ਚੰਡੀਗੜ੍ਹ, 17 ਅਪ੍ਰੈਲ 2026: ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਟ੍ਰੈਫਿਕ ਅਤੇ ਸੜਕ ਸੁਰੱਖਿਆ-ਕਮ-ਜਨਤਕ ਸ਼ਿਕਾਇਤਾਂ ਏ.ਐਸ. ਰਾਏ ਨੇ ਅੱਜ ਜਨਤਕ ਸ਼ਿਕਾਇਤ ਡਿਵੀਜ਼ਨ (PGD) ਅਧੀਨ ਸਾਰੇ ਨੋਡਲ ਅਧਿਕਾਰੀਆਂ ਨਾਲ ਵਰਚੁਅਲ ਸਮੀਖਿਆ ਬੈਠਕ ਦੀ ਪ੍ਰਧਾਨਗੀ ਕੀਤੀ।
ਇਹ ਬੈਠਕ ਪੀਜੀਡੀ ਪੋਰਟਲ “pgd.punjabpolice.gov.in”, ਜੋ ਕਿ ਨਾਗਰਿਕਾਂ ਨੂੰ ਪੰਜਾਬ ਪੁਲਿਸ ਨਾਲ ਸਬੰਧਤ ਸ਼ਿਕਾਇਤਾਂ ਦਰਜ ਕਰਾਉਣ ਲਈ ਇੱਕ ਸਮਰਪਿਤ ਪਲੇਟਫਾਰਮ ਦਿੰਦਾ ਹੈ, ਰਾਹੀਂ ਦਰਜ ਕਰਵਾਈਆਂ ਸ਼ਿਕਾਇਤਾਂ ਦੀ ਮੌਜੂਦਾ ਸਥਿਤੀ ਅਤੇ ਨਿਪਟਾਰੇ ਦਾ ਜਾਇਜ਼ਾ ਲੈਣ ਲਈ ਕੀਤੀ।
ਇਹ ਬੈਠਕ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਕੀਤੀ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਸਪੈਸ਼ਲ ਡੀਜੀਪੀ ਏ.ਐਸ. ਰਾਏ ਨੂੰ ਨੋਡਲ ਅਧਿਕਾਰੀਆਂ ਨਾਲ ਵਰਚੁਅਲ ਬੈਠਕ ਕਰਕੇ ਲੰਬਿਤ ਸ਼ਿਕਾਇਤਾਂ ਦਾ ਜਾਇਜ਼ਾ ਲੈਣ ਕਿਹਾ ਗਿਆ ਸੀ। ਸਪੈਸ਼ਲ ਡੀਜੀਪੀ ਏ.ਐਸ. ਰਾਏ ਵੱਲੋਂ ਭਵਿੱਖ’ਚ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ਤੇ ਨਿਪਟਾਰਾ ਕਰਨ ਲਈ ਵੱਖ-ਵੱਖ ਖੇਤਰਾਂ ਦਾ ਦੌਰਾ ਵੀ ਕੀਤਾ ਜਾਵੇਗਾ।
ਇਸ ਬੈਠਕ ਦੌਰਾਨ ਸਪੈਸ਼ਲ ਡੀਜੀਪੀ ਏ.ਐਸ. ਰਾਏ ਨੇ ਸਾਰੇ ਨੋਡਲ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਲੋਕਾਂ ਦੀਆਂ ਸ਼ਿਕਾਇਤਾਂ ਪੀਜੀਡੀ ਪੋਰਟਲ ਰਾਹੀਂ ਅਪਲੋਡ ਕੀਤੀਆਂ ਜਾਣ ਅਤੇ ਇਸ ਸਬੰਧੀ ਬਣਦੀ ਕਾਰਵਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਨੋਡਲ ਅਧਿਕਾਰੀਆਂ ਵੱਲੋਂ ਸ਼ਿਕਾਇਤਾਂ ਦੇ ਨਿਪਟਾਰੇ ਦੀ ਨਿੱਜੀ ਤੌਰ ’ਤੇ ਨਿਗਰਾਨੀ ਕੀਤੀ ਜਾਵੇ ਅਤੇ ਸਾਰੇ ਦੋਸ਼ਾਂ ਨੂੰ ਨਿਰਪੱਖ ਅਤੇ ਤਰਕਪੂਰਨ ਢੰਗ ਨਾਲ ਹੱਲ ਕਰਕੇ ਜਾਂਚ ਰਿਪੋਰਟਾਂ ਦੀ ਗੁਣਵੱਤਾ ‘ਚ ਸੁਧਾਰ ਕੀਤਾ ਜਾਵੇ।
ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸ਼ਿਕਾਇਤਾਂ ਦੇ ਪ੍ਰਭਾਵੀ ਨਿਪਟਾਰੇ ਲਈ ਸਾਰੇ ਅਧਿਕਾਰੀਆਂ ਨੂੰ ਪੀਜੀਡੀ ਪੋਰਟਲ ਤੋਂ ਪੂਰੀ ਤਰ੍ਹਾਂ ਜਾਣੂ ਹੋਣਾ ਚਾਹੀਦਾ ਹੈ। ਜਾਂਚ ਦੇ ਮਿਆਰ ਨੂੰ ਹੋਰ ਬਿਹਤਰ ਬਣਾਉਣ ਲਈ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਉਹ ਸਾਰੇ ਦੋਸ਼ਾਂ ਨੂੰ ਨਿਰਪੱਖ ਅਤੇ ਤਰਕਪੂਰਨ ਢੰਗ ਨਾਲ ਨਜਿੱਠਣ ਤਾਂ ਜੋ ਜਾਂਚ ਰਿਪੋਰਟਾਂ ਦੀ ਗੁਣਵੱਤਾ ‘ਚ ਹੋਰ ਵਾਧਾ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਨਿਰਦੇਸ਼ ਦਿੱਤੇ ਕਿ ਸਾਰੀਆਂ ਸ਼ਿਕਾਇਤਾਂ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਨਿਪਟਾਈਆਂ ਜਾਣ, ਕਿਸੇ ਵੀ ਬੇਲੋੜੀ ਦੇਰੀ ਲਈ ਸਬੰਧਤ ਅਧਿਕਾਰੀ ਦੀ ਜਵਾਬਦੇਹੀ ਤੈਅ ਕੀਤੀ ਜਾਵੇ।
ਵਿਸ਼ੇਸ਼ ਡੀਜੀਪੀ ਨੇ ਇਹ ਵੀ ਐਲਾਨ ਕੀਤਾ ਕਿ ਸਮੇਂ ਸਿਰ ਸ਼ਿਕਾਇਤਾਂ ਨੂੰ ਅਪਲੋਡ ਕਰਨ ਅਤੇ ਨਿਪਟਾਰੇ ਦੀ ਸਹੂਲਤ ਲਈ ਪੁਲਿਸ ਸਟੇਸ਼ਨ ਪੱਧਰ ’ਤੇ ਸਮਰਪਿਤ ਸ਼ਿਕਾਇਤ ਪ੍ਰਬੰਧਨ ਡੈਸਕ ਯਕੀਨੀ ਬਣਾਏ ਜਾਣਗੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਵਿਸ਼ੇਸ਼ ਤੌਰ ’ਤੇ ਜਨਤਾ ਨਾਲ ਹਲੀਮੀ ਅਤੇ ਸਤਿਕਾਰ ਨਾਲ ਪੇਸ਼ ਆਉਣ ਦੇ ਨਿਰਦੇਸ਼ ਦਿੱਤੇ।
Read More: ਮਹਿਲਾ ਰਾਖਵਾਂਕਰਨ ਬਿੱਲ ਇੱਕ ਸਿਆਸੀ ਚਾਲ ਲੱਗ ਰਿਹੈ, ਕੇਂਦਰ ਦੇ ਇਰਾਦੇ ‘ਤੇ ਸ਼ੱਕ: ਗੁਰਮੀਤ ਸਿੰਘ ਮੀਤ ਹੇਅਰ




