Site icon TheUnmute.com

ਸਰਹੱਦ ਪਾਰੋਂ ਡਰੱਗ ਤਸਕਰੀ ਰੋਕਣ ਲਈ ਪੰਜਾਬ ਪੁਲਿਸ ਨੂੰ ਐਂਟੀ-ਡਰੋਨ ਤਕਨਾਲੋਜੀ ਮੁਹੱਈਆ ਕਰਵਾਈ ਜਾਵੇਗੀ: ਹਰਪਾਲ ਸਿੰਘ ਚੀਮਾ

Punjab Police

ਚੰਡੀਗੜ੍ਹ, 04 ਮਾਰਚ 2025: Yudh Nashian Virudh: ‘ਯੁੱਧ ਨਸ਼ੇ ਦੇ ਵਿਰੁੱਧ’ ਮੁਹਿੰਮ ਦੀ ਅਗਵਾਈ ਕਰ ਰਹੀ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਫੈਸਲਾਕੁੰਨ ਜੰਗ ਦੇ ਹਿੱਸੇ ਵਜੋਂ, ਪੰਜਾਬ ਪੁਲਿਸ (Punjab Police) ਨੂੰ ਜਲਦੀ ਹੀ ਸਰਹੱਦ ਪਾਰੋਂ ਨਸ਼ਾ ਤਸਕਰੀ ਨੂੰ ਰੋਕਣ ਲਈ ਅਤਿ-ਆਧੁਨਿਕ ਐਂਟੀ-ਡਰੋਨ ਤਕਨਾਲੋਜੀ ਪ੍ਰਦਾਨ ਕੀਤੀ ਜਾਵੇਗੀ।

ਉਨ੍ਹਾਂ ਇਹ ਐਲਾਨ ਪੰਜਾਬ ਪੁਲਿਸ (Punjab Police) ਵੱਲੋਂ ਮੁੱਲਾਂਪੁਰ ਦੇ ਪੀਸੀਏ ਸਟੇਡੀਅਮ ਵਿਖੇ ਇੱਕ ਸਮਾਗਮ ‘ਚ ਕੀਤਾ, ਜਿੱਥੇ ਤਿੰਨ ਜਨਤਕ ਅਤੇ ਨਿੱਜੀ ਖੇਤਰ ਦੀਆਂ ਕੰਪਨੀਆਂ ਨੇ ਆਪਣੀਆਂ ਅਤਿ-ਆਧੁਨਿਕ ਐਂਟੀ-ਡਰੋਨ ਤਕਨਾਲੋਜੀਆਂ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ, ਪੰਜਾਬ ਦੇ ਪੁਲਿਸ ਡਾਇਰੈਕਟਰ ਜਨਰਲ ਗੌਰਵ ਯਾਦਵ ਅਤੇ ਹੋਰ ਸੀਨੀਅਰ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ।

ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਤਿੰਨਾਂ ਕੰਪਨੀਆਂ ਨੇ ਪਾਕਿਸਤਾਨ ਨਾਲ ਲੱਗਦੀ ਚੁਣੌਤੀਪੂਰਨ ਸਰਹੱਦ ‘ਤੇ ਡਰੋਨਾਂ ਰਾਹੀਂ ਨਸ਼ੀਲੇ ਪਦਾਰਥਾਂ, ਹਥਿਆਰਾਂ ਅਤੇ ਵਿਸਫੋਟਕਾਂ ਦੀ ਤਸਕਰੀ ਨੂੰ ਰੋਕਣ ਲਈ ਆਪਣੀਆਂ ਅਤਿ-ਆਧੁਨਿਕ ਤਕਨਾਲੋਜੀਆਂ ਦਾ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਕੰਪਨੀਆਂ ਦੁਆਰਾ ਪ੍ਰਦਰਸ਼ਿਤ ਐਂਟੀ-ਡਰੋਨ ਤਕਨਾਲੋਜੀਆਂ ‘ਚ ਪੋਰਟੇਬਲ, ਮੋਬਾਈਲ ਅਤੇ ਸਟੇਸ਼ਨਰੀ ਤਕਨਾਲੋਜੀਆਂ ਸ਼ਾਮਲ ਹਨ, ਜੋ ਵੱਖ-ਵੱਖ ਦੂਰੀਆਂ ਤੋਂ ਡਰੋਨਾਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਰੋਕਣ ਦੇ ਸਮਰੱਥ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਤਕਨੀਕਾਂ ਨੂੰ ਇਸ ਤਰੀਕੇ ਨਾਲ ਵਿਕਸਤ ਕੀਤਾ ਗਿਆ ਹੈ ਕਿ ਡਰੋਨਾਂ ਨੂੰ ਹਵਾ ‘ਚ ਹੀ ਡੇਗਣ ਅਤੇ ਮਾਰ ਸੁੱਟਿਆ ਜਾ ਸਕੇ ਤਾਂ ਜੋ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਸਪਲਾਈ ਨੂੰ ਪੂਰੀ ਤਰ੍ਹਾਂ ਰੋਕਿਆ ਜਾ ਸਕੇ। ਇਹ ਪਹਿਲਕਦਮੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਦੁਰਵਰਤੋਂ ਨੂੰ ਖਤਮ ਕਰਨ ਲਈ ਸ਼ੁਰੂ ਕੀਤੀ ਗਈ “ਨਸ਼ਿਆਂ ਵਿਰੁੱਧ ਜੰਗ” ਮੁਹਿੰਮ ਨੂੰ ਹੋਰ ਮਜ਼ਬੂਤ ​​ਕਰੇਗੀ।

ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਜਨਤਕ ਜਾਂ ਨਿੱਜੀ ਖੇਤਰ ਤੋਂ ਨਵੀਨਤਮ ਐਂਟੀ-ਡਰੋਨ ਤਕਨਾਲੋਜੀ ਅਪਣਾਉਣ ਦੀ ਆਗਿਆ ਦੇਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਦੇ ਮਾਹਰ ਜਲਦੀ ਹੀ ਕੇਂਦਰੀ ਸੁਰੱਖਿਆ ਏਜੰਸੀਆਂ ਨਾਲ ਸਲਾਹ-ਮਸ਼ਵਰਾ ਕਰਕੇ ਲੋੜੀਂਦੇ ਸਿਸਟਮ ਅਤੇ ਉਪਕਰਣਾਂ ਦੀ ਖਰੀਦ ਨੂੰ ਅੰਤਿਮ ਰੂਪ ਦੇਣਗੇ।

ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਕਿਹਾ ਕਿ ਸਰਹੱਦ ਪਾਰ ਤੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਣਾ ਕੇਂਦਰ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ, ਕਿਉਂਕਿ ਅੰਤਰਰਾਸ਼ਟਰੀ ਸਰਹੱਦ ਤੋਂ 50 ਕਿਲੋਮੀਟਰ ਦਾ ਇਲਾਕਾ ਬੀਐਸਐਫ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ, ਪਰ ਹੁਣ ਤੱਕ ਉਨ੍ਹਾਂ ਦੀਆਂ ਕੋਸ਼ਿਸ਼ਾਂ 100 ਪ੍ਰਤੀਸ਼ਤ ਸਫਲ ਨਹੀਂ ਹੋਈਆਂ ਹਨ।

ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਉਦੇਸ਼ ਪੰਜਾਬ ਦੀ ਦੂਜੀ ਰੱਖਿਆ ਲਾਈਨ ਨੂੰ ਹੋਰ ਮਜ਼ਬੂਤ ​​ਕਰਨਾ ਹੈ ਤਾਂ ਜੋ ਸਰਹੱਦ ਪਾਰ ਅੱਤਵਾਦ, ਖਾਸ ਕਰਕੇ ਨਾਰਕੋ-ਅੱਤਵਾਦ ਦੇ ਨਾਪਾਕ ਯਤਨਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਾ ਤਸਕਰਾਂ ਵਿਰੁੱਧ ਕਰੋ ਜਾਂ ਮਰੋ ਦੀ ਲੜਾਈ ਸ਼ੁਰੂ ਕੀਤੀ ਹੈ।

Read More: ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 164 ਮੈਡੀਕਲ ਦੁਕਾਨਾਂ ਦੀ ਚੈਕਿੰਗ, 69 ਨਸ਼ਾ ਤਸਕਰ ਕਾਬੂ

Exit mobile version