ਅੰਮ੍ਰਿਤਸਰ, 28 ਦਸੰਬਰ 2024 ਡੀਜੀਪੀ ਦੇ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਵਿਦੇਸ਼ ਅਧਾਰਤ ਇੱਕ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ | ਪੁਲਿਸ ਮੁਤਾਬਕ ਇਨ੍ਹਾਂ ਮੁਲਜ਼ਮਾਂ ਨੇ ਇਸਲਾਮਾਬਾਦ ਪੁਲਿਸ ਸਟੇਸ਼ਨ (Islamabad Police Station), ਅੰਮ੍ਰਿਤਸਰ ‘ਤੇ ਹੈਂਡ-ਗ੍ਰੇਨੇਡ ਹਮਲੇ ਨੂੰ ਅੰਜਾਮ ਦਿੱਤਾ ਸੀ, ਜਿਸਦਾ ਇਨ੍ਹਾਂ ਨੇ ਜ਼ੁਰਮ ਕਬੂਲ ਕਰ ਲਿਆ ਹੈ |
ਪੁਲਿਸ ਮੁਤਾਬਕ ਗ੍ਰਿਫਤਾਰ ਵਿਅਕਤੀਆਂ ਦੀ ਪਛਾਣ ਗੁਰਜੀਤ ਸਿੰਘ ਵਾਸੀ ਵਾਸੀ ਡੰਡੇ (ਅੰਮ੍ਰਿਤਸਰ) ਅਤੇ ਬਲਜੀਤ ਸਿੰਘ ਵਾਸੀ ਛਾਪਾ (ਤਰਨਤਾਰਨ) ਵਜੋਂ ਹੋਈ ਹੈ | ਪੁਲਿਸ ਮੁਤਾਬਕ ਇਨ੍ਹਾਂ ਕੋਲੋਂ ਗੋਲੀਆਂ ਸਮੇਤ 1.4 ਕਿਲੋਗ੍ਰਾਮ ਹੈਰੋਇਨ, ਇੱਕ ਹੈਂਡ ਗਰਨੇਡ ਅਤੇ ਦੋ ਆਧੁਨਿਕ ਪਿਸਤੌਲ-ਇੱਕ 9 ਐਮਐਮ ਜ਼ੀਗਾਨਾ ਤੇ ਇੱਕ 9 ਐਮਐਮ ਗੁਲੋਕ ਵੀ ਬਰਾਮਦ ਕੀਤੇ ਹਨ।
ਪੁਲਿਸ ਮੁਤਾਬਕ 17 ਦਸੰਬਰ 2024 ਨੂੰ ਤੜਕੇ 3 ਵਜੇ ਇਸਲਾਮਾਬਾਦ ਪੁਲਿਸ ਸਟੇਸ਼ਨ (Islamabad Police Station) ‘ਤੇ ਹੋਏ ਹੈਂਡ ਗ੍ਰਨੇਡ ਹਮਲੇ ਦੇ ਲਗਭਗ 10 ਦਿਨ ਬਾਅਦ ਇਹ ਕਾਮਯਾਬੀ ਮਿਲੀ ਹੈ। ਹਮਲੇ ਦੇ ਕੁਝ ਘੰਟਿਆਂ ਬਾਅਦ ਬੀਕੇਆਈ ਨਾਲ ਜੁੜੇ ਇੱਕ ਅਧਾਰਿਤ ਜੀਵਨ ਫੌਜੀ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਸੀ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਐਸਐਸਓਸੀ ਅੰਮ੍ਰਿਤਸਰ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਅਮਰੀਕਾ ਸਥਿਤ ਨਸ਼ਾ ਤਸਕਰ ਸੰਦੀਪ ਸਿੰਘ ਉਰਫ਼ ਸੀਪੂ ਇੱਕ ਤਸਕਰੀ ਦਾ ਨੈੱਟਵਰਕ ਚਲਾ ਰਿਹਾ ਹੈ ਅਤੇ ਆਪਣੇ ਸਾਥੀਆਂ ਰਾਹੀਂ ਪਾਕਿਸਤਾਨ ਤੋਂ ਭਾਰਤ ‘ਚ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਖੇਪ ਲੈ ਰਿਹਾ ਹੈ। ਇਸ ਸੂਚਨਾ ‘ਤੇ ਤੁਰੰਤ ਕਾਰਵਾਈ ਕਰਦਿਆਂ ਐੱਸਐੱਸਓਸੀ ਅੰਮ੍ਰਿਤਸਰ ਦੀਆਂ ਟੀਮਾਂ ਨੇ ਉਸ ਦੇ ਸਾਥੀ ਗੁਰਜੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ‘ਚੋਂ 1.4 ਕਿਲੋ ਹੈਰੋਇਨ ਬਰਾਮਦ ਕੀਤੀ ਹੈ।
ਡੀਜੀਪੀ ਪੰਜਾਬ ਨੇ ਕਿਹਾ ਕਿ ਗੁਰਜੀਤ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਡੂੰਘਾਈ ਨਾਲ ਕੀਤੀ ਗਈ ਜਾਂਚ ਅਤੇ ਉਸ ਦੇ ਪਹਿਲਾਂ ਅਤੇ ਬਾਅਦ ਦੇ ਸਬੰਧਾਂ ਦੀ ਲਗਾਤਾਰ ਜਾਂਚ ਤੋਂ ਪਤਾ ਲੱਗਿਆ ਹੈ ਕਿ ਗੁਰਜੀਤ ਸਿੰਘ ਨੇ ਆਪਣੇ ਸਾਥੀ ਬਲਜੀਤ ਸਿੰਘ ਨਾਲ ਮਿਲ ਕੇ ਵਿਦੇਸ਼ ਸਥਿਤ ਇੱਕ ਵਿਅਕਤੀ ਦੇ ਨਿਰਦੇਸ਼ਾਂ ‘ਤੇ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਪੁਲਿਸ ਮੁਤਾਬਕ ਸੰਦੀਪ ਸੀਪੂ ਨੇ ਇਸਲਾਮਾਬਾਦ ਪੁਲਿਸ ਸਟੇਸ਼ਨ ‘ਤੇ ਹੈਂਡ ਗ੍ਰਨੇਡ ਹਮਲਾ ਕੀਤਾ ਸੀ।
ਉਨ੍ਹਾਂ ਦੱਸਿਆ ਕਿ ਪੁਲਿਸ ਸਟੇਸ਼ਨ ‘ਤੇ ਹਮਲੇ ਪਿੱਛੇ ਅੱ.ਤ.ਵਾ.ਦੀ ਸੰਗਠਨ ਦਾ ਪਤਾ ਲਗਾਉਣ ਅਤੇ ਸੀਪੂ ਤੋਂ ਮਿਲੇ ਵਿਦੇਸ਼ੀ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਇਸ ਬਾਰੇ ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਪੁਲੀਸ ਟੀਮਾਂ ਨੇ ਬਲਜੀਤ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਅਗਲੀ ਜਾਂਚ ਦੌਰਾਨ ਦੋਵਾਂ ਕੋਲੋਂ ਇੱਕ ਹੈਂਡ ਗਰਨੇਡ ਅਤੇ ਦੋ ਪਿਸਤੌਲਾਂ ਦੇ ਨਾਲ-ਨਾਲ ਗੋਲੀ-ਸਿੱਕਾ ਵੀ ਬਰਾਮਦ ਕੀਤਾ ਹੈ | ਉਨ੍ਹਾਂ ਦੱਸਿਆ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਮੁਲਜ਼ਮਾਂ ਵੱਲੋਂ ਪਹਿਲਾਂ ਸਪਲਾਈ ਕੀਤੀਆਂ ਗਈਆਂ ਖੇਪਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਨੇ ਐਸਐਸਓਸੀ ਅੰਮ੍ਰਿਤਸਰ ਪੁਲਿਸ ਸਟੇਸ਼ਨ ਵਿੱਚ ਐਨਡੀਪੀਐਸ ਐਕਟ ਦੀ ਧਾਰਾ 21, 23-ਸੀ ਅਤੇ 29, ਅਸਲਾ ਐਕਟ ਦੀ ਧਾਰਾ 25 ਅਤੇ ਵਿਸਫੋਟਕ ਐਕਟ ਦੀ ਧਾਰਾ 3, 4 ਅਤੇ 5 ਦੇ ਤਹਿਤ ਦਰਜ ਕੀਤਾ ਗਿਆ ਸੀ।