Vigilance

Vigilance: ਪੰਜਾਬ ਵਿਜੀਲੈਂਸ ਬਿਊਰੋ ਚੀਫ਼ ਵੱਲੋਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ

ਚੰਡੀਗੜ੍ਹ, 28 ਅਕਤੂਬਰ 2024: ਅੱਜ ਵਰਿੰਦਰ ਕੁਮਾਰ, ਵਿਸ਼ੇਸ਼ ਡੀ.ਜੀ.ਪੀ.-ਕਮ-ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ (Punjab Vigilance Bureau) ਨੇ ਵਿਜੀਲੈਂਸ ਬਿਊਰੋ ਭਵਨ ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਸਲਾਨਾ ਵਿਜੀਲੈਂਸ ਜਾਗਰੂਕਤਾ ਹਫ਼ਤੇ ਦੇ ਪਹਿਲੇ ਦਿਨ ਸਹੁੰ ਚੁੱਕ ਸਮਾਗਮ ਤੋਂ ਬਾਅਦ ਅਧਿਕਾਰੀਆਂ/ਕਰਮਚਾਰੀਆਂ ਨੂੰ ਸ਼ਿਕਾਇਤਾਂ ਦੇ ਨਿਰਪੱਖ, ਸਮਾਂਬੱਧ ਢੰਗ ਅਤੇ ਪਾਰਦਰਸ਼ਤਾ ਨਾਲ ਨਿਪਟਾਰੇ ਨੂੰ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ |

ਸਲਾਨਾ ਵਿਜੀਲੈਂਸ ਜਾਗਰੂਕਤਾ ਹਫ਼ਤੇ ਦੇ ਸਮਾਗਮ ਦਾ ਮੁੱਖ ਮਕਸਦ ਨਾਗਰਿਕਾਂ ਅਤੇ ਸਰਕਾਰੀ ਮੁਲਾਜ਼ਮਾਂ ਨੂੰ ਭ੍ਰਿਸ਼ਟਾਚਾਰ ਤੋਂ ਮੁਕਤ ਪ੍ਰਸ਼ਾਸਨ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਹੈ | ਇਸ ਦੌਰਾਨ ਸੰਬੰਧਿਤ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਵਰਿੰਦਰ ਕੁਮਾਰ ਨੇ ਸਾਰੀਆਂ 7 ਰੇਂਜਾਂ ‘ਚ ਵਿਆਪਕ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕਰਨ ਦੇ ਹੁਕਮ ਦਿੱਤੇ ਹਨ |

ਉਨ੍ਹਾਂ ਨੇ ਕਿਹਾ ਕਿ ਵਿਜੀਲੈਂਸ ਬਿਊਰੋ (Vigilance Bureau) ਰੇਂਜਾਂ ਦੇ ਸਾਰੇ ਐਸ.ਐਸ.ਪੀ. ਅਤੇ ਫ਼ੀਲਡ ਅਧਿਕਾਰੀਆਂ ਨੂੰ ਨਾਗਰਿਕਾਂ ਨਾਲ ਜੁੜਨ ਦੀ ਲੋੜ ਹੈ। ਸਮੁੱਚੇ ਸਮਾਜ’ਚ ਪਾਰਦਰਸ਼ਤਾ, ਜਵਾਬਦੇਹੀ, ਇਮਾਨਦਾਰੀ ਅਤੇ ਅਖੰਡਤਾ ਨੂੰ ਉਤਸ਼ਾਹਿਤ ਕਰਨ ਲਈ ਭ੍ਰਿਸ਼ਟਾਚਾਰ ਖ਼ਿਲਾਫ ਇਹ ਸੰਦੇਸ਼ ਜ਼ਮੀਨੀ ਪੱਧਰ ਤੱਕ ਪਹੁੰਚਣਾਉਣ ਦੀ ਜਰੂਰਤ ਹੈ |

ਇਸ ਮੌਕੇ ਵਿਜੀਲੈਂਸ ਬਿਊਰੋ ਮੁਖੀ ਨੇ ਦੱਸਿਆ ਕਿ ਇਸ ਸਾਲ ਵਿਜੀਲੈਂਸ ਜਾਗਰੂਕਤਾ ਸਪਤਾਹ ਦਾ ਉਦੇਸ਼ ਕੇਂਦਰੀ ਵਿਜੀਲੈਂਸ ਕਮਿਸ਼ਨ ਦੀ ਸੋਚ ਮੁਤਾਬਕ ‘ਦੇਸ਼ ਦੀ ਖੁਸ਼ਹਾਲੀ ਲਈ ਇਮਾਨਦਾਰੀ ਦਾ ਸੱਭਿਆਚਾਰ’ ਦੀ ਸਿਰਜਣਾ ਕਰਨਾ ਹੈ।

ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਨੂੰ ਲੈ ਕੇ ਆਪਣੀ ਜ਼ੀਰੋ-ਟੌਲਰੈਂਸ ਨੀਤੀ ਨੂੰ ਜਾਰੀ ਰੱਖਦਿਆਂ ਮਾਰਚ 2022 ਤੋਂ ਹੁਣ ਤੱਕ ਭ੍ਰਿਸ਼ਟਾਚਾਰ ਦੇ 673 ਮਾਮਲੇ ਦਰਜ ਕੀਤੇ ਹਨ। ਵਿਜੀਲੈਂਸ ਬਿਊਰੋ ਮੁਖੀ ਨੇ ਦੱਸਿਆ ਕਿ ਇਨ੍ਹਾਂ ਮਾਮਲਿਆਂ ਦੀ ਜਾਂਚ ਦੌਰਾਨ ਕੁੱਲ 758 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਵਿਜੀਲੈਂਸ ਮੁਖੀ ਨੇ ਕਿਹਾ ਕਿ ਭ੍ਰਿਸ਼ਟਾਚਾਰ ਸੂਬੇ ਅਤੇ ਇਸਦੇ ਨਾਗਰਿਕਾਂ ਦੀ ਅਖੰਡਤਾ ਅਤੇ ਸਨਮਾਨ ਲਈ ਇੱਕ ਖਤਰਨਾਕ ਅਤੇ ਘਿਣਾਉਣਾ ਅਪਰਾਧ ਹੈ, ਭਾਵੇਂ ਉਹ ਸੇਵਾਵਾਂ ਪ੍ਰਦਾਨ ਕਰਨ ਵਾਲੇ ਜਾਂ ਉਨ੍ਹਾਂ ਨੂੰ ਪ੍ਰਾਪਤ ਕਰਨ ਵਾਲੇ ਨਾਗਰਿਕਾਂ ਦੁਆਰਾ ਕੀਤਾ ਗਿਆ ਹੋਵੇ।

ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਭ੍ਰਿਸ਼ਟ ਕੰਮਾਂ ਅਤੇ ਦੁਰਵਿਹਾਰ ‘ਚ ਸ਼ਾਮਲ ਪਾਇਆ ਗਿਆ ਤਾਂ ਉਸ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ‘ਚ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਨੂੰ ਯਕੀਨੀ ਬਣਾਉਣ ਲਈ ਸਰਕਾਰ ਅਤੇ ਵਿਜੀਲੈਂਸ ਬਿਊਰੋ ਦੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਕਰਨ।

ਇਸਦੇ ਨਾਲ ਹੀ ਵਰਿੰਦਰ ਕੁਮਾਰ ਨੇ ਦੱਸਿਆ ਕਿ ਇੱਕ ਨਾਗਰਿਕ ਪੱਖੀ ਸ਼ਿਕਾਇਤ ਪ੍ਰਣਾਲੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੁਆਰਾ 2022 ‘ਚ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਟਸਐਪ ਨੰਬਰ 9501-200-200 ਸ਼ੁਰੂ ਕੀਤਾ ਸੀ, ਜਿਸਦੇ ਤਹਿਤ ਬਿਊਰੋ ਵੱਲੋਂ 189 FIR ਦਰਜ ਕੀਤੀਆਂ ਗਈਆਂ ਹਨ।

Scroll to Top