ਚੰਡੀਗੜ੍ਹ, 14 ਅਕਤੂਬਰ 2024: ਪੰਚਾਇਤੀ ਚੋਣਾਂ (Panchayat elections) ਦੇ ਮਾਮਲੇ ਨੂੰ ਲੈ ਕੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਅੱਜ ਸੁਣਵਾਈ ਹੋਈ ਹੈ । ਇਸ ਦੌਰਾਨ ਹਾਈ ਕੋਰਟ ਨੇ ਪੰਜਾਬ ਸਰਕਾਰ ਵੱਲੋਂ ਰਿਜ਼ਰਵ ਵਾਰਡ ਬੰਦ ਕਰਨ ਦੇ ਫੈਸਲੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸਦੇ ਨਾਲ ਹੀ ਹੁਣ ਸੂਬੇ ‘ਚ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ ਹੋ ਗਿਆ ਹੈ ਅਤੇ ਭਲਕੇ ਨਿਰਧਾਰਿਤ ਸਮੇਂ ‘ਤੇ ਵੋਟਿੰਗ ਹੋਵੇਗੀ |
ਹਾਈ ਕੋਰਟ ਨੇ ਰਿਜ਼ਰਵ ਵਾਰਡ ਬੰਦ ਕਰਨ ਦੇ ਸਾਰੇ ਕੇਸਾਂ ਦਾ ਨਿਪਟਾਰਾ ਕਰ ਦਿੱਤਾ ਹੈ। ਹਾਈ ਕੋਰਟ ਨੇ ਕਿਹਾ ਕਿ ਚੋਣ ਕਮਿਸ਼ਨ ਨੇ ਜਿਸ ਤਰ੍ਹਾਂ ਵਾਰਡ ਬਣਾਏ ਅਤੇ ਰਾਖਵੇਂ ਕੀਤੇ ਹਨ, ਉਸੇ ਤਰ੍ਹਾਂ ਚੋਣਾਂ ਕਰਵਾਈਆਂ ਜਾਣਗੀਆਂ। ਇਸਦੇ ਨਾਲ ਹੀ 700 ਤੋਂ ਵੱਧ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ | ਇਸ ਤੋਂ ਇਲਾਵਾ ਹਾਈ ਕੋਰਟ ਨੇ ਕਰੀਬ 250 ਪੰਚਾਇਤਾਂ ਦੀ ਚੋਣ ਪ੍ਰਕਿਰਿਆ ‘ਤੇ ਲੱਗੀ ਰੋਕ ਵੀ ਹਟਾ ਦਿੱਤੀ ਹੈ।
ਜਿਕਰਯੋਗ ਹੈ ਕਿ ਪੰਜਾਬ ‘ਚ ਭਲਕੇ 15 ਅਕਤੂਬਰ ਨੂੰ ਪੰਚਾਇਤੀ ਚੋਣਾਂ (Panchayat elections) ਹੋਣੀਆਂ ਹਨ। ਇਸ ਵਾਰ ਪਾਰਟੀ ਚੋਣ ਨਿਸ਼ਾਨ ’ਤੇ ਵੀ ਚੋਣਾਂ ਨਹੀਂ ਹੋ ਰਹੀਆਂ। ਪਰ ਇਸ ਦੇ ਬਾਵਜੂਦ ਵਿਰੋਧੀ ਪਾਰਟੀਆਂ ਦਾ ਦੋਸ਼ ਹੈ ਕਿ ਉਨ੍ਹਾਂ ਨਾਲ ਜੁੜੇ ਲੋਕਾਂ ਅਤੇ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਜ਼ਬਰਦਸਤੀ ਰੱਦ ਕੀਤੀਆਂ ਗਈਆਂ ਹਨ। ਕਿਸੇ ਨੂੰ ਵੀ NOC ਜਾਰੀ ਨਹੀਂ ਕੀਤੀ |
ਇਸ ਸਮੇਂ ਪੰਜਾਬ ‘ਚ 13937 ਗ੍ਰਾਮ ਪੰਚਾਇਤਾਂ ਹਨ | 15 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ ‘ਚ ਕੁੱਲ 1 ਕਰੋੜ 33 ਲੱਖ ਵੋਟਰ ਆਪਣੀ ਵੋਟ ਪਾਉਣਗੇ। ਚੋਣਾਂ ‘ਚ 96 ਹਜ਼ਾਰ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਪੰਜਾਬ ਸਰਕਾਰ ਨੇ ਚੋਣਾਂ ਸ਼ਾਂਤੀਪੂਰਵਕ ਕਰਵਾਉਣ ਲਈ ਕਈ ਕਦਮ ਚੁੱਕੇ ਹਨ।
ਉੱਥੇ ਹੀ ਅੱਜ ਕਾਂਗਰਸ ਦੇ ਆਗੂਆਂ ਦੇ ਵਫ਼ਦ ਨੇ ਚੋਣ ਕਮਿਸ਼ਨ ਦੇ ਨਾਲ ਮੁਲਾਕਤ ਕੀਤੀ, ਜਿਥੇ ਉਹਨਾਂ ਚੋਣ ਕਮਿਸ਼ਨ ਦੇ ਅੱਗੇ ਮੰਗ ਰੱਖੀ ਹੈ ਕਿ ਪੰਚਾਇਤੀ ਚੋਣਾਂ ਨੂੰ ਤਿੰਨ ਹਫ਼ਤਿਆਂ ਦੇ ਲਈ ਰੱਦ ਕੀਤਾ ਜਾਵੇ |