Site icon TheUnmute.com

ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਦੇ ਕਰੀਬੀ ਸਾਥੀਆਂ ਦੇ 264 ਟਿਕਾਣਿਆਂ ‘ਤੇ ਛਾਪੇਮਾਰੀ

Punjab police

ਚੰਡੀਗੜ੍ਹ, 25 ਸਤੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਪੰਜਾਬ ਪੁਲਿਸ (Punjab Police) ਨੇ ਅੱਜ ਗੈਂਗਸਟਰਾਂ ਅਤੇ ਦੇਸ਼ ਵਿਰੋਧੀ ਤੱਤਾਂ ਦੇ ਸਾਥੀਆਂ ਨਾਲ ਸਬੰਧਤ ਵਿਅਕਤੀਆਂ ਦੇ ਸ਼ੱਕੀ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਇਹ ਛਾਪੇਮਾਰੀ ਮੁਹਿੰਮ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਭਰ ਵਿੱਚ ਇੱਕੋ ਸਮੇਂ ਚਲਾਈ ਗਈ।

ਸੂਬੇ ਦੇ ਸਮੂਹ 28 ਪੁਲਿਸ ਜ਼ਿਲ੍ਹਿਆਂ ਵਿੱਚ ਚਲਾਏ ਗਏ ਇਸ ਅਪਰੇਸ਼ਨ ਦੌਰਾਨ ਵੱਖ-ਵੱਖ ਗੈਂਗਸਟਰਾਂ ਦੇ ਨਜ਼ਦੀਕੀ ਸਾਥੀਆਂ ਨਾਲ ਸਬੰਧਤ 264 ਰਿਹਾਇਸ਼ੀ ਅਤੇ ਹੋਰ ਵੱਖ-ਵੱਖ ਟਿਕਾਣਿਆਂ ਦੀ ਚੰਗੀ ਤਰ੍ਹਾਂ ਚੈਕਿੰਗ ਕੀਤੀ ਗਈ।

ਏ.ਡੀ.ਜੀ.ਪੀ. ਕਾਨੂੰਨ ਤੇ ਵਿਵਸਥਾ ਗੁਰਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਹਦਾਇਤ ਕੀਤੀ ਗਈ ਸੀ ਕਿ ਉਹ ਇਸ ਅਪਰੇਸ਼ਨ ਨੂੰ ਸਫ਼ਲ ਬਣਾਉਣ ਲਈ ਇੰਸਪੈਕਟਰ ਜਾਂ ਸਬ-ਇੰਸਪੈਕਟਰ ਦੀ ਅਗਵਾਈ ਵਿੱਚ ਪੁਲਿਸ ਟੀਮਾਂ ਤਾਇਨਾਤ ਕਰਨ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੂੰ ਇਸ ਕਾਰਵਾਈ ਦੌਰਾਨ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈਣ ਲਈ ਵੀ ਕਿਹਾ ਗਿਆ ਸੀ।

ਉਨ੍ਹਾਂ ਕਿਹਾ ਕਿ 500 ਪੁਲਿਸ ਮੁਲਾਜ਼ਮਾਂ (Punjab Police) ਦੀ ਸ਼ਮੂਲੀਅਤ ਵਾਲੀਆਂ ਪੰਜਾਬ ਪੁਲਿਸ ਦੀਆਂ 150 ਤੋਂ ਵੱਧ ਟੀਮਾਂ ਨੇ ਗੈਂਗਸਟਰਾਂ ਨਾਲ ਸਬੰਧਤ 264 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਅਤੇ 229 ਵਿਅਕਤੀਆਂ ਦੀ ਤਲਾਸ਼ੀ ਵੀ ਲਈ। ਉਨ੍ਹਾਂ ਕਿਹਾ ਕਿ ਇਸ ਆਪਰੇਸ਼ਨ ਦੀ ਯੋਜਨਾ ਸੂਬੇ ਵਿੱਚ ਗ੍ਰਿਫਤਾਰ ਕੀਤੇ ਗਏ ਵੱਖ-ਵੱਖ ਗਿਰੋਹਾਂ ਦੇ ਮੈਂਬਰਾਂ ਤੋਂ ਪੁੱਛਗਿੱਛ ਤੋਂ ਬਾਅਦ ਬਣਾਈ ਗਈ ਸੀ।

ਇਸ ਕਾਰਵਾਈ ਦੌਰਾਨ ਪੁਲਿਸ ਟੀਮਾਂ ਨੇ ਇਨ੍ਹਾਂ ਅਪਰਾਧੀਆਂ ਨਾਲ ਸਬੰਧਤ ਘਰਾਂ ਅਤੇ ਵੱਖ-ਵੱਖ ਥਾਵਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਅਤੇ ਇਲੈਕਟ੍ਰਾਨਿਕ ਉਪਕਰਣਾਂ ਤੋਂ ਡਾਟਾ ਵੀ ਇਕੱਠਾ ਕੀਤਾ, ਜਿਸ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ। ਪੁਲਿਸ ਟੀਮਾਂ ਨੇ ਦੋ ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਵੀ ਲਿਆ ਹੈ।

ਜ਼ਿਕਰਯੋਗ ਹੈ ਕਿ ਅਜਿਹੀਆਂ ਛਾਪੇਮਾਰੀਆਂ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਦਿਆਂ ਸਮਾਜ ਵਿਰੋਧੀ ਤੱਤਾਂ ਵਿੱਚ ਡਰ ਪੈਦਾ ਕਰਨ ਵਿੱਚ ਵਧੇਰੇ ਮਦਦਗਾਰ ਸਾਬਿਤ ਹੁੰਦੀਆਂ ਹਨ।

Exit mobile version