New Agriculture policy

ਪੰਜਾਬ ਦੀ ਨਵੀਂ ਖੇਤੀ ਨੀਤੀ ਕਿਸਾਨੀ ਸਮੱਸਿਆਂਵਾਂ ਹੱਲ ਕਰੇਗੀ: ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ, 25 ਮਈ 2023: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ 30 ਜੂਨ ਨੂੰ ਜਾਰੀ ਹੋਣ ਵਾਲੀ ਨਵੀਂ ਖੇਤੀ ਨੀਤੀ (New Agriculture policy) ਸੂਬੇ ਦੇ ਕਿਸਾਨਾਂ ਦੀਆਂ ਬਹੁਤ ਸਾਰੀਆਂ ਸਮੱਸਿਆਂਵਾਂ ਦਾ ਹੱਲ ਕਰਨ ਵਿਚ ਸਹਾਈ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਨਵੀਂ ਖੇਤੀ ਨੀਤੀ ਕਿਸਾਨਾਂ, ਖੇਤੀ ਮਾਹਰਾਂ, ਕਿਸਾਨ ਆਗੂਆਂ, ਆਮ ਲੋਕਾਂ ਅਤੇ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧੀਆਂ ਦੇ ਸੁਝਾਵਾਂ ਨਾਲ ਤਿਆਰ ਕੀਤੀ ਜਾ ਰਹੀ ਹੈ ਇਹ ਪੰਜਾਬ ਦੇ ਕਿਸਾਨ ਅਤੇ ਕਿਰਸਾਨੀ ਨੂੰ ਬਚਾਉਣ ਵਿਚ ਅਹਿਮ ਭੂਮਿਕਾ ਅਦਾ ਕਰੇਗੀ।

ਸਥਾਨਕ ਪੰਜਾਬ ਭਵਨ ਵਿਖੇ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਦੀਆਂ ਮੰਗਾਂ ਸਬੰਧੀ ਤਕਰੀਬਨ 4 ਘੰਟੇ ਚੱਲੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਨਵੀਂ ਖੇਤੀ ਨੀਤੀ ਕਿਸਾਨਾਂ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ ਤਿਆਰ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਕਿਸਾਨਾਂ ਦੀਆਂ ਬਹੁਤ ਸਾਰੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਵੀ ਸੂਬਾ ਸਰਕਾਰ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸੰਭਾਵਨਾਂਵਾਂ ਤਲਾਸ਼ ਰਹੀ ਹੈ ਕਿਸਾਨਾਂ ਵੱਲੋਂ ਉਗਾਈਆਂ ਸਬਜ਼ੀਆਂ ਅਤੇ ਹੋਰ ਫਸਲਾਂ ਨੂੰ ਗੁਆਂਢੀ ਦੇਸ਼ਾਂ ਵਿਚ ਨਿਰਯਾਤ ਕੀਤਾ ਜਾ ਸਕੇ। ਇਸ ਮਕਸਦ ਦੀ ਪੂਰਤੀ ਲਈ ਪੰਜਾਬ ਸਰਕਾਰ ਗੰਭੀਰਤਾ ਨਾਲ ਕੰਮ ਕਰ ਰਹੀ ਹੈ।

ਕਿਸਾਨ ਆਗੂਆਂ ਵੱਲੋਂ ਸ਼ੂਗਰ ਮਿੱਲਾਂ ਦੇ ਬਕਾਇਆ ਜਾਰੀ ਕਰਨ ਦੀ ਰੱਖੀ ਮੰਗ ਬਾਬਤ ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਬਹੁਤ ਜਲਦ ਗੰਨਾ ਕਾਸ਼ਤਕਾਰਾਂ ਨੂੰ ਉਨ੍ਹਾਂ ਦੀ ਬਕਾਇਆ ਰਾਸ਼ੀ ਦੇ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਦੀ ਆਰਥਿਕ ਹਾਲਤ ਸੁਧਾਰਨ ਲਈ ਸਾਰਥਕ ਕਦਮ ਚੱੁਕ ਰਹੀ ਹੈ ਅਤੇ ਕਿਸਾਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ। ਇਸ ਮੌਕੇ ਹੋਰ ਵੀ ਬਹੁਤ ਸਾਰੇ ਕਿਸਾਨੀ ਅਤੇ ਪੰਜਾਬ ਨਾਲ ਜੁੜੇ ਮੁੱਦਿਆਂ ‘ਤੇ ਵਿਚਾਰ-ਚਰਚਾ ਹੋਈ ਅਤੇ ਕਿਸਾਨਾਂ ਦੀਆਂ ਮੰਗਾਂ ਨੂੰ ਖੇਤੀ ਮੰਤਰੀ ਨੇ ਧਿਆਨਪੂਰਵਕ ਸੁਣ ਕੇ ਸਬੰਧਤ ਵਿਭਾਗਾਂ ਦੇ ਅਫਸਰਾਂ ਨੂੰ ਹਦਾਇਤਾਂ ਅਤੇ ਨਿਰਦੇਸ਼ ਜਾਰੀ ਕੀਤੇ।

ਕਿਸਾਨ ਆਗੂਆਂ ਨੇ ਖੇਤੀ ਮੰਤਰੀ ਦੇ ਧਿਆਨ ਵਿਚ ਲਿਆਂਦਾ ਕਿ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ‘ਚੋਂ ਕੁਝ ਵਾਰਸਾਂ ਨੂੰ ਹਾਲੇ ਤੱਕ ਸਰਕਾਰੀ ਨੌਕਰੀ ਨਹੀਂ ਦਿੱਤੀ ਗਈ। ਧਾਲੀਵਾਲ ਨੇ ਮੌਕੇ ‘ਤੇ ਹੀ ਖੇਤੀ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਜਲਦ ਦਫਤਰੀ ਪ੍ਰਕਿਿਰਆ ਪੂਰੀ ਕਰਕੇ ਨੌਕਰੀ ਦੇਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹੀਦ ਕਿਸਾਨ ਪਰਿਵਾਰਾਂ ਦੇ ਵਾਰਸਾਂ ਨੂੰ ਨੌਕਰੀਆਂ ਅਤੇ ਮੁਆਵਜ਼ਾ ਦੇਣ ਲਈ ਵਚਨਬੱਧ ਹੈ ਅਤੇ ਵਾਅਦੇ ਮੁਤਾਬਕ ਕਿਸਾਨ ਸ਼ਹੀਦਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ।

Scroll to Top