ਚੰਡੀਗੜ੍ਹ, 31 ਅਗਸਤ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਇਆ, ਪੰਜਾਬ ਜਲ ਸਪਲਾਈ (PUNJAB WATER SUPPLY) ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ.ਐਸ.ਐਸ. ਆਹਲੂਵਾਲੀਆ ਨੇ 21 ਜੂਨੀਅਰ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੀ.ਈ.ਓ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਸਕੱਤਰ ਸ. ਮਾਲਵਿੰਦਰ ਸਿੰਘ ਜੱਗੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਅੱਜ ਇੱਥੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਦਫ਼ਤਰ ਸੈਕਟਰ 27, ਚੰਡੀਗੜ੍ਹ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਡਾ.ਐਸ.ਐਸ. ਆਹਲੂਵਾਲੀਆ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਪੰਜਾਬੀਆਂ ਨਾਲ ਕੀਤੇ ਵਾਅਦੇ ਅਨੁਸਾਰ ਰੁਜਗਾਰ ਦੇ ਨਵੇਂ ਮੌਕੇ ਪ੍ਰਦਾਨ ਕਰ ਰਹੇ ਹਨ ਤਾਂ ਜੋ ਨਵੀਂ ਪੀੜ੍ਹੀ ਨੂੰ ਨਸ਼ਿਆਂ ਅਤੇ ਗਲਤ ਕੰਮਾਂ ਤੋਂ ਦੂਰ ਰੱਖਿਆ ਜਾ ਸਕੇ ਅਤੇ ਉਨ੍ਹਾਂ ਨੂੰ ਆਪਣੇ ਸੁਪਨੇ ਪੂਰੇ ਕਰਨ ਲਈ ਵਿਦੇਸ਼ਾਂ ਵਿੱਚ ਨਾ ਜਾਣਾ ਪਵੇ।
ਪੰਜਾਬ ਜਲ ਸਪਲਾਈ (PUNJAB WATER SUPPLY) ਅਤੇ ਸੀਵਰੇਜ ਬੋਰਡ ਦੇ 21 ਜੂਨੀਅਰ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਡਾ.ਐਸ.ਐਸ.ਆਹਲੂਵਾਲੀਆ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਨਾਲ ਕੰਮ ਕਰਨ ਲਈ ਕਿਹਾ ਕਿਉਂਕਿ ਮਾਨ ਸਰਕਾਰ ਵਿੱਚ ਭ੍ਰਿਸ਼ਟਾਚਾਰ ਲਈ ਕੋਈ ਥਾਂ ਨਹੀਂ ਹੈ।
ਇਸ ਮੌਕੇ ਡਾ.ਐਸ.ਐਸ.ਆਹਲੂਵਾਲੀਆ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਵਿੱਚ 12 ਐਸ.ਡੀ.ਓਜ਼, 43 ਜੇ.ਈਜ਼ ਦੀ ਭਰਤੀ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਤੱਕ 35,000 ਦੇ ਕਰੀਬ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਚੋਣਾਂ ਦੇ ਆਖਰੀ ਸਾਲ ਨੌਕਰੀਆਂ ਦਿੰਦੀਆਂ ਸਨ ਪਰ ਸਰਕਾਰ ਦਾ ਇੱਕੋ ਇੱਕ ਸੁਪਨਾ ਹੈ ਕਿ ਨੌਜਵਾਨਾਂ ਨੂੰ ਵੱਧ ਤੋਂ ਵੱਧ ਨੌਕਰੀਆਂ ਦੇ ਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਚ ਨੌਜਵਾਨਾਂ ਨੂੰ ਬਿਨਾਂ ਕਿਸੇ ਭੇਦਭਾਵ ਅਤੇ ਸਿਫ਼ਾਰਸ਼ ਤੋਂ ਯੋਗਤਾ ਦੇ ਆਧਾਰ ‘ਤੇ ਭਰਤੀ ਕੀਤਾ ਜਾ ਰਿਹਾ ਹੈ |
ਇਸ ਮੌਕੇ ‘ਤੇ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਜੇ.ਈ ਨਿਸ਼ਾਂਤ ਗਰਗ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਗਵੰਤ ਸਿੰਘ ਮਾਨ ਪਹਿਲੇ ਮੁੱਖ ਮੰਤਰੀ ਹਨ, ਜਿਨ੍ਹਾਂ ਵੱਲੋਂ ਨੌਜਵਾਨਾਂ ਨੂੰ ਪਾਰਦਰਸ਼ੀ ਢੰਗ ਨਾਲ ਰਿਸ਼ਵਤ ਜਾਂ ਸਿਫ਼ਾਰਸ਼ ਤੋਂ ਬਿਨਾਂ ਨਿਰੋਲ ਯੋਗਤਾ ਦੇ ਅਧਾਰ ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਪੰਜ ਸਾਲਾਂ ਕਾਰਜਕਾਲ ਦੌਰਾਨ ਆਖਰੀ ਸਾਲ ਵਿੱਚ ਹੀ ਨੌਕਰੀਆਂ ਜਾਰੀ ਕੀਤੀਆਂ ਜਾਂਦੀਆਂ ਸਨ ਪਰ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਪਹਿਲੇ ਹੀ ਸਾਲ ਵਿੱਚ ਵੱਡੀ ਪੱਧਰ ’ਤੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਉਹ 2016 ਤੋਂ ਸਰਕਾਰੀ ਨੌਕਰੀ ਲਈ ਅਪਲਾਈ ਕਰ ਰਹੇ ਸਨ ਅਤੇ ਹੁਣ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਉਨ੍ਹਾਂ ਨੂੰ ਨੌਕਰੀ ਦਿੱਤੀ ਹੈ ।