ਚੰਡੀਗੜ੍ਹ, 11 ਮਾਰਚ 2025: ਪੰਜਾਬ ਪੁਲਿਸ (Punjab Police) ਨੇ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਲਗਾਤਾਰ 11 ਵੇਂ ਦਿਨ ਜਾਰੀ ਰੱਖਦਿਆਂ 580 ਥਾਵਾਂ ‘ਤੇ ਛਾਪੇਮਾਰੀ ਕੀਤੀ। ਪੁਲਿਸ ਮੁਤਾਬਕ ਸੂਬੇ ਭਰ ‘ਚ 110 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 68 ਐਫਆਈਆਰ ਦਰਜ ਕੀਤੀਆਂ ਗਈਆਂ। ਇਸ ਤਰ੍ਹਾਂ 11 ਦਿਨਾਂ ‘ਚ ਗ੍ਰਿਫ਼ਤਾਰੀ ਦੀ ਕੁੱਲ ਗਿਣਤੀ 1540 ਤੱਕ ਪਹੁੰਚ ਗਈ ਹੈ।
ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਤਸਕਰਾਂ ਦੇ ਕਬਜ਼ੇ ‘ਚੋਂ 2.8 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 10,904 ਨਸ਼ੀਲੀਆਂ ਗੋਲੀਆਂ /ਟੀਕੇ ਅਤੇ 2.88 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ | ਡੀਜੀਪੀ ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ‘ਚ ਇੱਕੋ ਸਮੇਂ ਕੀਤੀ ਹੈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ (Punjab Police) ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟਾਂ ਨੂੰ ਤਿੰਨ ਮਹੀਨਿਆਂ ਦੇ ਅੰਦਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਮੁਹਿੰਮ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਪੰਜ ਮੈਂਬਰੀ ਕੈਬਨਿਟ ਸਬ-ਕਮੇਟੀ ਵੀ ਬਣਾਈ ਹੈ।
ਵਿਸ਼ੇਸ਼ ਡੀਜੀਪੀ (ਕਾਨੂੰਨ ਅਤੇ ਵਿਵਸਥਾ) ਅਰਪਿਤ ਸ਼ੁਕਲਾ ਨੇ ਦੱਸਿਆ ਕਿ 107 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1,600 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 220 ਤੋਂ ਵੱਧ ਪੁਲਿਸ ਟੀਮਾਂ ਨੇ ਪੰਜਾਬ ਭਰ ‘ਚ ਛਾਪੇਮਾਰੀ ਕੀਤੀ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 631 ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ।
ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਨਸ਼ਾ ਛੁਡਾਊ ਅਤੇ ਰੋਕਥਾਮ (ਈਡੀਪੀ) – ਲਾਗੂ ਕੀਤੀ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਨਸ਼ਾ ਛੁਡਾਊ’ ਹਿੱਸੇ ਵਜੋਂ 1 ਵਿਅਕਤੀ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਹੈ, ਜਦਕਿ ਰੋਕਥਾਮ ਦੇ ਹਿੱਸੇ ਤਹਿਤ ਅੱਜ ਸੂਬੇ ਭਰ ‘ਚ 146 ਜਾਗਰੂਕਤਾ ਸਮਾਗਮ ਕਰਵਾਏ।
ਇਹ ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਜੇਲ੍ਹਾਂ ‘ਚ ਕਿਸੇ ਵੀ ਤਰ੍ਹਾਂ ਦੀਆਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਪੰਜ ਜ਼ਿਲ੍ਹਿਆਂ – ਫਾਜ਼ਿਲਕਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ ਅਤੇ ਮੋਗਾ ਦੀਆਂ ਵੱਖ-ਵੱਖ ਜੇਲ੍ਹਾਂ ‘ਚ ਵੀ ਤਲਾਸ਼ੀ ਮੁਹਿੰਮ ਚਲਾਈ। ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਜੇਲ੍ਹ ਦੇ ਹਰ ਕੋਨੇ ਦੀ ਡੂੰਘਾਈ ਨਾਲ ਤਲਾਸ਼ੀ ਲਈ, ਜਿਸ ‘ਚ ਬੈਰਕ, ਰਸੋਈ ਅਤੇ ਟਾਇਲਟ ਸ਼ਾਮਲ ਹਨ।
Read More: ਪੰਜਾਬ ਪੁਲਿਸ ਵੱਲੋਂ ਸੜਕ ਸੁਰੱਖਿਆ ਦੇ ਹੋਰ ਉਪਰਾਲਿਆਂ ਲਈ ਦੋ ਫਾਊਂਡੇਸ਼ਨਾਂ ਕੀਤਾ ਸਮਝੌਤਾ