ਚੰਡੀਗੜ੍ਹ, 27 ਜੂਨ 2025: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਬੱਚਿਆਂ ਦੇ ਆਨਲਾਈਨ ਜਿਨਸੀ ਸ਼ੋਸ਼ਣ ‘ਤੇ ਇੱਕ ਵੱਡੀ ਕਾਰਵਾਈ ਕਰਦਿਆਂ ਵੱਖ-ਵੱਖ ਔਨਲਾਈਨ ਪਲੇਟਫਾਰਮਾਂ ਰਾਹੀਂ ਬਾਲ ਜਿਨਸੀ ਸ਼ੋਸ਼ਣ ਅਤੇ ਦੁਰਵਿਵਹਾਰ ਸਮੱਗਰੀ (CSEAM) ਦੇਖਣ, ਪ੍ਰਸਾਰਿਤ ਕਰਨ ਅਤੇ ਸਾਂਝਾ ਕਰਨ ‘ਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ 33 ਸ਼ੱਕੀਆਂ ਦੀ ਪਛਾਣ ਕੀਤੀ ਹੈ।
ਗ੍ਰਹਿ ਮੰਤਰਾਲੇ ਦੇ ਭਾਰਤੀ ਸਾਈਬਰ ਕ੍ਰਾਈਮ ਕੋਆਰਡੀਨੇਸ਼ਨ ਸੈਂਟਰ ਤੋਂ ਪ੍ਰਾਪਤ ਸਾਈਬਰ ਟਿਪ-ਲਾਈਨਾਂ ਦੇ ਆਧਾਰ ‘ਤੇ 18 ਜ਼ਿਲ੍ਹਿਆਂ ਅਤੇ ਤਿੰਨ ਕਮਿਸ਼ਨਰੇਟਾਂ ‘ਚ 40 ਥਾਵਾਂ ‘ਤੇ ਆਪ੍ਰੇਸ਼ਨ ‘CSEAM-4’ ਚਲਾਇਆ ਗਿਆ।
ਜਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਆਪਣੇ ਫੈਸਲੇ ‘ਚ ਸਪੱਸ਼ਟ ਕੀਤਾ ਹੈ ਕਿ ਸੀਐਸਈਏਐਮ ਸਮੱਗਰੀ ਨੂੰ ਦੇਖਣਾ, ਰੱਖਣਾ ਅਤੇ ਰਿਪੋਰਟ ਨਾ ਕਰਨਾ POCSO ਐਕਟ ਦੇ ਤਹਿਤ ਇੱਕ ਸਜ਼ਾਯੋਗ ਅਪਰਾਧ ਹੈ। CSEAM ਕਿਸੇ ਵੀ ਅਜਿਹੀ ਸਮੱਗਰੀ ਨੂੰ ਦਰਸਾਉਂਦਾ ਹੈ ਜਿਸ ‘ਚ ਬੱਚਿਆਂ ਦੇ ਜਿਨਸੀ ਸ਼ੋਸ਼ਣ ਨਾਲ ਸਬੰਧਤ ਫੋਟੋਆਂ, ਵੀਡੀਓ ਜਾਂ ਹੋਰ ਮੀਡੀਆ ਹੋਵੇ, ਜਿਸਦੀ ਬਣਾਉਣਾ, ਸਟੋਰੇਜ ਜਾਂ ਪ੍ਰਸਾਰ ਗੈਰ-ਕਾਨੂੰਨੀ ਹੈ ਅਤੇ ਜਿਸਦਾ ਬੱਚਿਆਂ ਦੀ ਮਾਨਸਿਕ ਸਿਹਤ ‘ਤੇ ਗੰਭੀਰ ਅਤੇ ਲੰਬੇ ਸਮੇਂ ਦੇ ਪ੍ਰਭਾਵ ਪੈ ਸਕਦੇ ਹਨ।
ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਆਕਾਸ਼ ਬਾਬੂ, ਵਾਸੀ ਰਾਜਸਥਾਨ ਕਲੋਨੀ, ਖੰਨਾ ਅਤੇ ਹਰਪ੍ਰੀਤ ਸਿੰਘ, ਵਾਸੀ ਪਿੰਡ ਬਰਮਾਜਰਾ, ਮੁਰਿੰਡਾ, ਰੂਪਨਗਰ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸਟੇਟ ਸਾਈਬਰ ਕ੍ਰਾਈਮ ਸੈੱਲ ਨੇ ਅਪਰਾਧੀਆਂ ਦਾ ਪਤਾ ਲਗਾਉਣ ਲਈ ਵਟਸਐਪ, ਫੇਸਬੁੱਕ, ਇੰਸਟਾਗ੍ਰਾਮ ਅਤੇ ਟੈਲੀਗ੍ਰਾਮ ਵਰਗੇ ਪਲੇਟਫਾਰਮਾਂ ਤੋਂ ਡਿਜੀਟਲ ਸਬੂਤਾਂ ਦਾ ਡੂੰਘਾਈ ਨਾਲ ਵਿਸ਼ਲੇਸ਼ਣ ਕੀਤਾ।
ਉਨ੍ਹਾਂ ਕਿਹਾ ਕਿ ਕਾਰਵਾਈ ਦੌਰਾਨ, ਪੰਜਾਬ ਭਰ ‘ਚ 33 ਸ਼ੱਕੀਆਂ ਦੀ ਪਛਾਣ ਕੀਤੀ ਗਈ ਅਤੇ ਏਡੀਜੀਪੀ ਸਾਈਬਰ ਕ੍ਰਾਈਮ ਵੀ. ਨੀਰਜਾ ਦੀ ਅਗਵਾਈ ਵਾਲੀ ਫੀਲਡ ਯੂਨਿਟਾਂ ਦੀਆਂ ਟੀਮਾਂ ਨੂੰ ਕਾਰਵਾਈ ਲਈ ਭੇਜਿਆ ਗਿਆ। ਛਾਪੇਮਾਰੀ ਦੌਰਾਨ, ਦੋ ਐਫਆਈਆਰ ਦਰਜ ਕੀਤੀਆਂ ਗਈਆਂ, 34 ਮੋਬਾਈਲ ਫੋਨ ਜ਼ਬਤ ਕੀਤੇ ਗਏ, ਜਿਨ੍ਹਾਂ ਦਾ ਡਿਲੀਟ ਕੀਤੇ ਡੇਟਾ ਨੂੰ ਪ੍ਰਾਪਤ ਕਰਨ ਲਈ ਫੋਰੈਂਸਿਕ ਵਿਸ਼ਲੇਸ਼ਣ ਕੀਤਾ ਜਾ ਰਿਹਾ ਹੈ। ਮਾਮਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਦੀ ਉਮੀਦ ਹੈ।
ਉਨ੍ਹਾਂ ਕਿਹਾ ਕਿ ਆਪ੍ਰੇਸ਼ਨ ਦੌਰਾਨ ਪੰਜਾਬ ਭਰ ‘ਚ 33 ਸ਼ੱਕੀਆਂ ਦੀ ਪਛਾਣ ਕੀਤੀ ਅਤੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਸਾਈਬਰ ਕ੍ਰਾਈਮ ਵੀ ਨੀਰਜਾ ਦੀ ਅਗਵਾਈ ਹੇਠ ਫੀਲਡ ਯੂਨਿਟ ਦੀਆਂ ਟੀਮਾਂ ਨੂੰ ਕਾਰਵਾਈ ਲਈ ਭੇਜਿਆ ਗਿਆ। ਇਸ ਛਾਪੇਮਾਰੀ ਦੌਰਾਨ ਦੋ ਐਫਆਈਆਰ ਦਰਜ ਕਰਨ ਦੇ ਨਾਲ-ਨਾਲ 34 ਮੋਬਾਈਲ ਫੋਨ ਜ਼ਬਤ ਕੀਤੇ ਗਏ ਹਨ ਅਤੇ ਇਨ੍ਹਾਂ ਮੋਬਾਈਲਾਂ ਨੂੰ ਡਿਲੀਟ ਕੀਤੇ ਡੇਟਾ ਨੂੰ ਮੁੜ ਹਾਸਲ ਕਰਨ ਲਈ ਫੋਰੈਂਸਿਕ ਵਿਸ਼ਲੇਸ਼ਣ ਲਈ ਭੇਜਿਆ ਗਿਆ ਹੈ ਅਤੇ ਇਸ ਮਾਮਲੇ ‘ਚ ਹੋਰ ਗ੍ਰਿਫ਼ਤਾਰੀਆਂ ਦੀ ਉਮੀਦ ਹੈ।
ਡੀਜੀਪੀ ਨੇ ਕਿਹਾ ਕਿ ਜਾਂਚ ਦੇ ਆਧਾਰ ‘ਤੇ ਹੋਰ ਐਫਆਈਆਰ ਦਰਜ ਕੀਤੀਆਂ ਜਾਣਗੀਆਂ ਅਤੇ ਸੀਐਸਈਐਮ ਅਪਰਾਧਾਂ ‘ਚ ਸ਼ਾਮਲ ਸਾਰੇ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ। ਏਡੀਜੀਪੀ ਵੀ ਨੀਰਜਾ ਨੇ ਕਿਹਾ ਕਿ ਸਾਈਬਰ ਟਿਪ-ਲਾਈਨਾਂ ਖਾਸ ਕਰਕੇ ਵਟਸਐਪ, ਫੇਸਬੁੱਕ, ਇੰਸਟਾਗ੍ਰਾਮ ਅਤੇ ਟੈਲੀਗ੍ਰਾਮ ਵਰਗੇ ਪਲੇਟਫਾਰਮਾਂ ‘ਤੇ ਸੀਐਸਈਐਮ ਸਮੱਗਰੀ ਦੇ ਆਧਾਰ ‘ਤੇ ਤਿਆਰ ਕੀਤੀਆਂ ਜਾਂਦੀਆਂ ਹਨ। ਆਈ4ਸੀ ਰਿਪੋਰਟਾਂ ਦਾ ਇੰਸਪੈਕਟਰ ਪ੍ਰਭਜੋਤ ਕੌਰ ਦੀ ਅਗਵਾਈ ਹੇਠ ਸਟੇਟ ਸਾਈਬਰ ਕ੍ਰਾਈਮ ਦਫਤਰ ਦੀ ਸੀਸੀਪੀਯੂਡਬਲਯੂਸੀ ਯੂਨਿਟ ਦੁਆਰਾ ਅਪਰਾਧੀਆਂ ਅਤੇ ਉਨ੍ਹਾਂ ਦੇ ਠਿਕਾਣਿਆਂ ਦਾ ਪਤਾ ਲਗਾਉਣ ਲਈ ਬਾਰੀਕੀ ਨਾਲ ਵਿਸ਼ਲੇਸ਼ਣ ਕੀਤਾ ਜਾ ਰਿਹਾ ਹੈ।
ਏਡੀਜੀਪੀ ਨੇ ਕਿਹਾ ਕਿ ਐਫਆਈਆਰ ਨੰਬਰ 8 ਮਿਤੀ 26/6/2025 ਨੂੰ ਆਈਟੀ ਐਕਟ ਦੀ ਧਾਰਾ 67ਬੀ ਦੇ ਤਹਿਤ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ, ਜ਼ਿਲ੍ਹਾ ਖੰਨਾ ਵਿਖੇ ਦਰਜ ਕੀਤੀ ਗਈ ਹੈ, ਜਿਸ ‘ਚ ਆਕਾਸ਼ ਬਾਬੂ ਨਾ ਸਿਰਫ਼ ਸੀਐਸਈਐਮ ਸਮੱਗਰੀ ਦੇਖ ਰਿਹਾ ਸੀ ਬਲਕਿ ਇਸਨੂੰ ਹੋਰ ਸਮੂਹਾਂ ‘ਚ ਵੀ ਸਾਂਝਾ ਕਰ ਰਿਹਾ ਸੀ।
ਐਫਆਈਆਰ ਨੰਬਰ 7 ਮਿਤੀ 26/6/2025 ਨੂੰ ਜ਼ਿਲ੍ਹਾ ਰੂਪਨਗਰ ਦੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵਿੱਚ ਆਈਟੀ ਐਕਟ ਦੀ ਧਾਰਾ 67 ਤਹਿਤ ਦਰਜ ਕੀਤੀ ਹੈ, ਜਿਸ ‘ਚ ਮੁਲਜ਼ਮ ਹਰਪ੍ਰੀਤ ਸਿੰਘ ਕਥਿਤ ਤੌਰ ‘ਤੇ ਪੀੜਤ ਨੂੰ ਨਗਨ ਤਸਵੀਰਾਂ ਸਾਂਝੀਆਂ ਕਰਨ ਲਈ ਬਲੈਕਮੇਲ ਕਰ ਰਿਹਾ ਸੀ ਅਤੇ ਨਾਬਾਲਗ ਬੱਚਿਆਂ ਦਾ ਜਿਨਸੀ ਸ਼ੋਸ਼ਣ ਕਰ ਰਿਹਾ ਸੀ। ਦੋਵਾਂ ਮੁਲਜ਼ਮਾਂ ਦੇ ਮੋਬਾਈਲ ਫੋਨ ਜ਼ਬਤ ਕਰ ਲਏ ਗਏ ਹਨ ਅਤੇ ਡਿਲੀਟ ਕੀਤੇ ਗਏ ਡੇਟਾ ਦੀ ਜਾਂਚ ਕੀਤੀ ਜਾ ਰਹੀ ਹੈ।
ਏਡੀਜੀਪੀ ਵੀ. ਨੀਰਜਾ ਨੇ ਕਿਹਾ ਕਿ ਬੱਚਿਆਂ ਨਾਲ ਸਬੰਧਤ ਅਸ਼ਲੀਲ ਸਮੱਗਰੀ ਦੇਖਣਾ, ਸਾਂਝਾ ਕਰਨਾ ਜਾਂ ਸਟੋਰ ਕਰਨਾ ਆਈਟੀ ਐਕਟ 2000 ਦੀ ਧਾਰਾ 67ਬੀ ਅਤੇ ਪੋਕਸੋ ਐਕਟ ਦੀ ਧਾਰਾ 15 ਤਹਿਤ ਇੱਕ ਗੰਭੀਰ ਅਪਰਾਧ ਹੈ, ਜਿਸ ਲਈ ਪੰਜ ਸਾਲ ਤੱਕ ਦੀ ਕੈਦ ਅਤੇ 10 ਲੱਖ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ।
ਇਹ ਦੱਸਿਆ ਕਿ ਪੰਜਾਬ ਪੁਲਿਸ ਦੇ ਸਾਰੇ 28 ਜ਼ਿਲ੍ਹਿਆਂ ਅਤੇ ਕਮਿਸ਼ਨਰੇਟਾਂ ‘ਚ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਸਥਾਪਤ ਕੀਤੇ ਗਏ ਹਨ, ਜੋ ਸਾਈਬਰ ਅਪਰਾਧਾਂ ਦੀ ਜਾਂਚ ਲਈ ਸਾਈਬਰ ਜਾਂਚ ਅਤੇ ਤਕਨੀਕੀ ਸਹਾਇਤਾ ਇਕਾਈਆਂ ਨਾਲ ਲੈਸ ਹਨ। ਆਮ ਨਾਗਰਿਕ ਕਿਸੇ ਵੀ ਸਹਾਇਤਾ ਲਈ ਜਾਂ ਬਾਲ ਅਸ਼ਲੀਲਤਾ ਦੀ ਰਿਪੋਰਟ ਕਰਨ ਲਈ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਜਾਂ ਆਪਣੇ ਸਥਾਨਕ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਨਾਲ ਸੰਪਰਕ ਕਰ ਸਕਦੇ ਹਨ।
Read More: ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 118ਵੇਂ ਦਿਨ 125 ਨਸ਼ਾ ਤਸਕਰ ਗ੍ਰਿਫਤਾਰ