ਚੰਡੀਗੜ੍ਹ, 20 ਮਾਰਚ 2025: ਪੰਜਾਬ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਬੀਤੇ ਦਿਨ 567 ਥਾਵਾਂ ‘ਤੇ ਛਾਪੇਮਾਰੀ ਕੀਤੀ। ਇਸ ਸਮੇਂ ਦੌਰਾਨ, 111 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 74 ਐਫਆਈਆਰ ਦਰਜ ਕੀਤੀਆਂ। ਇਸ ਨਾਲ ਪਿਛਲੇ 19 ਦਿਨਾਂ ‘ਚ ਨਸ਼ਾ ਤਸਕਰਾਂ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਕੁੱਲ ਗਿਣਤੀ 2366 ਹੋ ਗਈ ਹੈ।
ਪੰਜਾਬ ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੇ ਕਬਜ਼ੇ ‘ਚੋਂ 3.5 ਕਿਲੋ ਹੈਰੋਇਨ, 1.6 ਕਿਲੋ ਅਫੀਮ, 2050 ਨਸ਼ੀਲੀਆਂ ਗੋਲੀਆਂ/ਕੈਪਸੂਲ/ਟੀਕੇ ਅਤੇ 52,310 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਪੁਲਿਸ ਨੇ ਇਹ ਕਾਰਵਾਈ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਪੰਜਾਬ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ‘ਚ ਇੱਕੋ ਸਮੇਂ ਕੀਤੀ ।
ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਇਸ ਲੜਾਈ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ‘ਚ 5 ਮੈਂਬਰੀ ਕੈਬਨਿਟ ਸਬ-ਕਮੇਟੀ ਦਾ ਗਠਨ ਵੀ ਕੀਤਾ ਹੈ।
ਸਪੈਸ਼ਲ ਡੀਜੀਪੀ (ਕਾਨੂੰਨ ਅਤੇ ਵਿਵਸਥਾ) ਅਰਪਿਤ ਸ਼ੁਕਲਾ ਨੇ ਕਿਹਾ ਕਿ 89 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1,800 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 250 ਤੋਂ ਵੱਧ ਪੁਲਿਸ ਟੀਮਾਂ ਨੇ ਪੰਜਾਬ ਭਰ ‘ਚ ਛਾਪੇਮਾਰੀ ਕੀਤੀ। ਇਸ ਦਿਨ ਭਰ ਚੱਲੇ ਆਪ੍ਰੇਸ਼ਨ ‘ਚ 652 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ।
ਸਪੈਸ਼ਲ ਡੀਜੀਪੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਦੀ ਦੁਰਵਰਤੋਂ ਨੂੰ ਖਤਮ ਕਰਨ ਲਈ ਤਿੰਨ-ਪੱਖੀ ਰਣਨੀਤੀ ਲਾਗੂ ਕੀਤੀ ਹੈ | ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਹੈ | ਸੂਬੇ ਭਰ ‘ਚ 122 ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ।
Read More: Punjab Police: ਪੰਜਾਬ ਪੁਲਿਸ ਦੀ ਭ੍ਰਿਸ਼ਟਾਚਾਰ ਖ਼ਿਲਾਫ ਵੱਡੀ ਕਾਰਵਾਈ, 52 ਪੁਲਿਸ ਅਧਿਕਾਰੀ ਬਰਖਾਸਤ