ਮਾਂ ਨੇ ਆਪਣੇ ਵਿਚਾਰ ਵੀ ਸਾਂਝੇ ਕੀਤੇ | ਨਵ-ਨਿਯੁਕਤ ਮੁਲਾਜ਼ਮਾਂ ਨੇ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਸਰਕਾਰੀ ਨੌਕਰੀਆਂ ਦੇਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਹੈ।

ਨਵ-ਨਿਯੁਕਤ ਕਾਂਸਟੇਬਲ ਮਨਿੰਦਰ ਸਿੰਘ ਨੇ ਆਪਣੀ ਨਿਯੁਕਤੀ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਵਿਦੇਸ਼ ਜਾਣ ਦੀ ਯੋਜਨਾ ਬਣਾ ਰਹੇ ਸਨ ਪਰ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸੂਬੇ ਦੀ ਸੇਵਾ ਕਰਨ ਦਾ ਮੌਕਾ ਦੇ ਕੇ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਕਰ ਲਿਆ ਹੈ।

ਨਵ-ਨਿਯੁਕਤ ਕਾਂਸਟੇਬਲ ਸੰਦੀਪ ਕੌਰ ਨੇ ਨਿਰਪੱਖ ਭਰਤੀ ਪ੍ਰਕਿਰਿਆ ਲਈ ਮੁੱਖ ਮੰਤਰੀ ਮਾਨ ਦਾ ਧੰਨਵਾਦ ਕੀਤਾ, ਜਿਸ ਦੀ ਬਦੌਲਤ ਉਹ ਪੁਲਿਸ ਫੋਰਸ ‘ਚ ਭਰਤੀ ਹੋ ਸਕੀ। ਸੰਦੀਪ ਨੇ ਭਾਵੁਕ ਹੋ ਕੇ ਦੱਸਿਆ ਕਿ ਉਹ ਆਪਣੇ ਪਰਿਵਾਰ ਦੀ ਪਹਿਲੀ ਸਰਕਾਰੀ ਮੁਲਾਜ਼ਮ ਹੈ, ਜੋ ਉਸ ਲਈ ਅਤੇ ਉਸ ਦੇ ਪਰਿਵਾਰ ਲਈ ਮਾਣ ਵਾਲੀ ਗੱਲ ਹੈ।

ਇਸ ਦੌਰਾਨ ਅੰਮ੍ਰਿਤਪਾਲ ਸਿੰਘ ਨੇ ਵੀ ਭਾਵੁਕ ਹੁੰਦਿਆਂ ਕਿਹਾ ਕਿ ਮੇਰੀ ਮਾਤਾ ਕੈਂਸਰ ਦੀ ਮਰੀਜ਼ ਹੈ ਅਤੇ ਮੈਨੂੰ ਅੱਜ ਸਰਕਾਰੀ ਨੌਕਰੀ ਮਿਲਣਾ ਸਰਕਾਰ ਵੱਲੋਂ ਸਾਡੇ ਪਰਿਵਾਰ ਲਈ ਸਭ ਤੋਂ ਵੱਡਾ ਤੋਹਫਾ ਹੈ। ਮੈਨੂੰ ਖੁਸ਼ੀ ਹੈ ਕਿ ਭਰਤੀ ਪ੍ਰਕਿਰਿਆ ਪੂਰੀ ਪਾਰਦਰਸ਼ੀ ਢੰਗ ਨਾਲ ਹੋਈ ਹੈ।

ਇਸ ਦੌਰਾਨ ਨਵ-ਨਿਯੁਕਤ ਮਹਿਲਾ ਪੁਲਿਸ ਮੁਲਾਜ਼ਮ (Punjab Police) ਜਸਬੀਰ ਕੌਰ ਨੇ ਕਿਹਾ ਕਿ ਪੁਲਿਸ ‘ਚ ਭਰਤੀ ਹੋਣਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਉਨ੍ਹਾਂ ਨੂੰ ਇਹ ਅਹਿਮ ਮੌਕਾ ਦੇਣ ਲਈ ਮੁੱਖ ਮੰਤਰੀ ਪੰਜਾਬ ਦਾ ਧੰਨਵਾਦੀ ਹੈ। ਇਹ ਨੌਕਰੀ ਉਸ ਲਈ ਸੁਪਨੇ ਦੇ ਸਾਕਾਰ ਹੋਣ ਵਰਗੀ ਹੈ।

ਇਸ ਦੌਰਾਨ ਕਾਂਸਟੇਬਲ ਮਨਪ੍ਰੀਤ ਸਿੰਘ ਨੇ ਕਿਹਾ ਕਿ ਉਹ ਸਾਬਕਾ ਫੌਜੀ ਹਨ ਅਤੇ ਇਸ ਨੌਕਰੀ ਲਈ ਚੁਣਿਆ ਜਾਣਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਨੇ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਵੱਲ ਲਿਜਾਣ ਲਈ ਕੀਤੇ ਇਸ ਨੇਕ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਕੀਤਾ ਹੈ ।

ਇਕ ਹੋਰ ਕਾਂਸਟੇਬਲ ਸ਼ਰਨਜੀਤ ਕੌਰ ਨੇ ਦੱਸਿਆ ਕਿ ਉਹ ਇਸ ਨੌਕਰੀ ਲਈ ਸਖ਼ਤ ਮਿਹਨਤ ਕਰ ਰਹੀ ਸੀ ਪਰ ਮੁੱਖ ਮੰਤਰੀ ਮਾਨ ਵੱਲੋਂ ਹਰ ਸਾਲ ਭਰਤੀ ਕਰਨ ਦੇ ਵਾਅਦੇ ਕਾਰਨ ਉਸ ਦਾ ਇਹ ਸੁਪਨਾ ਸਾਕਾਰ ਹੋ ਸਕਿਆ ਹੈ। ਉਨ੍ਹਾਂ ਨੇ ਭਰਤੀ ਲਈ ਬਿਨਾਂ ਸਿਫ਼ਾਰਸ਼ ਅਤੇ ਰਿਸ਼ਵਤਖੋਰੀ ਦੇ ਨਿਰਪੱਖ ਅਤੇ ਪਾਰਦਰਸ਼ੀ ਪ੍ਰਕਿਰਿਆ ਲਈ ਇਸ ਇਕਲੌਤੇ ਉਪਰਾਲੇ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਹੈ ।

Scroll to Top