ਸੰਗਰੂਰ, 22 ਮਈ 2025: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਖੜਾ ਡੈਮ (Bhakra Dam) ‘ਤੇ ਸੀਆਈਐਸਐਫ ਤਾਇਨਾਤ ਕਰਨ ਦੇ ਕੇਂਦਰ ਸਰਕਾਰ ਦੇ ਫੈਸਲੇ ਦਾ ਜ਼ੋਰਦਾਰ ਵਿਰੋਧ ਕੀਤਾ ਹੈ | ਉਨ੍ਹਾਂ ਕਿਹਾ ਕਿ ਇਸ ਫੈਸਲੇ ਦੜਾ ਡਟ ਕੇ ਵਿਰੋਧ ਕੀਤਾ ਜਾਵੇਗਾ | ਕੇਂਦਰੀ ਬਲਾਂ ਦੀ ਤਾਇਨਾਤੀ ਦੇ ਖਰਚੇ ਵਜੋਂ ਸੂਬਾ ਧੇਲਾ ਵੀ ਨਹੀਂ ਦੇਵੇਗਾ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇੱਕ ਗੱਲ ਯਾਦ ਰੱਖਣੀ ਚਾਹੀਦੀ ਹੈ ਕਿ ਨਾ ਤਾਂ ਸਾਡੇ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਇੱਕ ਬੂੰਦ ਵਾਧੂ ਪਾਣੀ ਹੈ ਅਤੇ ਨਾ ਹੀ ਸਾਡੇ ਕੋਲ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਜ਼ਬਰਦਸਤੀ ਤਾਇਨਾਤ ਕੀਤੇ ਜਾ ਰਹੇ ਸੀਆਈਐਸਐਫ ਲਈ ਦੇਣ ਲਈ ਕੋਈ ਪੈਸਾ ਹੈ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਕਦੇ ਵੀ ਇਹ ਰਕਮ ਅਦਾ ਨਹੀਂ ਕਰੇਗੀ ਕਿਉਂਕਿ ਕੇਂਦਰ ਸਰਕਾਰ ਡੈਮ ‘ਤੇ ਕੇਂਦਰੀ ਬਲਾਂ ਨੂੰ ਤਾਇਨਾਤ ਕਰਕੇ ਸੂਬੇ ਦਾ ਪਾਣੀ ਚੋਰੀ ਕਰਨ ਦੀ ਇਹ ਚਾਲ ਖੇਡ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਅਨਾਜ ਅਤੇ ਹੋਰ ਵਸਤੂਆਂ ਲਈ ਪੰਜਾਬ ਦੀ ਲੋੜ ਹੈ ਪਰ ਦੂਜੇ ਪਾਸੇ ਉਹ ਇਸ ਕਾਰਵਾਈ ਰਾਹੀਂ ਸੂਬੇ ਦਾ ਪਾਣੀ ਖੋਹਣ ਦੀ ਕੋਸ਼ਿਸ਼ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਨੂੰ ਇਸ ਦੇ ਵੱਡੇ ਯੋਗਦਾਨ ਲਈ ਪੰਜਾਬ ਨੂੰ ਕੋਈ ਵਿਸ਼ੇਸ਼ ਪੈਕੇਜ ਦੇਣ ਦੀ ਬਜਾਏ, ਭਾਜਪਾ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਆਉਣ ਵਾਲੇ ਸ਼ਨੀਵਾਰ ਨੂੰ ਹੋਣ ਵਾਲੀ ਨੀਤੀ ਆਯੋਗ ਦੀ ਬੈਠਕ ‘ਚ ਪ੍ਰਧਾਨ ਮੰਤਰੀ ਦੇ ਸਾਹਮਣੇ ਇਸ ਮੁੱਦੇ ਨੂੰ ਉਠਾਉਣਗੇ। ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਅਜਿਹੇ ਘਟੀਆ ਹੱਥਕੰਡੇ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸੂਬੇ ਦੇ ਸਖ਼ਤ ਵਿਰੁੱਧ ਹੈ ਕਿਉਂਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਕਦੇ ਵੋਟ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਭਾਵੇਂ ਪੰਜਾਬ ਭਾਰਤੀ ਫੌਜ ‘ਚ ਦੇਸ਼ ਦੀ ਸੇਵਾ ਕਰਨ ਦੇ ਨਾਲ-ਨਾਲ ਰਾਸ਼ਟਰੀ ਅਨਾਜ ਭੰਡਾਰ ‘ਚ ਵੱਡਾ ਯੋਗਦਾਨ ਪਾਉਣ ‘ਚ ਦੇਸ਼ ਦੀ ਅਗਵਾਈ ਕਰਦਾ ਹੈ, ਪਰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਹਮੇਸ਼ਾ ਸੂਬੇ ਨੂੰ ਨਜ਼ਰਅੰਦਾਜ਼ ਕੀਤਾ ਹੈ।
ਭਗਵੰਤ ਮਾਨ ਨੇ ਕਿਹਾ ਕਿ ਜੇਕਰ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਦਾ ਵੱਸ ਚੱਲੇ ਤਾਂ ਉਹ ਰਾਸ਼ਟਰੀ ਗਾਨ ‘ਚੋਂ ਪੰਜਾਬ ਦਾ ਨਾਮ ਵੀ ਹਟਾ ਦੇਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ‘ਕਾਂਗਰਸੀ ਆਗੂਆਂ’ ਜੋ ਭਾਜਪਾ ‘ਚ ਬਦਲ ਗਏ ਹਨ, ਉਨ੍ਹਾਂ ਨੂੰ ਇਸ ਮੁੱਦੇ ‘ਤੇ ਚੁੱਪ ਨਹੀਂ ਰਹਿਣਾ ਚਾਹੀਦਾ ਅਤੇ ਉਨ੍ਹਾਂ ਨੂੰ ਭਗਵਾ ਪਾਰਟੀ ਦੀ ਇਸ ਪੰਜਾਬ ਵਿਰੋਧੀ ਸੋਚ ‘ਤੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਸੰਘੀ ਢਾਂਚੇ ਜਾਂ ਸੰਵਿਧਾਨ ਦਾ ਸਤਿਕਾਰ ਨਹੀਂ ਕਰਦੀ। ਉਨ੍ਹਾਂ ਕਿਹਾ ਕਿ ਇਹ ਮੰਦਭਾਗਾ ਹੈ ਕਿ ਕੇਂਦਰ ਨੇ ਹਰ ਸੰਵਿਧਾਨਕ ਸੰਸਥਾ ਨੂੰ ਕਮਜ਼ੋਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰੀ ਢੰਗ ਨਾਲ ਚੁਣੀਆਂ ਗਈਆਂ ਸਰਕਾਰਾਂ ਦੇ ਕੰਮਕਾਜ ਨੂੰ ਰੋਕਣ ਲਈ ਰਾਜਪਾਲਾਂ ਦੀ ਵਰਤੋਂ ਕੀਤੀ ਜਾ ਰਹੀ ਹੈ, ਜੋ ਕਿ ਲੋਕਤੰਤਰ ਲਈ ਗੰਭੀਰ ਖ਼ਤਰਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ.ਬੀ.ਐਮ.ਬੀ.) ਕੇਂਦਰ ਦੇ ਹੱਥਾਂ ਦੀ ਕਠਪੁਤਲੀ ਹੈ, ਜੋ ਸੂਬੇ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ‘ਚ ਕੋਈ ਕਸਰ ਨਹੀਂ ਛੱਡਦਾ ਅਤੇ ਗ੍ਰਹਿ ਮੰਤਰਾਲੇ ਦਾ ਨਵਾਂ ਪ੍ਰਬੰਧਨ ਵੀ ਇਸੇ ਸਾਜ਼ਿਸ਼ ਦਾ ਹਿੱਸਾ ਹੈ। ਸੀਐੱਮ ਮਾਨ ਨੇ ਕਿਹਾ ਕਿ ਭਾਖੜਾ ਡੈਮ ‘ਤੇ 296 ਸੀਆਈਐਸਐਫ ਕਰਮਚਾਰੀ ਤਾਇਨਾਤ ਕਰਨ ਅਤੇ ਇਸ ਲਈ ਪੰਜਾਬ ਨੂੰ 8.58 ਕਰੋੜ ਰੁਪਏ ਖਰਚਣੇ ਪੈਣਗੇ। ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਪੰਜਾਬ ਪੁਲਿਸ ਪਹਿਲਾਂ ਹੀ ਡੈਮ (Bhakra Dam) ਦੀ ਸੁਰੱਖਿਆ ਮੁਫ਼ਤ ‘ਚ ਯਕੀਨੀ ਬਣਾ ਰਹੀ ਹੈ ਤਾਂ ਅਸੀਂ ਇਹ ਪੈਸਾ ਬੀਬੀਐਮਬੀ ਨੂੰ ਕਿਉਂ ਦੇਈਏ।
ਮੁੱਖ ਮੰਤਰੀ ਨੇ ਕਿਹਾ ਕਿ ਇਸਦੀ ਕਿਸੇ ਵੀ ਹਾਲਤ ‘ਚ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਕਿਉਂਕਿ ਇਹ ਕਦਮ ਬੀਬੀਐਮਬੀ ਅਤੇ ਭਾਜਪਾ ਦਾ ਸੀਆਈਐਸਐਫ ਤਾਇਨਾਤ ਕਰਕੇ ਸੂਬੇ ਦੇ ਪਾਣੀ ਨੂੰ ਲੁੱਟਣ ਦਾ ਇੱਕ ਬੁਰਾ ਮਨਸੂਬਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ, ਮਨਪ੍ਰੀਤ ਸਿੰਘ ਬਾਦਲ, ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵਰਗੇ ‘ਕਾਂਗਰਸੀ’ ਆਗੂ ਭਾਜਪਾ ਤੋਂ ਭਾਜਪਾ ਆਗੂ ਬਣੇ, ਜੋ ਆਪਣੇ ਆਪ ਨੂੰ ਪਾਣੀ ਦੇ ਰੱਖਿਅਕ ਕਹਿੰਦੇ ਹਨ, ਨੂੰ ਇਸ ਮੁੱਦੇ ‘ਤੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਇਹ ਭਾਜਪਾ ਅਤੇ ਬੀਬੀਐਮਬੀ ਦੀ ਪੰਜਾਬ ਦੇ ਪਾਣੀ ਦੇ ਹਿੱਸੇ ਨੂੰ ਘਟਾਉਣ ਦੀ ਇੱਕ ਸੌੜੀ ਚਾਲ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸੂਬੇ ਦੀ ਕਰਜ਼ਾ ਸੀਮਾ ਘਟਾ ਦਿੱਤੀ ਹੈ, ਆਰ.ਡੀ.ਐਫ. ਫੰਡ ਰੋਕ ਦਿੱਤੇ ਹਨ ਅਤੇ ਹੁਣ ਇੱਕ ਹੋਰ ਪੰਜਾਬ ਵਿਰੋਧੀ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੀਆਈਐਸਐਫ ਦੀ ਤਾਇਨਾਤੀ ਇੱਕ ਤਰਕਹੀਣ ਅਤੇ ਮਨਮਾਨੀ ਵਾਲਾ ਕਦਮ ਹੈ ਕਿਉਂਕਿ ਇਸ ਨਾਲ ਸਰਕਾਰੀ ਖਜ਼ਾਨੇ ‘ਤੇ ਵਾਧੂ ਬੋਝ ਪਵੇਗਾ।
Read More: ਪੰਜਾਬ ਸਰਕਾਰ ਨੀਤੀ ਆਯੋਗ ਦੀ ਬੈਠਕ ‘ਚ ਚੁੱਕੇਗੀ BBMB ਪੁਨਰਗਠਨ ਦਾ ਮੁੱਦਾ