ਨਿੱਜੀ ਦਸਤਾਵੇਜ਼

ਪੰਜਾਬ ‘ਚ ਨਿੱਜੀ ਦਸਤਾਵੇਜ਼ ਪ੍ਰਾਪਤ ਕਰਨ ਸੰਬੰਧੀ ਪੰਜਾਬ ਪੁਲਿਸ ਨੂੰ ਮਿਲੀਆਂ ਸ਼ਿਕਾਇਤਾਂ

ਚੰਡੀਗੜ੍ਹ, 22 ਅਗਸਤ 2025: ਪੰਜਾਬ ਪੁਲਿਸ ਨੇ ਦੱਸਿਆ ਕਿ ਸੂਬੇ ਚੋਂ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਪੁਲਿਸ ਨੂੰ ਸ਼ਿਕਾਇਤਾਂ ਮਿਲੀਆਂ ਹਨ ਕਿ ਕੁਝ ਲੋਕ ਇੱਕ ਵਿਸ਼ੇਸ਼ ਰਾਜਨੀਤਿਕ ਪਾਰਟੀ ਤੋਂ ਹੋਣ ਦਾ ਦਾਅਵਾ ਕਰਦੇ ਹੋਏ, ਨਾ ਸਿਰਫ ਲੋਕਾਂ ਦਾ ਨਿੱਜੀ ਡੇਟਾ ਇਕੱਠਾ ਕਰ ਰਹੇ ਹਨ, ਸਗੋਂ ਲੋਕਾਂ ਦੇ ਸਰਕਾਰੀ ਕੰਮ ਕਰਵਾਉਣ ਲਈ ਉਨ੍ਹਾ ਤੋਂ ਕਮਿਸ਼ਨ ਦੇ ਰੂਪ ‘ਚ ਪੈਸੇ ਵੀ ਇਕੱਠੇ ਕਰ ਰਹੇ ਹਨ।

ਇਸ ਸਬੰਧੀ ਜਾਣਕਾਰੀ ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਕੁਝ ਨਾਗਰਿਕਾਂ ਨੇ ਇਹ ਵੀ ਸ਼ਿਕਾਇਤ ਕੀਤੀ ਹੈ ਕਿ ਅਜਿਹੇ ਕੁਝ ਵਿਅਕਤੀਆਂ ਨੇ ਖੁਦ ਨੂੰ ਇੱਕ ਖਾਸ ਰਾਜਨੀਤਕ ਪਾਰਟੀ ਨਾਲ ਸੰਬੰਧਿਤ ਦੱਸ ਕੇ ਉਨ੍ਹਾਂ ਨਾਲ ਸੰਪਰਕ ਕੀਤਾ ਅਤੇ ਵਰਗਲਾ ਕੇ ਉਨ੍ਹਾਂ ਤੋਂ ਉਨ੍ਹਾਂ ਦੇ ਬੈਂਕ ਖਾਤਾ ਨੰਬਰ ਲੈ ਲਏ ਅਤੇ ਬਾਅਦ ‘ਚ ਉਨ੍ਹਾਂ ਦੇ ਬੈਂਕ ਖਾਤੇ ਖਾਲੀ ਹੋ ਗਏ।

ਪੁਲਿਸ ਦੇ ਬੁਲਾਰੇ ਮੁਤਾਬਕ ਅਜਿਹੀਆਂ ਸਾਰੀਆਂ ਸ਼ਿਕਾਇਤਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੁਲਿਸ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਕਿ ਉਹ ਅਜਿਹੇ ਸਮਾਜ ਵਿਰੋਧੀ ਅਨਸਰਾਂ ਤੋਂ ਦੂਰ ਰਹਿਣ ਅਤੇ ਕਿਸੇ ਨੂੰ ਵੀ ਕੋਈ ਨਿੱਜੀ ਡੇਟਾ ਨਾ ਦੇਣ ਕਿਉਂਕਿ ਇਸਦੀ ਦੁਰਵਰਤੋਂ ਹੋ ਸਕਦੀ ਹੈ।

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣਾ ਸਰਕਾਰੀ ਕੰਮ ਕਰਵਾਉਣ ਲਈ ਅਜਿਹੇ ਕਿਸੇ ਵੀ ਨਿੱਜੀ ਗੈਰ-ਕਾਨੂੰਨੀ ਲੋਕਾਂ ਕੋਲ ਵੀ ਨਹੀਂ ਜਾਣਾ ਚਾਹੀਦਾ। ਪੰਜਾਬ ਸਰਕਾਰ ਨੇ ਪੰਜਾਬ ਭਰ ‘ਚ ਬਹੁਤ ਸਾਰੇ ‘ਸੇਵਾ ਕੇਂਦਰ’ ਸਥਾਪਤ ਕੀਤੇ ਹਨ। ਲੋਕ ਆਪਣੇ ਸਰਕਾਰੀ ਕੰਮ ਲਈ ਕਿਸੇ ਵੀ ‘ਸੇਵਾ ਕੇਂਦਰ’ ਜਾਂ ਪੰਜਾਬ ਸਰਕਾਰ ਦੇ ਕਿਸੇ ਵੀ ਦਫ਼ਤਰ ਤੱਕ ਪਹੁੰਚ ਕਰ ਸਕਦੇ ਹਨ। ਲੋਕਾਂ ਨੂੰ ਕਿਸੇ ਵੀ ਸਰਕਾਰੀ ਕੰਮ ਲਈ ਕਿਸੇ ਰਾਜਨੀਤਿਕ ਪਾਰਟੀ ਦੇ ਕਿਸੇ ਵੀ ਵਿਅਕਤੀ ਨੂੰ ਕੋਈ ਕਮਿਸ਼ਨ ਦੇਣ ਦੀ ਜ਼ਰੂਰਤ ਨਹੀਂ ਹੈ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਦੇ ਇਲਾਕਿਆਂ ‘ਚ ਅਜਿਹੇ ਕੋਈ ਗੈਰ-ਕਾਨੂੰਨੀ ਕੈਂਪ ਲਗਾਏ ਹਨ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ।

ਬੁਲਾਰੇ ਦਾ ਕਹਿਣਾ ਹੈ ਕਿ ਭਰੋਸੇਯੋਗ ਸੂਤਰਾਂ ਤੋਂ ਰਿਪੋਰਟਾਂ ਮਿਲੀਆਂ ਸਨ ਕਿ ਕੁਝ ਵਿਅਕਤੀ ਸਥਾਨਕ ਨਿਵਾਸੀਆਂ ਦਾ ਨਿੱਜੀ ਡੇਟਾ ਗੈਰ-ਕਾਨੂੰਨੀ ਤੌਰ ‘ਤੇ ਇਕੱਠਾ ਕਰ ਰਹੇ ਹਨ, ਸੂਬਾ ਸਰਕਾਰ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਸੀ ਕਿ ਉਹ ਆਪਣੀ ਨਿੱਜੀ ਜਾਣਕਾਰੀ ਅਣਅਧਿਕਾਰਤ ਵਿਅਕਤੀਆਂ ਜਾਂ ਏਜੰਸੀਆਂ ਨਾਲ ਸਾਂਝੀ ਨਾ ਕਰਨ | ਨਾਗਰਿਕਾਂ ਨੂੰ ਸੁਚੇਤ ਰਹਿਣ ਅਤੇ ਅਜਿਹੀ ਕਿਸੇ ਵੀ ਘਟਨਾ ਦੀ ਤੁਰੰਤ ਸਬੰਧਤ ਅਧਿਕਾਰੀਆਂ ਨੂੰ ਰਿਪੋਰਟ ਕਰਨ ਦੀ ਸਲਾਹ ਦਿੱਤੀ ਹੈ।

Read More: ਪੰਜਾਬ ਪੁਲਿਸ ਦੀ ਲੋਕਾਂ ਨੂੰ ਅਪੀਲ, ਅਣਅਧਿਕਾਰਤ ਵਿਅਕਤੀਆਂ ਨਾਲ ਆਪਣਾ ਨਿੱਜੀ ਡੇਟਾ ਸਾਂਝਾ ਨਾ ਕਰਨ

Scroll to Top