ਚੰਡੀਗੜ੍ਹ, 22 ਸਤੰਬਰ 2023: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. (Harbhajan Singh ETO) ਵੱਲੋਂ ਅੱਜ ਵਿਭਾਗ ਦੇ ਵੱਖ-ਵੱਖ ਜ਼ੋਨਾਂ ਦੇ ਸਾਲਸੀ ਕੇਸਾਂ ਦੇ ਤੁਰੰਤ ਨਿਪਟਾਰੇ ਸਣੇ ਅਦਾਲਤੀ ਕੇਸਾਂ ਦੀ ਸੁਚੱਜੇ ਢੰਗ ਨਾਲ ਪੈਰਵੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਲੋਕ ਨਿਰਮਾਣ ਵਿਭਾਗ (ਭ ਤੇ ਮ ਸ਼ਾਖਾ) ਦੇ ਪੈਂਡਿੰਗ ਸਾਲਸੀ ਅਤੇ ਅਦਾਲਤੀ ਕੇਸਾਂ ਦੀ ਸਮੀਖਿਆ ਕਰਦਿਆਂ ਕੈਬਨਿਟ ਮੰਤਰੀ ਨੇ ਲੰਮੇ ਸਮੇਂ ਤੋਂ ਅਧਵਾਟੇ ਪਏ ਕੇਸਾਂ ਨੂੰ ਗੰਭੀਰਤਾ ਨਾਲ ਲਿਆ। ਉਨ੍ਹਾਂ ਕਿਹਾ ਕਿ ਸਾਲਸੀ ਕੇਸਾਂ ਦੇ ਨਿਪਟਾਰੇ ਸਬੰਧੀ ਵਿਭਾਗ ਦੇ ਅਧਿਕਾਰੀ ਤੁਰੰਤ ਕਾਰਵਾਈ ਅਮਲ ਵਿਚ ਲਿਆਉਣ। ਇਸੇ ਤਰ੍ਹਾਂ ਅਦਾਲਤੀ ਕੇਸਾਂ ਦੀ ਸੁਚਾਰੂ ਢੰਗ ਨਾਲ ਪੈਰਵੀ ਯਕੀਨੀ ਬਣਾਈ ਜਾਵੇ। ਉਨ੍ਹਾਂ ਉਚੇਚੇ ਤੌਰ ‘ਤੇ ਕਿਹਾ ਕਿ ਅਧਿਕਾਰੀਆਂ ਨੂੰ ਕੇਸਾਂ ਨੂੰ ਘਟਾਉਣ ਵਾਸਤੇ ਯੋਗ ਉਪਰਾਲੇ ਕਰਨੇ ਚਾਹੀਦੇ ਹਨ।
ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. (Harbhajan Singh ETO) ਨੇ ਵਿਭਾਗ ਦੇ ਸਕੱਤਰ ਪ੍ਰਿਯੰਕ ਭਾਰਤੀ ਨੂੰ ਨਿਰਦੇਸ਼ ਦਿੱਤੇ ਕਿ ਕੇਸਾਂ ਨੂੰ ਘਟਾਉਣ ਵਾਸਤੇ ਮਾਹਰ ਵਕੀਲਾਂ ਦੇ ਪੈਨਲ ਦੀ ਨਿਯੁਕਤੀ ਕਰਨ ਸਬੰਧੀ ਕੇਸ ਵਿੱਤ ਵਿਭਾਗ ਨੂੰ ਭੇਜਿਆ ਜਾਵੇ ਤਾਂ ਜੋ ਸਰਕਾਰ ਵੱਲੋਂ ਸਾਲਸੀ ਅਤੇ ਕੋਰਟ ਕੇਸਾਂ ਦੀ ਸਹੀ ਤਰੀਕੇ ਨਾਲ ਪੈਰਵੀ ਕੀਤੀ ਜਾ ਸਕੇ ਅਤੇ ਸਮਾਂ ਤੇ ਪੈਸੇ ਦੋਵਾਂ ਦੀ ਬੱਚਤ ਹੋ ਸਕੇ। ਮੀਟਿੰਗ ਵਿੱਚ ਪ੍ਰਿਯੰਕ ਭਾਰਤੀ, ਸਕੱਤਰ, ਲੋਕ ਨਿਰਮਾਣ ਵਿਭਾਗ ਸਮੇਤ ਵਿਭਾਗ ਦੇ ਮੁੱਖ ਇੰਜੀਨੀਅਰ, ਨਿਗਰਾਨ ਇੰਜੀਨੀਅਰ ਅਤੇ ਸਬੰਧਤ ਕਾਰਜਕਾਰੀ ਇੰਜੀਨੀਅਰ ਸ਼ਾਮਲ ਹੋਏ।