July 5, 2024 8:21 pm
Contract employees

ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ 27 ਦਸੰਬਰ ਨੂੰ ਟਰਾਂਸਪੋਰਟ ਸਕੱਤਰ ਨਾਲ ਹੋਵੇਗੀ ਮੀਟਿੰਗ

ਚੰਡੀਗੜ੍ਹ 20 ਦਸੰਬਰ 2022: ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ (Punjab Roadways and PRTC Contract Workers Union) ਨੇ ਆਪਣੀ ਹੜਤਾਲ ਮੁਲਤਵੀ ਕਰ ਦਿੱਤੀ ਹੈ। ਪਿਛਲੇ 5 ਦਿਨਾਂ ਤੋਂ ਸੂਬੇ ਦੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਮੀਟਿੰਗ ਵਿੱਚ ਪੰਜਾਬ ਦੇ ਮੁੱਖ ਸਕੱਤਰ ਵੱਲੋਂ ਮਿਲੇ ਭਰੋਸੇ ਤੋਂ ਬਾਅਦ ਯੂਨੀਅਨ ਨੇ ਇਹ ਫੈਸਲਾ ਲਿਆ ਹੈ।

ਹੁਣ 27 ਦਸੰਬਰ ਨੂੰ ਯੂਨੀਅਨ ਦੇ ਵਫ਼ਦ ਦੀ ਸੂਬਾ ਟਰਾਂਸਪੋਰਟ ਸਕੱਤਰ ਪੰਜਾਬ ਨਾਲ ਮੀਟਿੰਗ ਹੈ। ਯੂਨੀਅਨ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਮੁੱਖ ਸਕੱਤਰ ਵੱਲੋਂ ਦਿੱਤਾ ਭਰੋਸਾ ਅਤੇ ਮੰਗਾਂ ਨੂੰ ਲਾਗੂ ਨਾ ਕੀਤਾ ਗਿਆ ਤਾਂ ਇਸ ਵਾਰ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਯੂਨੀਅਨ ਨੇ ਇਸ ਵਾਰ ਪਨਬੱਸ ਅਤੇ ਪੀਆਰਟੀਸੀ ਦੀ ਮੁਕੰਮਲ ਚੱਕਾ ਜਾਮ ਕਰਨ ਦੀ ਚਿਤਾਵਨੀ ਦਿੱਤੀ ਹੈ।

ਸੋਮਵਾਰ ਨੂੰ ਪੰਜਾਬ ਦੇ ਮੁੱਖ ਸਕੱਤਰ (ਸੀਐਸ) ਵਿਜੇ ਕੁਮਾਰ ਜੰਜੂਆ ਨੇ ਪੰਜਾਬ ਰੋਡਵੇਜ਼ ਅਤੇ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਦੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ਮੰਨ ਲਈਆਂ ਜਾਣਗੀਆਂ। ਉਨ੍ਹਾਂ ਟਰਾਂਸਪੋਰਟ ਵਿਭਾਗ ਨੂੰ ਹਦਾਇਤਾਂ ਜਾਰੀ ਕਰਦਿਆਂ ਯੂਨੀਅਨ ਦੀਆਂ ਮੰਗਾਂ ’ਤੇ ਮੁੜ ਵਿਚਾਰ ਕਰਨ, ਕੱਚੇ ਕਾਮਿਆਂ ਨੂੰ ਪੱਕੇ ਕਰਨ ਲਈ ਕਿਸੇ ਨਾ ਕਿਸੇ ਕਾਰਨ ਕੱਢੇ ਗਏ ਕੱਚੇ ਕਾਮਿਆਂ ਦੇ ਮਾਮਲੇ ’ਤੇ ਮੁੜ ਵਿਚਾਰ ਕਰਨ ਦਾ ਭਰੋਸਾ ਦਿੱਤਾ ਹੈ। ਇਸ ਦੇ ਨਾਲ ਹੀ ਜਾਂਚ ਤੋਂ ਬਾਅਦ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ 5 ਫ਼ੀਸਦੀ ਸਾਲਾਨਾ ਵਾਧੇ ਅਤੇ ਕੰਡਕਟਰਾਂ ਨੂੰ ਬਲੈਕਲਿਸਟ ਕਰਨ ਸਬੰਧੀ ਸ਼ਰਤਾਂ ਦੀ ਸਮੀਖਿਆ ਕਰਨ ਲਈ ਸਹਿਮਤੀ ਬਣੀ ਹੈ।

ਪੰਜਾਬ ਰੋਡਵੇਜ਼ ਅਤੇ ਪਨਬੱਸ ਦੇ 2900 ਦੇ ਕਰੀਬ ਮੁਲਾਜ਼ਮਾਂ ਨੇ ਰੋਸ ਪ੍ਰਦਰਸ਼ਨ ਕਰਕੇ ਹੜਤਾਲ ਵਿੱਚ ਸ਼ਮੂਲੀਅਤ ਕੀਤੀ। ਇਸ ਕਾਰਨ ਪਠਾਨਕੋਟ, ਤਰਨਤਾਰਨ, ਅੰਮ੍ਰਿਤਸਰ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੋਪੜ, ਨੰਗਲ, ਚੰਡੀਗੜ੍ਹ, ਲੁਧਿਆਣਾ, ਜਗਰਾਉਂ, ਮੋਗਾ, ਮੁਕਤਸਰ ਅਤੇ ਫਿਰੋਜ਼ਪੁਰ ਵਿੱਚ ਪੰਜਾਬ ਰੋਡਵੇਜ਼ ਅਤੇ ਪਨਬੱਸ ਦੀ ਬੱਸ ਸੇਵਾ ਠੱਪ ਹੋਣ ਕਾਰਨ ਲੋਕ ਪ੍ਰੇਸ਼ਾਨ ਰਹੇ ਹਨ। ਲੋਕਾਂ ਨੂੰ ਦੁੱਗਣੀ ਕੀਮਤ ‘ਤੇ ਸਫ਼ਰ ਕਰਨ ਲਈ ਮਜਬੂਰ ਹੋਣਾ ਪਿਆ। ਮੁਫ਼ਤ ਸਫਰ ਕਰਨ ਵਾਲੀਆਂ ਮਹਿਲਾ ਯਾਤਰੀਆਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

ਧਰਨਾਕਾਰੀ ਕਰਮਚਾਰੀਆਂ ਨੇ ਗੈਰ-ਸਿੱਖਿਅਤ ਕਾਮਿਆਂ ਨੂੰ ਆਊਟਸੋਰਸਿੰਗ ‘ਤੇ ਰੱਖੇ ਜਾਣ ਦਾ ਵਿਰੋਧ ਕੀਤਾ ਹੈ। ਮੁਲਾਜ਼ਮਾਂ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਆਊਟਸੋਰਸ ’ਤੇ ਭਰਤੀ ਕੀਤੇ 28 ਡਰਾਈਵਰਾਂ ਦਾ ਡਰਾਈਵਿੰਗ ਟੈਸਟ ਵੀ ਨਹੀਂ ਲਿਆ ਗਿਆ। ਇੱਥੋਂ ਤੱਕ ਕਿ ਉਸ ਨੂੰ ਚੰਡੀਗੜ੍ਹ ਦੇ ਟਰੇਨਿੰਗ ਸਕੂਲ ਵਿੱਚ ਵੀ ਸਿਖਲਾਈ ਨਹੀਂ ਦਿੱਤੀ ਗਈ ਹੈ।