Biogas Plant

ਬਾਇਓਗੈਸ ਪਲਾਂਟ ਦੀ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਕਰੇਗਾ ਨਿਰੰਤਰ ਨਿਗਰਾਨੀ: CM ਭਗਵੰਤ ਮਾਨ

ਚੰਡੀਗੜ੍ਹ, 22 ਨਵੰਬਰ 2024: ਲੁਧਿਆਣਾ ਜ਼ਿਲ੍ਹੇ ਦੇ ਪਿੰਡ ਘੁੰਗਰਾਲੀ ਦੇ ਵਸਨੀਕਾਂ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਕੇ ਸਾਰੀਆਂ ਸਬੰਧਤ ਧਿਰਾਂ ਨੂੰ ਭਰੋਸੇ ‘ਚ ਲੈ ਕੇ ਬਾਇਓ ਗੈਸ ਪਲਾਂਟ (Biogas Plant) ਦੀ ਸਮੱਸਿਆ ਦਾ ਢੁੱਕਵਾਂ ਹੱਲ ਕੱਢਣ ਲਈ ਧੰਨਵਾਦ ਕੀਤਾ ਹੈ ।

ਪਿੰਡ ਵਾਸੀ ਹਰਦੀਪ ਸਿੰਘ ਅਤੇ ਨਵੇਂ ਚੁਣੇ ਸਰਪੰਚ ਅੰਮ੍ਰਿਤਪਾਲ ਸਿੰਘ ਦੀ ਅਗਵਾਈ ‘ਚ ਪਿੰਡ ਵਾਸੀਆਂ ਦਾ ਇੱਕ ਵਫ਼ਦ ਮੁੱਖ ਮੰਤਰੀ ਮਾਨ ਨੂੰ ਉਨ੍ਹਾਂ ਦੇ ਦਫ਼ਤਰ ਪੰਜਾਬ ਸਿਵਲ ਸਕੱਤਰੇਤ ਵਿਖੇ ਮਿਲਿਆ।

ਇਸ ਦੌਰਾਨ ਗੱਲਬਾਤ ਦੌਰਾਨ ਸੀਐੱਮ ਮਾਨ ਨੇ ਕਿਹਾ ਕਿ ਇਹ ਬਾਇਓ ਗੈਸ ਪਲਾਂਟ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਹੋਵੇਗਾ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਸੂਬੇ ‘ਚ ਪ੍ਰਦੂਸ਼ਣ ਨੂੰ ਰੋਕਣ ਲਈ ਵਚਨਬੱਧ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਢਿੱਲ ਜਾਂ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਭਗਵੰਤ ਮਾਨ ਨੇ ਸਪੱਸ਼ਟ ਕੀਤਾ ਕਿ ਪਲਾਂਟ ਨੂੰ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਬਣਾਇਆ ਜਾਵੇਗਾ ਅਤੇ ਕਿਸੇ ਨੂੰ ਵੀ ਨਿਯਮਾਂ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ।

ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਨਿਯਮਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਇਸ ਜੁਰਮ ‘ਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਮਿਸਾਲੀ ਕਾਰਵਾਈ ਕੀਤੀ ਜਾਵੇਗੀ।

ਸੀਐੱਮ ਮਾਨ ਨੇ ਕਿਹਾ ਕਿ ਪਲਾਂਟ (Biogas Plant) ਮਾਲਕਾਂ ਨੇ ਪੰਜਾਬ ਸਰਕਾਰ ਨਾਲ ਇੱਕ ਲਿਖਤੀ ਸਮਝੌਤਾ ਕੀਤਾ ਹੈ, ਜਿਸ ‘ਚ ਇਹ ਯਕੀਨੀ ਬਣਾਇਆ ਗਿਆ ਹੈ ਕਿ ਉਨ੍ਹਾਂ ਦਾ ਪਲਾਂਟ ਵਾਤਾਵਰਣ ਸਬੰਧੀ ਸਾਰੇ ਨਿਯਮਾਂ ਦੀ ਪਾਲਣਾ ਕਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਪਲਾਂਟ ਦੀ ਸਖ਼ਤੀ ਨਾਲ ਨਿਗਰਾਨੀ ਕਰੇਗਾ ਤਾਂ ਜੋ ਇਸ ਦੀ ਕਾਰਵਾਈ ਦੌਰਾਨ ਕੋਈ ਉਲੰਘਣਾ ਨਾ ਹੋਵੇ।

ਭਗਵੰਤ ਮਾਨ ਨੇ ਸਪੱਸ਼ਟ ਕੀਤਾ ਕਿ ਵਾਤਾਵਰਣ ਦੇ ਨਿਯਮਾਂ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਪੂਰੀ ਤਰ੍ਹਾਂ ਨਾਲ ਅਣਉਚਿਤ ਅਤੇ ਅਸਵੀਕਾਰਨਯੋਗ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸੇ ਤਰ੍ਹਾਂ ਉਨ੍ਹਾਂ ਪਿੰਡ ਵਿੱਚ ਹਾਈਟੈਕ ਲਾਇਬ੍ਰੇਰੀ ਬਣਾਉਣ ਦਾ ਵੀ ਐਲਾਨ ਕੀਤਾ ਅਤੇ ਕਿਹਾ ਕਿ ਪਿੰਡ ਵਾਸੀਆਂ ਦੀਆਂ ਹੋਰ ਸਾਰੀਆਂ ਜਾਇਜ਼ ਮੰਗਾਂ ਨੂੰ ਪ੍ਰਵਾਨ ਕੀਤਾ ਜਾਵੇਗਾ।

Scroll to Top