ਚੰਡੀਗੜ੍ਹ, 19 ਮਾਰਚ 2025: ਪੰਜਾਬ ਪੁਲਿਸ (Punjab Police) ਨੇ ਹਰਿਆਣਾ-ਪੰਜਾਬ ਦੀ ਸ਼ੰਭੂ ਬਾਰਡਰ (Shambhu border) ਨੂੰ ਖੋਲ੍ਹਣਾ ਸ਼ੁਰੂ ਕਰ ਦਿੱਤਾ ਹੈ ਜੋ ਕਿ 13 ਮਹੀਨਿਆਂ ਤੋਂ ਬੰਦ ਸੀ। ਇੱਥੇ ਵਿਰੋਧ ਕਰ ਰਹੇ ਕਿਸਾਨਾਂ ਨੂੰ ਹਟਾਇਆ ਜਾ ਰਿਹਾ ਹੈ। ਕਿਸਾਨਾਂ ਦੁਆਰਾ ਬਣਾਏ ਸ਼ੈੱਡਾਂ ਨੂੰ ਵੀ ਬੁਲਡੋਜ਼ਰ ਨਾਲ ਢਾਹਿਆ ਅਤੇ ਹਟਾਇਆ ਜਾ ਰਿਹਾ ਹੈ।
ਕੇਂਦਰ ਤੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (MSP) ਦੀ ਕਾਨੂੰਨੀ ਗਰੰਟੀ ਲਈ ਸ਼ੰਭੂ ਅਤੇ ਖਨੌਰੀ ਬਾਰਡਰ (Shambhu border) ‘ਤੇ ਚੱਲ ਰਹੇ ਕਿਸਾਨ ਅੰਦੋਲਨ ‘ਚ ਪੁਲਿਸ ਨੇ ਇੱਕ ਵੱਡਾ ਕਦਮ ਚੁੱਕਿਆ ਹੈ। ਪੁਲਿਸ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਦਿਲਬਾਗ ਸਿੰਘ ਗਿੱਲ ਤੇ ਹੋਰ ਕਿਸਾਨ ਆਗੂਆਂ ਨੂੰ ਹਿਰਾਸਤ ‘ਚ ਲੈ ਲਿਆ ਹੈ |
ਦੱਸਿਆ ਜਾ ਰਿਹਾ ਹੈ ਕਿ ਡੱਲੇਵਾਲ ਮੰਗਲਵਾਰ ਨੂੰ ਚੰਡੀਗੜ੍ਹ ‘ਚ ਕੇਂਦਰ ਸਰਕਾਰ ਨਾਲ ਇੱਕ ਬੈਠਕ ‘ਚ ਸ਼ਾਮਲ ਹੋਏ ਸਨ। ਬੈਠਕ ਖਤਮ ਹੋਣ ਤੋਂ ਬਾਅਦ, ਜਦੋਂ ਉਹ ਚੰਡੀਗੜ੍ਹ ਤੋਂ ਖਨੌਰੀ ਸਰਹੱਦ ਵੱਲ ਵਾਪਸ ਆ ਰਿਹਾ ਸੀ, ਤਾਂ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ‘ਚ ਲੈ ਲਿਆ।
ਇਸ ਦੇ ਨਾਲ ਹੀ ਭਾਰੀ ਪੁਲਿਸ ਫੋਰਸ ਵੀ ਖਨੌਰੀ ਬਾਰਡਰ ‘ਤੇ ਪਹੁੰਚ ਗਈ ਹੈ। ਪੰਜਾਬ ਪੁਲਿਸ ਨੇ ਕਿਸਾਨਾਂ ਨੂੰ ਉੱਥੋਂ ਦੂਰ ਜਾਣ ਲਈ ਕਿਹਾ ਹੈ। ਇਸ ਤੋਂ ਪਹਿਲਾਂ, ਬੁੱਧਵਾਰ ਨੂੰ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਕਾਰ 7ਵੇਂ ਦੌਰ ਦੀ ਗੱਲਬਾਤ ਬੇਸਿੱਟਾ ਰਹੀ। ਇਸ ਦੌਰਾਨ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਪਿਊਸ਼ ਗੋਇਲ ਅਤੇ ਪ੍ਰਹਿਲਾਦ ਜੋਸ਼ੀ ਨੇ ਕਿਸਾਨ ਆਗੂਆਂ ਸਮੇਤ ਇਸ ‘ਚ ਹਿੱਸਾ ਲਿਆ।
Read More: ਕੇਂਦਰ ਤੇ ਕਿਸਾਨਾਂ ਵਿਚਾਲੇ ਬੈਠਕ ਬੇਸਿੱਟਾ, ਸੰਗਰੂਰ ਤੇ ਪਟਿਆਲਾ ’ਚ ਭਾਰੀ ਪੁਲਿਸ ਬਲ ਤਾਇਨਾਤ