Site icon TheUnmute.com

ਪੰਜਾਬ ਵਿਧਾਨ ਸਭਾ ‘ਨੇਵਾ’ ਪ੍ਰੋਜੈਕਟ ਦੀ ਸ਼ੁਰੂਆਤ ਨਾਲ ਹੋਈ ਕਾਗਜ਼ ਰਹਿਤ: ਸਪੀਕਰ ਕੁਲਤਾਰ ਸਿੰਘ ਸੰਧਵਾਂ

NEVA Project

ਚੰਡੀਗੜ੍ਹ, 8 ਫਰਵਰੀ 2025: ਪੰਜਾਬ ਵਿਧਾਨ ਸਭਾ ਸਕੱਤਰੇਤ ‘ਚ ਰਾਸ਼ਟਰੀ ਈ-ਵਿਧਾਨ ਐਪਲੀਕੇਸ਼ਨ (NeVA) ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ, ਜਿਸ ਨਾਲ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕਾਗਜ਼ ਰਹਿਤ ਹੋ ਗਈ ਹੈ। ਇਹ ਪੰਜਾਬ ਵਿਧਾਨ ਸਭਾ ਦੇ ਕੰਮਕਾਜ ਨੂੰ ਹੋਰ ਬਿਹਤਰ ਬਣਾਉਣ ਵੱਲ ਇੱਕ ਨਵਾਂ ਅਤੇ ਇਨਕਲਾਬੀ ਕਦਮ ਹੈ।

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਡਿਜੀਟਾਈਜ਼ੇਸ਼ਨ ਨਾਲ ਵਿਧਾਇਕਾਂ ਦੀ ਜਨਤਾ ਦੇ ਮਹੱਤਵਪੂਰਨ ਮੁੱਦੇ ਉਠਾਉਣ ਦੀ ਸਮਰੱਥਾ ਵਧੇਗੀ ਅਤੇ ਵਿਧਾਨ ਸਭਾ ਦੇ ਕਾਗਜ਼ ਰਹਿਤ ਕੰਮਕਾਜ ਨੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ। ਪਾਰਦਰਸ਼ੀ ਅਤੇ ਜਵਾਬਦੇਹ ਢੰਗ ਨਾਲ ਜਾਣਕਾਰੀ ਸਾਂਝੀ ਕਰਨ ਦੇ ਮੱਦੇਨਜ਼ਰ ਫੈਸਲਿਆਂ ਅਤੇ ਰਿਕਾਰਡਾਂ ਨੂੰ ਟਰੈਕ ਕਰਨਾ ਹੁਣ ਆਸਾਨ ਹੋ ਗਿਆ ਹੈ।

ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਸਾਲ 2022 ਤੋਂ ਸਦਨ ਦੀ ਕਾਰਵਾਈ ਦਾ ਸਿੱਧਾ ਪ੍ਰਸਾਰਣ ਪੰਜਾਬ ਵਿਧਾਨ ਸਭਾ ਅਤੇ ਪੰਜਾਬ ਸਰਕਾਰ ਦੇ ਅਧਿਕਾਰਤ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਕੀਤਾ ਜਾ ਰਿਹਾ ਹੈ, ਤਾਂ ਜੋ ਆਮ ਲੋਕ ਵੀ ਵਿਧਾਨ ਸਭਾ ਦੀ ਕਾਰਵਾਈ ਨੂੰ ਆਸਾਨੀ ਨਾਲ ਦੇਖ ਸਕਣ। ਸਦਨ ‘ਚ ਜਾਣਕਾਰੀ ਦੇ ਆਦਾਨ-ਪ੍ਰਦਾਨ ਦੀ ਸਹੂਲਤ ਲਈ 23 ਸਤੰਬਰ 2023 ਨੂੰ ਪੰਜਾਬ ਵਿਧਾਨ ਸਭਾ ‘ਚ ਰਾਸ਼ਟਰੀ ਈ-ਵਿਧਾਨ ਐਪਲੀਕੇਸ਼ਨ (NeVA) ਦਾ ਉਦਘਾਟਨ ਕੀਤਾ ਗਿਆ ਸੀ।

ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ (NeVA) ਭਾਰਤ ਸਰਕਾਰ ਦਾ ਇੱਕ ਮਿਸ਼ਨ ਮੋਡ ਪ੍ਰੋਜੈਕਟ ਹੈ, ਜਿਸ ਦੇ ਤਹਿਤ ਦੇਸ਼ ਦੇ ਵੱਖ-ਵੱਖ ਵਿਧਾਨ ਸਭਾਵਾਂ ਦਾ ਕੰਮ ਕਾਗਜ਼ ਰਹਿਤ ਢੰਗ ਨਾਲ ਕੀਤਾ ਜਾ ਰਿਹਾ ਹੈ। ਇਸ ਪ੍ਰੋਜੈਕਟ ਦਾ ਉਦੇਸ਼ ਵਿਧਾਨ ਸਭਾਵਾਂ ਦੀ ਕਾਰਵਾਈ ਨੂੰ ਵਧੇਰੇ ਕੁਸ਼ਲ ਅਤੇ ਪਾਰਦਰਸ਼ੀ ਢੰਗ ਨਾਲ ਪੇਸ਼ ਕਰਨਾ ਹੈ।

Read More: 5ਵੀਂ ਜਮਾਤ ਦੀ ਵਿਦਿਆਰਥਣ ਨੇ ਪੰਜਾਬ ਵਿਧਾਨ ਸਭਾ ਦੀ ਸਪੀਕਰ ਬਣਨ ਦੀ ਜਤਾਈ ਇੱਛਾ, ਸਪੀਕਰ ਨੇ ਕੁਰਸੀ ‘ਤੇ ਬਿਠਾਇਆ

Exit mobile version