July 4, 2024 11:12 pm
Punjab Students Union

ਪੰਜਾਬ ਸਟੂਡੈਂਟਸ ਯੂਨੀਅਨ ਨੇ ਕੇਂਦਰ ਸਰਕਾਰ ਨੂੰ ਨਵੀਂ ਸਿੱਖਿਆ ਨੀਤੀ ਤੁਰੰਤ ਰੱਦ ਦੀ ਕੀਤੀ ਮੰਗ

ਸ੍ਰੀ ਮੁਕਤਸਰ ਸਾਹਿਬ 14 ਸਤੰਬਰ 2022: ਪੰਜਾਬ ਸਟੂਡੈਂਟਸ ਯੂਨੀਅਨ (Punjab Students Union) ਵੱਲੋਂ ਅੱਜ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਸੂਬਾ ਪੱਧਰੀ ਸੱਦੇ ਤਹਿਤ ਵਿਦਿਆਰਥੀ ਮੰਗਾਂ ਨੂੰ ਲੈ ਕੇ ਰੋਸ਼ ਰੈਲੀ ਕੱਢੀ । ਰੈਲੀ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਆਗੂ ਸੁਖਪ੍ਰੀਤ ਕੌਰ ਅਤੇ ਕਾਲਜ ਕਮੇਟੀ ਪ੍ਰਧਾਨ ਮਮਤਾ ਰਾਣੀ ਨੇ ਕਿਹਾ ਕਿ ਕੇਂਦਰ ਸਰਕਾਰ ਸੂਬਿਆਂ ਦੇ ਅਧਿਕਾਰਾਂ ਨੂੰ ਸੀਮਤ ਕਰਦਿਆਂ ਸਿੱਖਿਆ ਨੂੰ ਪ੍ਰਾਈਵੇਟ ਹੱਥਾਂ ਵਿੱਚ ਸੌਂਪ ਕੇ ਇਸ ਦੇ ਨਿੱਜੀਕਰਨ ਤੇ ਕੇਂਦਰੀਕਰਨ ਵੱਲ ਵਧ ਰਹੀ ਹੈ।

ਉਨ੍ਹਾਂ ਕਿਹਾ ਕਿ ਇਸ ਲੜੀ ਤਹਿਤ ਕੇਂਦਰ ਵੱਲੋਂ ਭਾਰਤ ਵਿੱਚ ਕੌਮੀ ਸਿੱਖਿਆ ਨੀਤੀ (New Education Policy) ਨੂੰ ਲਾਗੂ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਨੀਤੀ ਨੂੰ ਲਾਗੂ ਕਰਨ ਦਾ ਮਕਸਦ ਸਿੱਖਿਆ ਨੂੰ ਇੱਕ ਮਾਰਕੀਟ ਪ੍ਰੋਡਕਟ ਬਣਾਉਣਾ ਹੈ। ਆਗੂਆਂ ਨੇ ਕਿਹਾ ਕਿ ਜੇਕਰ ਸਿੱਖਿਆ ਨੀਤੀ ਲਾਗੂ ਹੁੰਦੀ ਹੈ ਤਾਂ ਇਹ ਅਮੀਰ ਵਰਗ ਦੇ ਹੱਥਾਂ ਵਿੱਚ ਕੇਂਦਰਿਤ ਹੋ ਕੇ ਰਹਿ ਜਾਵੇਗੀ ਅਤੇ ਕਿਰਤੀ ਵਰਗ ਦੇ ਵਿਦਿਆਰਥੀ ਸਿੱਖਿਆ ਤੋਂ ਵਾਂਝੇ ਰਹਿ ਜਾਣਗੇ।

ਇਸ ਕੇਂਦਰੀਕਰਨ ਤੇ ਨਿੱਜੀਕਰਨ ਦੀ ਨੀਤੀ ਤਹਿਤ ਕੇਂਦਰ ਸਰਕਾਰ ਆਪਣੇ ਹਿੰਦੂ ਰਾਸ਼ਟਰ ਦੇ ਏਜੰਡੇ ਨੂੰ ਪੂਰਾ ਕਰਨ ਵਾਲੇ ਪਾਸੇ ਕਦਮ ਪੁੱਟ ਰਹੀ ਹੈ। ਵਿੱਦਿਆਕ ਸੰਸਥਾਵਾਂ ਤੇ ਦੂਜਾ ਹਮਲਾ ਸਰਕਾਰੀ ਕਾਲਜਾਂ ਵਿੱਚ ਸੈਲਫ ਫਾਇਨਾਂਸਡ ਕੋਰਸਾਂ ਰਾਹੀਂ ਕੀਤਾ ਜਾ ਰਿਹਾ ਹੈ। ਜਿਸ ਕਰਕੇ ਇਹਨਾਂ ਕੋਰਸਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਤੇ ਇਹਨਾਂ ਕੋਰਸਾਂ ਦਾ ਸਾਰਾ ਆਰਥਿਕ ਬੋਝ ਆ ਜਾਂਦਾ ਹੈ।

ਇਹਨਾਂ ਕੋਰਸਾਂ ਰਾਹੀਂ ਵਿਦਿਆਰਥੀਆਂ ਦੀ ਲੰਬੇ ਸਮੇਂ ਤੋਂ ਲੁੱਟ ਹੋ ਰਹੀ ਹੈ ਤੇ ਉਹ ਕਿਸੇ ਵੀ ਸਰਕਾਰੀ ਸਕੀਮ ਦਾ ਲਾਹਾ ਨਹੀ ਲੈ ਸਕਦੇ। ਇਸ ਕਰਕੇ ਆਗੂਆਂ ਨੇ ਮੰਗ ਕੀਤੀ ਕਿ ਨਵੀਂ ਸਿੱਖਿਆ ਨੀਤੀ ਤੁਰੰਤ ਰੱਦ ਕੀਤੀ ਜਾਵੇ ਅਤੇ ਸੈਲਫ ਫਾਇਨਾਂਸਡ ਕੋਰਸਾਂ ਦਾ ਸਰਕਾਰੀਕਰਨ ਕੀਤਾ ਜਾਵੇ।