ਚੰਡੀਗੜ੍ਹ/ਰੂਪਨਗਰ, 16 ਅਗਸਤ 2025: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ 79ਵੇਂ ਆਜ਼ਾਦੀ ਦਿਵਸ ਮੌਕੇ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ। ਇਸ ਦੌਰਾਨ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਨੇ ਉਨ੍ਹਾਂ ਦੀ ਅਗਵਾਈ ਕੀਤੀ ਅਤੇ ਪਰੇਡ ਦਾ ਨਿਰੀਖਣ ਕੀਤਾ। ਡੀਐਸਪੀ ਜਸ਼ਨਦੀਪ ਸਿੰਘ ਮਾਨ ਦੀ ਅਗਵਾਈ ‘ਚ ਵੱਖ-ਵੱਖ ਟੁਕੜੀਆਂ ਨੇ ਸਲਾਮੀ ਦਿੱਤੀ, ਜਿਨ੍ਹਾਂ ‘ਚ ਪੰਜਾਬ ਪੁਲਿਸ ਦੇ ਜਵਾਨ, ਪੰਜਾਬ ਪੁਲਿਸ ਦੀਆਂ ਮਹਿਲਾਵਾਂ, ਪੰਜਾਬ ਹੋਮ ਗਾਰਡ, ਵੱਖ-ਵੱਖ ਸਕੂਲਾਂ ਦੀਆਂ ਟੁਕੜੀਆਂ ਅਤੇ ਬੈਂਡ ਵਲੋਂ ਮਾਰਚ ਪਾਸਟ ਕੀਤਾ ਗਿਆ |
ਇਸ ਦੌਰਾਨ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਆਜ਼ਾਦੀ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਵੱਖ-ਵੱਖ ਲਹਿਰਾਂ ਅਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ, ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਦੇ ਸੰਘਰਸ਼ਾਂ ਸਦਕਾ ਹੀ ਅਸੀਂ ਅੱਜ ਇੱਕ ਆਜ਼ਾਦ ਦੇਸ਼ ਦੇ ਨਾਗਰਿਕ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਪੰਜਾਬੀਆਂ ਨੇ ਆਜ਼ਾਦੀ ਸੰਗਰਾਮ ‘ਚ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ।
ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਯਾਦ ‘ਚ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ‘ਤੇ ਰੱਖਿਆ ਗਿਆ ਹੈ ਅਤੇ ਉੱਥੇ ਉਨ੍ਹਾਂ ਦਾ ਬੁੱਤ ਲਗਾਇਆ ਗਿਆ ਹੈ। ਇਸ ਤੋਂ ਇਲਾਵਾ, ਸਾਰੇ ਸਰਕਾਰੀ ਦਫ਼ਤਰਾਂ ਵਿੱਚ ਸ਼ਹੀਦ ਭਗਤ ਸਿੰਘ ਅਤੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੀਆਂ ਤਸਵੀਰਾਂ ਲਗਾਈਆਂ ਹਨ।
ਉਨ੍ਹਾਂ ਕਿਹਾ ਕਿ ਹੁਣ ਤੱਕ 55 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਪੰਜਾਬ ਨੇ ਕੇਰਲਾ ਨੂੰ ਹਰਾ ਕੇ ਸਿੱਖਿਆ ਦੇ ਰਾਸ਼ਟਰੀ ਪ੍ਰਾਪਤੀ ਸਰਵੇਖਣ 2024 ‘ਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਇਸ ਸਾਲ ਸਰਕਾਰੀ ਸਕੂਲਾਂ ਦੇ 848 ਵਿਦਿਆਰਥੀਆਂ ਨੇ NEET, 265 ਵਿਦਿਆਰਥੀਆਂ ਨੇ JEE (ਮੇਨ) ਅਤੇ 45 ਵਿਦਿਆਰਥੀਆਂ ਨੇ JEE (ਐਡਵਾਂਸਡ) ਪ੍ਰੀਖਿਆ ਪਾਸ ਕੀਤੀ ਹੈ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ‘ਚ 881 ਆਮ ਆਦਮੀ ਕਲੀਨਿਕ ਚਲਾਏ ਜਾ ਰਹੇ ਹਨ, ਜਿੱਥੇ 107 ਤਰ੍ਹਾਂ ਦੀਆਂ ਦਵਾਈਆਂ ਅਤੇ 47 ਤਰ੍ਹਾਂ ਦੇ ਲੈਬ ਟੈਸਟ ਬਿਲਕੁਲ ਮੁਫ਼ਤ ਉਪਲਬਧ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਪਰਿਵਾਰ ਲਈ 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਕੀਤਾ ਜਾ ਰਿਹਾ ਹੈ | ਇਹ 2 ਅਕਤੂਬਰ ਤੋਂ ਲਾਗੂ ਹੋ ਜਾਵੇਗਾ। ਇਸ ਲਈ ਕੋਈ ਫਾਰਮ ਭਰਨ ਦੀ ਲੋੜ ਨਹੀਂ ਹੈ, ਸਿਰਫ਼ ਆਧਾਰ ਕਾਰਡ ਅਤੇ ਵੋਟਰ ਕਾਰਡ ਨਾਲ ਲਿਆਉਣਾ ਪਵੇਗਾ।
Read More: ਆਜ਼ਾਦੀ ਦਿਵਸ ‘ਤੇ ਭਾਰਤ ਸਰਕਾਰ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਕਰੇਗੀ ਸਨਮਾਨਿਤ