ਪੰਜਾਬ ਪੁਲਿਸ

ਪੰਜਾਬ ਪੁਲਿਸ ਦੀ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਦੇ ਘਰਾਂ ‘ਤੇ ਛਾਪੇਮਾਰੀ

ਚੰਡੀਗੜ੍ਹ, 08 ਅਗਸਤ 2025: ਪੰਜਾਬ ਪੁਲਿਸ ਨੇ ਆਉਣ ਵਾਲੇ ਆਜ਼ਾਦੀ ਦਿਵਸ ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਪਿਛਲੇ ਤਿੰਨ ਸਾਲਾਂ ‘ਚ ਅਸਲਾ ਐਕਟ ਅਧੀਨ ਤਿੰਨ ਤੋਂ ਵੱਧ ਮਾਮਲਿਆਂ ‘ਚ ਸ਼ਾਮਲ ਵਿਅਕਤੀਆਂ ਦੇ ਘਰਾਂ ‘ਤੇ ਇੱਕੋ ਸਮੇਂ ਛਾਪੇਮਾਰੀ ਕੀਤੀ | ਪੁਲਿਸ ਨੇ ਇਹ ਕਾਰਵਾਈ ਡੀਜੀਪੀ ਗੌਰਵ ਯਾਦਵ ਦੇ ਹੁਕਮਾਂ ‘ਤੇ ਆਉਣ ਵਾਲੇ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਕੀਤੀ ਹੈ।

ਇਸ ਸੰਬੰਧੀ ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਇਹ ਪੁਲਿਸ ਕਾਰਵਾਈ ਸੂਬੇ ਭਰ ‘ਚ ਇੱਕੋ ਸਮੇਂ ਕੀਤੀ ਸੀ ਅਤੇ ਸਾਰੇ ਸੀਪੀ/ਐਸਐਸਪੀ ਨੂੰ ਇਨ੍ਹਾਂ ਵਿਅਕਤੀਆਂ ਦੇ ਘਰਾਂ ਦੀ ਤਲਾਸ਼ੀ ਲੈਣ ਲਈ ਗਜ਼ਟਿਡ ਰੈਂਕ ਦੇ ਅਧਿਕਾਰੀ ਦੀ ਨਿਗਰਾਨੀ ਹੇਠ ਲੋੜੀਂਦੀ ਗਿਣਤੀ ‘ਚ ਪੁਲਿਸ ਟੀਮਾਂ ਤਾਇਨਾਤ ਕਰਨ ਲਈ ਕਿਹਾ ਸੀ।

ਉਨ੍ਹਾਂ ਦੱਸਿਆ ਕਿ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਪੁਲਿਸ ਪਾਰਟੀਆਂ ਨੇ ਪਿਛਲੇ ਤਿੰਨ ਸਾਲਾਂ ‘ਚ ਅਸਲਾ ਐਕਟ ਤਹਿਤ ਤਿੰਨ ਤੋਂ ਵੱਧ ਮਾਮਲਿਆਂ ‘ਚ ਸ਼ਾਮਲ ਘੱਟੋ-ਘੱਟ 205 ਵਿਅਕਤੀਆਂ ਦੇ ਘਰਾਂ ‘ਤੇ ਛਾਪੇਮਾਰੀ ਕੀਤੀ।

ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਇਸ ਕਾਰਵਾਈ ਦਾ ਉਦੇਸ਼ ਅਜਿਹੇ ਵਿਅਕਤੀਆਂ ਦੇ ਠਿਕਾਣਿਆਂ ਦੀ ਜਾਂਚ ਕਰਨਾ ਸੀ | ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਤੱਤਾਂ ‘ਤੇ ਨਜ਼ਰ ਰੱਖਣ ਲਈ ਸੂਬੇ ਭਰ ਵਿੱਚ 400 ਤੋਂ ਵੱਧ ਮਜ਼ਬੂਤ ਚੌਕੀਆਂ ਸਥਾਪਤ ਕੀਤੀਆਂ ਹਨ।

ਇਸ ਤੋਂ ਇਲਾਵਾ ਸੂਬੇ ‘ਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਲਗਾਤਾਰ 159ਵੇਂ ਦਿਨ “ਯੁੱਧ ਨਸ਼ਿਆਂ ਵਿਰੁੱਧ” ਜਾਰੀ ਰੱਖਦੇ ਹੋਏ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ‘ਚ 388 ਥਾਵਾਂ ‘ਤੇ ਛਾਪੇਮਾਰੀ ਕੀਤੀ, 82 ਐਫਆਈਆਰ ਦਰਜ ਕੀਤੀਆਂ | ਪੁਲਿਸ ਮੁਤਾਬਕ 128 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ । ਇਸ ਨਾਲ 159 ਦਿਨਾਂ ‘ਚ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 25,063 ਹੋ ਗਈ ਹੈ।

ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਛਾਪਿਆਂ ਦੌਰਾਨ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰਾਂ ਤੋਂ 1.4 ਕਿਲੋਗ੍ਰਾਮ ਹੈਰੋਇਨ, 3.7 ਕਿਲੋਗ੍ਰਾਮ ਅਫੀਮ ਅਤੇ 12,655 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ।

ਉਨ੍ਹਾਂ ਕਿਹਾ ਕਿ 76 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1100 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ‘ਚ ਛਾਪੇਮਾਰੀ ਕੀਤੀ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 418 ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ। ਪੰਜਾਬ ਪੁਲਿਸ ਨੇ ਅੱਜ 62 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦੇ ਇਲਾਜ ਲਈ ਰਾਜ਼ੀ ਕੀਤਾ।

Read More: ਪੰਜਾਬ ਪੁਲਿਸ ਦੀ 356 ਥਾਵਾਂ ‘ਤੇ ਛਾਪੇਮਾਰੀ, ਨਸ਼ਾ ਤਸਕਰੀ ‘ਚ 87 ਜਣੇ ਗ੍ਰਿਫਤਾਰ

ਵਿਦੇਸ਼

Scroll to Top