Punjab News

ਪੰਜਾਬ ਵਿਧਾਨ ਸਭਾ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਖ਼ਿਲਾਫ ਟਿੱਪਣੀਆਂ ਲਈ ਨਿੰਦਾ ਮਤਾ ਪਾਸ

ਚੰਡੀਗੜ੍ਹ, 16 ਮਾਰਚ 2026: ਪੰਜਾਬ ਵਿਧਾਨ ਸਭਾ ਨੇ ਅੱਜ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਬਾਰੇ ਵਿਰੋਧੀ ਧਿਰ ਦੇ ਆਗੂ (ਐਲਓਪੀ) ਪ੍ਰਤਾਪ ਸਿੰਘ ਬਾਜਵਾ ਵੱਲੋਂ ਕੀਤੀਆਂ ਟਿੱਪਣੀਆਂ ਲਈ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ ਕੀਤਾ ਗਿਆ ਹੈ।

ਇਹ ਮੁੱਦਾ 6 ਫਰਵਰੀ, 2026 ਨੂੰ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿਖੇ ਇੱਕ ਜਨਤਕ ਇਕੱਠ ਦੌਰਾਨ ਪ੍ਰਤਾਪ ਸਿੰਘ ਬਾਜਵਾ ਵੱਲੋਂ ਦਿੱਤੇ ਬਿਆਨ ਨਾਲ ਸਬੰਧਤ ਹੈ। ‘ਆਪ’ ਮੁਤਾਬਕ ਆਪਣੇ ਸੰਬੋਧਨ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੇ ਕਥਿਤ ਤੌਰ ‘ਤੇ ਮੰਤਰੀ ਹਰਭਜਨ ਸਿੰਘ ਈਟੀਓ, ਜੋ ਕਿ ਦਲਿਤ ਭਾਈਚਾਰੇ ਨਾਲ ਸਬੰਧਤ ਹਨ, ਲਈ ਅਪਮਾਨਜਨਕ ਅਤੇ ਜਾਤੀ-ਅਧਾਰਤ ਟਿੱਪਣੀਆਂ ਕਰਦੇ ਹੋਏ ਨਿਸ਼ਾਨਾ ਸਾਧਿਆ। ਸਦਨ ਦੇ ਮੈਂਬਰਾਂ ਨੇ ਕਿਹਾ ਕਿ ਅਜਿਹੀਆਂ ਟਿੱਪਣੀਆਂ ਸਿਰਫ਼ ਮੰਤਰੀ ਦਾ ਹੀ ਨਹੀਂ, ਸਗੋਂ ਉਨ੍ਹਾਂ ਦੇ ਪਰਿਵਾਰਕ ਪਿਛੋਕੜ ਅਤੇ ਮਿਹਨਤੀ ਦਲਿਤ ਭਾਈਚਾਰੇ ਦਾ ਵੀ ਘੋਰ ਅਪਮਾਨ ਕਰਦੀਆਂ ਹਨ।

ਇਹ ਮਤਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਸਦਨ ‘ਚ ਲਿਆਂਦਾ, ਜਿਨ੍ਹਾਂ ਨੇ ਇਸ ਗੱਲ ‘ਤੇ ਚਾਨਣਾ ਪਾਇਆ ਕਿ ਇਹ ਟਿੱਪਣੀਆਂ ਇਮਾਨਦਾਰੀ ਨਾਲ ਮਿਹਨਤ ਕਰਕੇ ਆਪਣੀ ਰੋਜ਼ੀ-ਰੋਟੀ ਕਮਾਉਣ ਵਾਲੇ ਬੈਂਡ-ਆਰਕੈਸਟਰਾ ਕਲਾਕਾਰਾਂ ਅਤੇ ਦਿਹਾੜੀਦਾਰ ਮਜ਼ਦੂਰਾਂ ਦੇ ਮਾਣ-ਸਨਮਾਨ ਨੂੰ ਠੇਸ ਪਹੁੰਚਾਉਂਦੀਆਂ ਹਨ। ‘ਆਪ’ ਵਿਧਾਇਕ ਨੇ ਕਿਹਾ ਕਿ ਜ਼ਿੰਮੇਵਾਰ ਜਨਤਕ ਅਹੁਦਿਆਂ ‘ਤੇ ਬੈਠੇ ਵਿਅਕਤੀਆਂ ਨੂੰ ਸੰਜਮ ਵਰਤਣਾ ਚਾਹੀਦਾ ਹੈ ਅਤੇ ਸਤਿਕਾਰ, ਸਮਾਨਤਾ ਅਤੇ ਸਮਾਜਿਕ ਸਦਭਾਵਨਾ ਦੀਆਂ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣਾ ਚਾਹੀਦਾ ਹੈ।

ਨਿੰਦਾ ਮਤਾ ਪੇਸ਼ ਕਰਦੇ ਹੋਏ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਸਦਨ ਪ੍ਰਤਾਪ ਸਿੰਘ ਬਾਜਵਾ ਦੁਆਰਾ ਕੀਤੀਆਂ “ਸ਼ਰਮਨਾਕ” ਟਿੱਪਣੀਆਂ ਦੀ ਸਖ਼ਤ ਨਿੰਦਾ ਕਰਦਾ ਹੈ। ਇਸ ਮਤੇ ‘ਚ ਪ੍ਰਤਾਪ ਸਿੰਘ ਬਾਜਵਾ ਤੋਂ ਦਲਿਤ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਬਿਨਾਂ ਸ਼ਰਤ ਜਨਤਕ ਮੁਆਫ਼ੀ ਮੰਗਣ ਦੀ ਮੰਗ ਕੀਤੀ ਹੈ।

ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਇਸ ਮਾਮਲੇ ਦਾ ਨੋਟਿਸ ਲੈਣ ਅਤੇ ਢੁਕਵੀਂ ਅਨੁਸ਼ਾਸਨੀ ਕਾਰਵਾਈ ਸ਼ੁਰੂ ਕਰਨ ਦੀ ਅਪੀਲ ਕੀਤੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਭਵਿੱਖ ਵਿੱਚ ਕੋਈ ਵੀ ਸਿਆਸੀ ਆਗੂ ਕਿਸੇ ਵੀ ਵਿਅਕਤੀ ਦਾ ਉਸ ਦੇ ਪੇਸ਼ੇ ਜਾਂ ਜਾਤ ਦੇ ਆਧਾਰ ‘ਤੇ ਅਪਮਾਨ ਨਾ ਕੀਤਾ ਜਾਵੇ। ਪੰਜਾਬ ਵਿਧਾਨ ਸਭਾ ਵੱਲੋਂ ਮਤਾ ਸਰਬਸੰਮਤੀ ਨਾਲ ਪਾਸ ਕਰ ਦਿੱਤਾ।

Read More: ਪੰਜਾਬ ਬਜਟ 2026-27 ‘ਚ 2,000 ਕਰੋੜ ਰੁਪਏ ਦਾ ਉਪਬੰਧ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਦੇਵੇਗਾ ਮਜ਼ਬੂਤੀ: ਮਾਨ ਸਰਕਾਰ

ਵਿਦੇਸ਼

Scroll to Top