ਚੰਡੀਗੜ੍ਹ, 19 ਮਈ 2025: ‘ਯੁੱਧ ਵਿਰੁੱਧ ਜੰਗ’ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਸਿਰਫ਼ 79 ਦਿਨਾਂ ‘ਚ 515 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਜਿਕਰਯੋਗ ਹੈ ਕਿ 1 ਮਾਰਚ, 2025 ਨੂੰ ਇਸ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਪੁਲਿਸ ਨੇ ਹੁਣ ਤੱਕ 7128 ਐਫ.ਆਈ.ਆਰ ਦਰਜ ਕੀਤੀਆਂ ਹਨ ਅਤੇ 11954 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ |
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟਾਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਨਿਰਦੇਸ਼ ਦਿੱਤੇ ਸਨ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਹੇਠ ਚਲਾਈ ਗਈ ਇਸ ਮੁਹਿੰਮ ‘ਚ ਪੰਜਾਬ ਭਰ ‘ਚ ਨਸ਼ੀਲੇ ਪਦਾਰਥਾਂ ਦੇ ਹੌਟਸਪੌਟਸ ‘ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ, ਰਾਤ ਦੇ ਦਬਦਬੇ ਦੀਆਂ ਕਾਰਵਾਈਆਂ ਅਤੇ ਛਾਪੇਮਾਰੀ ਸ਼ਾਮਲ ਹੈ।
ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਕਿ ਆਪਰੇਸ਼ਨਾਂ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਹਨ, ਨੇ ਕਿਹਾ ਕਿ 515 ਕਿਲੋਗ੍ਰਾਮ ਹੈਰੋਇਨ ਤੋਂ ਇਲਾਵਾ, ਪੁਲਿਸ ਨੇ 224 ਕਿਲੋਗ੍ਰਾਮ ਅਫੀਮ, 124 ਕੁਇੰਟਲ ਭੁੱਕੀ, 8 ਕਿਲੋਗ੍ਰਾਮ ਚਰਸ, 150 ਕਿਲੋਗ੍ਰਾਮ ਗਾਂਜਾ, 2.5 ਕਿਲੋਗ੍ਰਾਮ ਆਈਸੀਈ, 24.22 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 9.70 ਕਰੋੜ ਰੁਪਏ ਦੀ ਡਰੱਗ ਮਨੀ ਵੀ ਜ਼ਬਤ ਕੀਤੀ ਹੈ।
ਸਪੈਸ਼ਲ ਡੀਜੀਪੀ ਨੇ ਕਿਹਾ ਕਿ 3 ਮਹੀਨਿਆਂ ਤੋਂ ਵੀ ਘੱਟ ਸਮੇਂ ‘ਚ 515 ਕਿਲੋ ਹੈਰੋਇਨ ਦੀ ਬਰਾਮਦਗੀ ਪੰਜਾਬ ਪੁਲਿਸ ਦੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਦ੍ਰਿੜ ਇਰਾਦੇ ਦਾ ਸਬੂਤ ਹੈ। 79ਵੇਂ ਦਿਨ ਦੇ ਨਤੀਜਿਆਂ ਦੇ ਵੇਰਵੇ ਸਾਂਝੇ ਕਰਦਿਆਂ ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ 147 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ 2.7 ਕਿਲੋ ਹੈਰੋਇਨ, 84 ਕਿਲੋ ਭੁੱਕੀ, 73,000 ਰੁਪਏ ਨਕਦ ਅਤੇ 1.22 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।
ਅਰਪਿਤ ਸ਼ੁਕਲਾ ਨੇ ਕਿਹਾ ਕਿ 92 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1600 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 250 ਤੋਂ ਵੱਧ ਟੀਮਾਂ ਬਣਾਈਆਂ ਗਈਆਂ ਅਤੇ ਸੂਬੇ ਭਰ ‘ਚ 505 ਥਾਵਾਂ ‘ਤੇ ਛਾਪੇਮਾਰੀ ਕੀਤੀ , ਜਿਸ ਦੌਰਾਨ ਸੂਬੇ ਭਰ ‘ਚ 109 ਐਫਆਈਆਰ ਦਰਜ ਕੀਤੀਆਂ ਗਈਆਂ। ਇਸ ਦਿਨ ਭਰ ਚੱਲੇ ਆਪ੍ਰੇਸ਼ਨ ਦੌਰਾਨ, ਪੁਲਿਸ ਟੀਮਾਂ ਨੇ 692 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ। ਪੰਜਾਬ ਪੁਲਿਸ ਨੇ 49 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦੇ ਇਲਾਜ ਲਈ ਰਾਜ਼ੀ ਕੀਤਾ ਹੈ।
Read More: Punjab Police: ਐਂਟੀ ਗੈਂਗਸਟਰ ਟਾਸਕ ਫੋਰਸ ਨੇ ਲਾਰੈਂਸ-ਰੋਹਿਤ ਗੋਦਾਰਾ ਗੈਂਗ ਦੇ ਦੋ ਸਾਥੀਆਂ ਨੂੰ ਕੀਤਾ ਗ੍ਰਿਫਤਾਰ