Punjab Vidhan Sabha

ਪੰਜਾਬ ਵਿਧਾਨ ਸਭਾ ਸਪੀਕਰ ਨੇ ਵਿਦਿਆਰਥੀਆਂ ਨੂੰ ਲੋਕਤੰਤਰੀ ਪ੍ਰਕਿਰਿਆ ‘ਚ ਸ਼ਮੂਲੀਅਤ ਲਈ ਪ੍ਰੇਰਿਆ

ਚੰਡੀਗੜ੍ਹ, 24 ਮਾਰਚ 2023: ਪੰਜਾਬ ਵਿਧਾਨ ਸਭਾ (Punjab Vidhan Sabha) ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਨੌਜਵਾਨ ਵਰਗ ਨੂੰ ਲੋਕਤੰਤਰੀ ਪ੍ਰਕਿਰਿਆ ਵਿੱਚ ਆਪਣੀ ਸ਼ਮੂਲੀਅਤ ਵਧਾਉਣ ਲਈ ਪ੍ਰੇਰਿਆ ਹੈ। ਵਿਧਾਨ ਸਭਾ ਵੇਖਣ ਪੁੱਜੇ ਜ਼ਿਲ੍ਹਾ ਬਠਿੰਡਾ ਦੇ ਇੱਕ ਪ੍ਰਾਈਵੇਟ ਸਕੂਲ ਦੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਸ. ਸੰਧਵਾਂ ਨੇ ਕਿਹਾ ਕਿ ਸਿਆਸਤ ਵਿੱਚ ਆਏ ਨਿਘਾਰ ਨੂੰ ਠੱਲ੍ਹ ਪਾਉਣ ਲਈ ਨੌਜਵਾਨਾਂ ਦਾ ਸਿਆਸਤ ਵਿੱਚ ਆਉਣਾ ਜ਼ਰੂਰੀ ਹੈ ਤਾਂ ਹੀ ਦੇਸ਼ ਦੀ ਤਰੱਕੀ ਯਕੀਨੀ ਬਣਾਈ ਜਾ ਸਕਦੀ ਹੈ।

ਉਨ੍ਹਾਂ ਕਿਹਾ ਕਿ ਇਸ ਮਕਸਦ ਦੀ ਪੂਰਤੀ ਲਈ ਪਿਛਲੇ ਦਿਨੀਂ ਸੈਸ਼ਨ ਦੌਰਾਨ ਮੁੱਖ ਮੰਤਰੀ ਸ. ਭਗਵੰਤ ਮਾਨ ਵੀ ਮੈਂਬਰਾਂ ਨੂੰ ਆਪੋ-ਆਪਣੇ ਵਿਧਾਨ ਸਭਾ ਹਲਕਿਆਂ ਤੋਂ ਵਿਦਿਆਰਥੀਆਂ ਨੂੰ ਵਿਧਾਨ ਸਭਾ ਦਾ ਦੌਰਾ ਕਰਾਉਣ ਦੀ ਅਪੀਲ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀ ਜਦੋਂ ਸਦਨ ਦੀ ਕਾਰਵਾਈ ਵੇਖਣਗੇ ਤਾਂ ਉਨ੍ਹਾਂ ਵਿੱਚ ਵੀ ਸਿਆਸਤ ਪ੍ਰਤੀ ਰੁਚੀ ਪੈਦਾ ਹੋਵੇਗੀ।

ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਦੇ ਉਦੇਸ਼ ਨਾਲ ਕੀਤੇ ਗਏ ਇਸ ਦੌਰੇ ਦੌਰਾਨ ਵਿਦਿਆਰਥੀਆਂ ਵੱਲੋਂ ਵਿਧਾਨ ਸਭਾ (Punjab Vidhan Sabha) ਦੀ ਕਾਰਵਾਈ, ਮਤਾ ਲਿਆਉਣ ਅਤੇ ਬਿਲ ਪਾਸ ਕਰਨ ਦੀ ਕਾਰਵਾਈ ਬਾਰੇ ਜਾਣਿਆ ਗਿਆ। ਵਿਦਿਆਰਥੀਆਂ ਨੂੰ ਇਸ ਗੱਲ ਤੋਂ ਵੀ ਜਾਣੂ ਕਰਵਾਇਆ ਗਿਆ ਕਿ ਕਿਵੇਂ ਇੱਕ ਬਿੱਲ ਪਾਸ ਹੋਣ ਤੋਂ ਪਹਿਲਾਂ ਉਸ ਉੱਪਰ ਵਿਚਾਰ ਚਰਚਾ ਕਰਕੇ ਇਹ ਫ਼ੈਸਲਾ ਲਿਆ ਜਾਂਦਾ ਹੈ ਕਿ ਇਹ ਬਿੱਲ ਪਾਸ ਹੋਣ ਦੇ ਯੋਗ ਹੈ ਜਾਂ ਨਹੀਂ। ਵਿਦਿਆਰਥੀਆਂ ਨਾਲ ਉਨ੍ਹਾਂ ਦੇ ਕੋਆਰਡੀਨੇਟਰ ਮੈਡਮ ਹਰਵੀਰ ਕੌਰ, ਅਧਿਆਪਕ ਵਰੁਣ ਸ਼ੁਕਲਾ, ਮੈਡਮ ਨਵਪ੍ਰਿੰਸ ਕੌਰ, ਰਤਨਦੀਪ ਸਿੰਘ ਆਦਿ ਵੀ ਹਾਜ਼ਰ ਸਨ।

Scroll to Top