ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ 2025: ਪੰਜਾਬ ਸਰਕਾਰ ਨੇ ਇੱਕ ਅਹਿਮ ਫੈਸਲੇ ‘ਚ ਅਮ੍ਰਿਤਸਰ ਸ਼ਹਿਰ ਦੇ ਅੰਦਰਲੇ ਹਿੱਸੇ (ਕੰਧ ਵਾਲਾ ਸ਼ਹਿਰ), ਤਲਵੰਡੀ ਸਾਬੋ ਅਤੇ ਸ੍ਰੀ ਅਨੰਦਪੁਰ ਸਾਹਿਬ, ਜਿੱਥੇ ਤਖ਼ਤ ਸਾਹਿਬਾਨ ਸਥਿਤ ਹਨ,ਉਨ੍ਹਾਂ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦਾ ਫੈਸਲਾ ਕੀਤਾ ਗਿਆ ਹੈ।
ਇਸ ਸੰਬੰਧੀ ਘੋਸ਼ਣਾ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਹਾਕਿਆਂ ਤੋਂ ਸ਼ਰਧਾਲੂ ਲੋਕ ਇਨ੍ਹਾਂ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਮੰਗ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਿੱਖਾਂ ਦੇ ਪੰਜ ਤਖ਼ਤ ਸਾਹਿਬਾਨ ਹਨ, ਇਨ੍ਹਾਂ ‘ਚੋਂ ਤਿੰਨ ਤਖ਼ਤ – ਸ਼੍ਰੀ ਅਕਾਲ ਤਖ਼ਤ ਸਾਹਿਬ (ਅਮ੍ਰਿਤਸਰ), ਤਖ਼ਤ ਸ਼੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ, ਬਠਿੰਡਾ) ਅਤੇ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ (ਸ਼੍ਰੀ ਆਨੰਦਪੁਰ ਸਾਹਿਬ) ਪੰਜਾਬ ‘ਚ ਸਥਿਤ ਹਨ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਪੰਜਾਬ ਵਿਧਾਨ ਸਭਾ ਦਾ ਇਹ ਖਾਸ ਸੈਸ਼ਨ ਕੀਤਾ ਜਾ ਰਿਹਾ ਹੈ।
ਮੁੱਖ ਮੰਤਰੀ ਮਾਨ ਅਤੇ ਕੇਜਰੀਵਾਲ ਨੇ ਕਿਹਾ ਕਿ ਮਹਾਨ ਸਿੱਖ ਗੁਰੂਆਂ ਨੇ ਹਮੇਸ਼ਾ ਸਾਰਿਆਂ ਦੀ ਭਲਾਈ ਦੇ ਆਦਰਸ਼ ਨੂੰ ਕਾਇਮ ਰੱਖਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਮਹਾਨ ਬਲੀਦਾਨ ਦਿੱਤਾ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਕਿਹਾ ਕਿ ਗੁਰੂ ਸਾਹਿਬ ਨੇ ਖੁਦ ਆਪਣੇ ਹੱਥਾਂ ਨਾਲ ਸ੍ਰੀ ਅਨੰਦਪੁਰ ਸਾਹਿਬ ਸ਼ਹਿਰ ਵਸਾਇਆ ਸੀ। ਦੱਸਿਆ ਜਾਂਦਾ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਸ਼ਹਿਰ ਵਸਾਉਣ ਲਈ ਜ਼ਮੀਨ ਖਰੀਦੀ ਸੀ ਅਤੇ ਗੁਰੂ ਸਾਹਿਬ ਦੇ ਇਕਲੌਤੇ ਪੁੱਤਰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਇਸ ਪਵਿੱਤਰ ਧਰਤੀ ’ਤੇ ਲਗਭਗ 30 ਸਾਲ ਤੱਕ ਰਹੇ।
ਇਸੇ ਪਵਿੱਤਰ ਧਰਤੀ ’ਤੇ ਗੁਰੂ ਗੋਬਿੰਦ ਸਿੰਘ ਜੀ ਨੇ ਜ਼ੁਲਮ, ਅੱਤਿਆਚਾਰ ਅਤੇ ਬੇਇਨਸਾਫ਼ੀ ਦੇ ਖਿਲਾਫ਼ ਡਟ ਕੇ ਮੁਕਾਬਲਾ ਕਰਨ ਅਤੇ ਕੌਮ ਦੀ ਰੱਖਿਆ ਲਈ ਖਾਲਸਾ ਪੰਥ ਦੀ ਸਥਾਪਨਾ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ‘ਚੋਂ ਤਿੰਨ ਸਾਹਿਬਜ਼ਾਦਿਆਂ ਦਾ ਜਨਮ ਇੱਥੇ ਹੀ ਹੋਇਆ ਸੀ, ਜਿਨ੍ਹਾਂ ਦੀਆਂ ਦਿੱਤੀਆਂ ਕੁਰਬਾਨੀਆਂ ਵਿਸ਼ਵ ਇਤਿਹਾਸ ‘ਚ ਬੇਮਿਸਾਲ ਹਨ।
ਮੁੱਖ ਮੰਤਰੀ ਮਾਨ ਅਤੇ ਕੇਜਰੀਵਾਲ ਨੇ ਕਿਹਾ ਕਿ ਇਨ੍ਹਾਂ ਸ਼ਹਿਰਾਂ ‘ਚ ਮਾਸ, ਸ਼ਰਾਬ, ਤੰਬਾਕੂ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਿਕਰੀ ਅਤੇ ਵਰਤੋਂ ’ਤੇ ਪੂਰੀ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਸ਼ਹਿਰ ਸਿਰਫ਼ ਧਾਰਮਿਕ ਆਸਥਾ ਦੇ ਕੇਂਦਰ ਹੀ ਨਹੀਂ, ਬਲਕਿ ਸਾਡੀ ਸੱਭਿਆਚਾਰਕ ਵਿਰਾਸਤ ਦੇ ਪ੍ਰਤੀਕ ਵੀ ਹਨ। ਇਸ ਲਈ ਇਹ ਮੰਗ ਕਿਸੇ ਇੱਕ ਸਿਆਸੀ ਪਾਰਟੀ, ਭਾਈਚਾਰੇ ਜਾਂ ਧਰਮ ਤੱਕ ਸੀਮਿਤ ਨਹੀਂ ਹੈ, ਬਲਕਿ ਸਾਡੀ ਸੱਭਿਆਚਾਰਕ ਵਿਰਾਸਤ ਦੀ ਸੰਭਾਲ ਅਤੇ ਇਸ ਦੇ ਵਿਸ਼ਵ-ਵਿਆਪੀ ਪ੍ਰਸਾਰ ਦੀ ਦਿਸ਼ਾ ‘ਚ ਜ਼ਰੂਰੀ ਕਦਮ ਹੈ। ਪੰਜਾਬ ਸਰਕਾਰ ਇਨ੍ਹਾਂ ਸ਼ਹਿਰਾਂ ਦੇ ਧਾਰਮਿਕ ਸੈਰ-ਸਪਾਟੇ ਨੂੰ ਵਧਾਵਾ ਦੇਣ ਦੇ ਨਾਲ-ਨਾਲ ਇਨ੍ਹਾਂ ਦੇ ਹਰ ਪੱਖੀ ਵਿਕਾਸ ਨੂੰ ਵੀ ਯਕੀਨੀ ਬਣਾਏਗੀ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਪੰਜਾਬ ਵਿਧਾਨ ਸਭਾ ‘ਚ ਇਸ ਸਬੰਧ ‘ਚ ਪ੍ਰਸਤਾਵ ਪੇਸ਼ ਕੀਤਾ ਜਿਸ ਨੂੰ ਵਿਧਾਨ ਸਭਾ ਨੇ ਸਰਬ-ਸੰਮਤੀ ਨਾਲ ਪਾਸ ਕਰ ਦਿੱਤਾ। ਉਨ੍ਹਾਂ ਕਿਹਾ ਕਿ ਨਾਲ ਹੀ ਇਨ੍ਹਾਂ ਪਵਿੱਤਰ ਸ਼ਹਿਰਾਂ ‘ਚ ਸਾਰੀਆਂ ਧਾਰਮਿਕ ਸੰਸਥਾਵਾਂ ਨਾਲ ਸਬੰਧਤ ਸਰਵ-ਧਰਮ ਕਮੇਟੀ ਬਣਾਈ ਜਾਵੇਗੀ, ਜਿਸ ‘ਚ ਸਾਰੇ ਧਰਮਾਂ ਦੇ ਨੁਮਾਇੰਦੇ ਸ਼ਾਮਲ ਹੋਣਗੇ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਇਨ੍ਹਾਂ ਪਵਿੱਤਰ ਸ਼ਹਿਰਾਂ ਦੇ ਹਰ ਪੱਖੀ ਵਿਕਾਸ, ਸਫ਼ਾਈ, ਸੁਰੱਖਿਆ ਪ੍ਰਬੰਧ ਅਤੇ ਧਾਰਮਿਕ ਸੈਰ-ਸਪਾਟੇ ਦੇ ਪ੍ਰਚਾਰ-ਪ੍ਰਸਾਰ ਲਈ ਸਮਰਪਿਤ ਯਤਨ ਕਰੇਗੀ। ਉਨ੍ਹਾਂ ਕਿਹਾ ਕਿ ਇਸ ਲਈ ਸੂਬਾ ਸਰਕਾਰ ਦੁਆਰਾ ਜ਼ਰੂਰੀ ਬਜਟ ਪ੍ਰਬੰਧ ਕੀਤਾ ਜਾਵੇਗਾ ਅਤੇ ਕੇਂਦਰ ਸਰਕਾਰ ਤੋਂ ਵੀ ਫੰਡ ਮੰਗੇ ਜਾਣਗੇ ਕਿਉਂਕਿ ਆਉਣ ਵਾਲੀਆਂ ਪੀੜ੍ਹੀਆਂ ਲਈ ਇਨ੍ਹਾਂ ਸ਼ਹਿਰਾਂ ਦੀ ਵਿਰਾਸਤ ਨੂੰ ਸੰਭਾਲ ਕੇ ਰੱਖਣਾ ਬਹੁਤ ਜ਼ਰੂਰੀ ਹੈ।
ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦਾ ਸੈਸ਼ਨ ਸਿਰਫ਼ ਇਨ੍ਹੀਂ ਸਮਾਗਮਾਂ ਨੂੰ ਸਮਰਪਿਤ ਸੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਮਹਾਨ ਕੁਰਬਾਨੀ ਸਭ ਤੋਂ ਉੱਚੀ ਅਤੇ ਬੇਮਿਸਾਲ ਹੈ, ਕਿਉਂਕਿ ਗੁਰੂ ਸਾਹਿਬ ਨੇ ਦੂਜਿਆਂ ਦੇ ਧਰਮ ਦੀ ਰੱਖਿਆ ਲਈ ਸ਼ਹੀਦੀ ਦਿੱਤੀ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਮਨੁੱਖੀ ਅਧਿਕਾਰਾਂ ਅਤੇ ਧਾਰਮਿਕ ਆਜ਼ਾਦੀ ਦੀ ਰੱਖਿਆ ਲਈ ਦਿੱਲੀ ਜਾ ਕੇ ਸ਼ਹੀਦੀ ਦਿੱਤੀ, ਜਿਸ ਦੀ ਮਿਸਾਲ ਵਿਸ਼ਵ ਇਤਿਹਾਸ ‘ਚ ਕਿਤੇ ਨਹੀਂ ਮਿਲਦੀ। ਭਗਵੰਤ ਮਾਨ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਧਰਮ-ਨਿਰਪੱਖਤਾ, ਏਕਤਾ ਅਤੇ ਆਪਸੀ ਭਾਈਚਾਰੇ ਦੇ ਸੱਚੇ ਪ੍ਰਤੀਕ ਸਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਅਤੇ ਦਰਸ਼ਨ ਸੰਪੂਰਨ ਮਨੁੱਖਤਾ ਲਈ ਪ੍ਰਕਾਸ਼-ਸਤੰਭ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਸਮਾਗਮ ਆਉਣ ਵਾਲੇ ਸਮੇਂ ‘ਚ ਵੀ ਜਾਰੀ ਰਹਿਣਗੇ ਅਤੇ ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਨੂੰ ਹਰ ਸਾਲ ਮਨਾਇਆ ਜਾਵੇਗਾ।
Read More: ਸ੍ਰੀ ਆਨੰਦਪੁਰ ਸਾਹਿਬ ਵਿਖੇ ਸ਼ਹੀਦੀ ਸਮਾਗਮ ‘ਚ ਵੱਖ-ਵੱਖ ਧਰਮਾਂ ਦੇ ਆਗੂਆਂ ਨੇ ਗੁਰੂ ਸਾਹਿਬ ਨੂੰ ਦਿੱਤੀ ਸ਼ਰਧਾਂਜਲੀ




