Punjab Vidhan Sabha

ਪੰਜਾਬ ਵਿਧਾਨ ਸਭਾ ਵੱਲੋਂ ਦਿੱਲੀ ਦੀ ਭਾਜਪਾ ਸਰਕਾਰ ਵੱਲੋਂ ਡਾ. ਭੀਮ ਰਾਓ ਅੰਬੇਡਕਰ ਤੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਹਟਾਉਣ ਦਾ ਨਿਖੇਧੀ

ਚੰਡੀਗੜ, 25 ਫਰਵਰੀ 2025: ਦਿੱਲੀ ‘ਚ ਭਾਜਪਾ ਸਰਕਾਰ ਦੇ ਸੱਤਾ ਸੰਭਾਲਣ ਤੋਂ ਤੁਰੰਤ ਬਾਅਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਹਟਾਉਣ ਦੀ ਨਿੰਦਾ ਕਰਨ ਵਾਲਾ ਮਤਾ ਅੱਜ ਪੰਜਾਬ ਵਿਧਾਨ ਸਭਾ (Punjab Vidhan Sabha) ਨੇ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਇਹ ਮਤਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪੇਸ਼ ਕੀਤਾ, ਜਿਸ ‘ਚ ਕੌਮੀ ਨਾਇਕਾਂ ਦਾ ਅਪਮਾਨ ਕਰਨ ਲਈ ਐਨਸੀਟੀ ਦਿੱਲੀ ਦੀ ਭਾਜਪਾ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ ।

ਇਸ ਤੋਂ ਪਹਿਲਾਂ ਸਿਫ਼ਰ ਕਾਲ ਦੌਰਾਨ (Punjab Vidhan Sabha) ਇਹ ਮੁੱਦਾ ਉਠਾਉਂਦੇ ਹੋਏ, ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮੰਗ ਕੀਤੀ ਕਿ ਦਿੱਲੀ ਭਾਜਪਾ ਸਰਕਾਰ ਦੀ ਕਾਰਵਾਈ ਦੀ ਨਿੰਦਾ ਕਰਨ ਵਾਲਾ ਮਤਾ ਪੰਜਾਬ ਵਿਧਾਨ ਸਭਾ ‘ਚ ਪਾਸ ਕੀਤਾ ਜਾਵੇ ਅਤੇ ਦੇਸ਼ ਦੇ ਰਾਸ਼ਟਰਪਤੀ ਨੂੰ ਭੇਜਿਆ ਜਾਵੇ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਦੇ ਸੱਤਾ ‘ਚ ਆਉਣ ਤੋਂ ਬਾਅਦ, ਦੇਸ਼ ਦੀ ਰਾਜਧਾਨੀ ‘ਚ ਬਾਬਾ ਸਾਹਿਬ ਅੰਬੇਡਕਰ ਅਤੇ ਦਲਿਤ ਭਾਈਚਾਰੇ ਦਾ ਘੋਰ ਅਪਮਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੀ ਭਾਜਪਾ ਸਰਕਾਰ ਵੱਲੋਂ ਸੱਤਾ ‘ਚ ਆਉਣ ਤੋਂ ਤੁਰੰਤ ਬਾਅਦ ਬਾਬਾ ਸਾਹਿਬ ਅੰਬੇਡਕਰ ਦੀਆਂ ਫੋਟੋਆਂ ਨੂੰ ਹਟਾ ਦੇਣਾ ਦੇਸ਼ ਦੇ ਦਲਿਤਾਂ ਦਾ ਘੋਰ ਅਪਮਾਨ ਹੈ।

ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ‘ਚ ਭਾਜਪਾ ਦੇ ਸੱਤਾ ‘ਚ ਆਉਣ ਤੋਂ ਬਾਅਦ ਦਲਿਤਾਂ ਵਿਰੁੱਧ ਅੱਤਿਆਚਾਰਾਂ ਵਿੱਚ ਚਿੰਤਾਜਨਕ ਵਾਧੇ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਸੰਵਿਧਾਨ ਨਾਲ ਛੇੜਛਾੜ ਦੇ ਮੱਦੇਨਜ਼ਰ, ਭਾਜਪਾ ਦੇ ਇਰਾਦਿਆਂ ਬਾਰੇ ਚਿੰਤਾਵਾਂ ਵਧ ਰਹੀਆਂ ਹਨ ਅਤੇ ਦਲਿਤ ਔਰਤਾਂ ਨਾਲ ਬਲਾਤਕਾਰ ਵਰਗੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਵਿੱਤ ਮੰਤਰੀ ਨੇ ਕਿਹਾ ਕਿ ਇਹ ਖਦਸ਼ਾ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸੰਸਦ ‘ਚ ਡਾ. ਅੰਬੇਡਕਰ ਪ੍ਰਤੀ ਕੀਤੀਆਂ ਟਿੱਪਣੀਆਂ ਨਾਲ ਹੋਰ ਸਪੱਸ਼ਟ ਹੋ ਗਿਆ, ਜਿਸ ਨਾਲ ਮਾਹੌਲ ਹੋਰ ਵੀ ਵਿਗੜ ਗਿਆ ਅਤੇ ਅੰਮ੍ਰਿਤਸਰ ਵਿੱਚ ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਹੋਈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਾਬਾ ਸਾਹਿਬ ਡਾ. ਅੰਬੇਡਕਰ ਦੇ ਬੁੱਤ ਨੂੰ ਅਪਵਿੱਤਰ ਕਰਨ ਦੀ ਤਾਜ਼ਾ ਕੋਸ਼ਿਸ਼ ਵੱਲ ਧਿਆਨ ਦਿਵਾਉਂਦੇ ਹੋਏ, ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਕਦਮ ਬਾਬਾ ਸਾਹਿਬ ਅੰਬੇਡਕਰ ਦੀ ਵਿਰਾਸਤ ਦੀ ਰੱਖਿਆ ਅਤੇ ਨਿਆਂ ਨੂੰ ਕਾਇਮ ਰੱਖਣ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਵਿੱਤ ਮੰਤਰੀ ਨੇ ਭਾਜਪਾ ਵੱਲੋਂ ਸਥਾਪਿਤ ਸੰਸਥਾਵਾਂ ਨੂੰ ਕਮਜ਼ੋਰ ਕਰਨ ਅਤੇ ‘ਇੱਕ ਰਾਸ਼ਟਰ, ਇੱਕ ਚੋਣ’ ਵਰਗੀਆਂ ਨੀਤੀਆਂ ਨੂੰ ਲਾਗੂ ਕਰਨ ਦੀਆਂ ਕੋਸ਼ਿਸ਼ਾਂ ਦੀ ਵੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਇਹ ਲੋਕਤੰਤਰੀ ਸਿਧਾਂਤਾਂ ਅਤੇ ਸੰਵਿਧਾਨ ‘ਚ ਦਰਜ ਅਧਿਕਾਰਾਂ ਦੀ ਉਲੰਘਣਾ ਕਰਦਾ ਹੈ। ਉਨ੍ਹਾਂ ਭਾਜਪਾ ‘ਤੇ ਬਾਬਾ ਸਾਹਿਬ ਡਾ. ਅੰਬੇਡਕਰ ਵੱਲੋਂ ਗਰੀਬਾਂ ਅਤੇ ਦਲਿਤ ਭਾਈਚਾਰਿਆਂ ਨੂੰ ਦਿੱਤੇ ਗਏ ਅਧਿਕਾਰਾਂ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ।

ਇਸ ਮੁੱਦੇ ‘ਤੇ ਸਮਰਥਨ ਲਈ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦਾ ਧੰਨਵਾਦ ਕਰਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਮਾਜ ਦੇ ਹਾਸ਼ੀਏ ‘ਤੇ ਧੱਕੇ ਭਾਈਚਾਰਿਆਂ ਦੇ ਅਧਿਕਾਰਾਂ ਅਤੇ ਮਾਣ-ਸਨਮਾਨ ਨੂੰ ਕਮਜ਼ੋਰ ਕਰਨ ਅਤੇ ਬਾਬਾ ਸਾਹਿਬ ਅੰਬੇਡਕਰ ਦੀ ਅਗਵਾਈ ਹੇਠ ਨਿਆਂ ਅਤੇ ਸਮਾਨਤਾ ਦੀਆਂ ਕਦਰਾਂ-ਕੀਮਤਾਂ ਦੀ ਰਾਖੀ ਲਈ ਕੀਤੇ ਗਏ ਸੰਘਰਸ਼ ਦੇ ਵਿਰੁੱਧ ਅਜਿਹੀਆਂ ਕਾਰਵਾਈਆਂ ਦਾ ਇੱਕਜੁੱਟ ਵਿਰੋਧ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਇਸ ਮੌਕੇ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਅਤੇ ਨਛੱਤਰ ਪਾਲ ਸਿੰਘ ਨੇ ਵੀ ਐਨਸੀਟੀ ਦਿੱਲੀ ਦੀ ਭਾਜਪਾ ਸਰਕਾਰ ਦੀ ਸੌੜੀ ਮਾਨਸਿਕਤਾ ਦੀ ਸਖ਼ਤ ਆਲੋਚਨਾ ਕੀਤੀ।

Read More: Punjab Vidhan Sabha 2025: CM ਮਾਨ ਨੇ ਕਾਂਗਰਸ ‘ਤੇ ਸਾਧਿਆ ਨਿਸ਼ਾਨਾ, ਕਾਲੀ ਐਨਕ ਲਗਾ ਕੇ ਪਹੁੰਚੇ ਸਦਨ

Scroll to Top