Site icon TheUnmute.com

ਰਾਘਵ ਚੱਢਾ ਨੇ ਕਿਸਾਨਾਂ ਦੀ ਨੁਕਸਾਨੀ ਫ਼ਸਲਾਂ ਦੇ ਮੁਆਵਜ਼ੇ ਲਈ ਕੇਂਦਰ ਤੋਂ ਵਿਸ਼ੇਸ਼ ਪੈਕੇਜ ਦੀ ਕੀਤੀ ਮੰਗ

Raghav Chadha

ਚੰਡੀਗੜ੍ਹ, 08 ਅਪ੍ਰੈਲ 2023: ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ (Raghav Chadha) ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਪੱਤਰ ਲਿਖ ਕੇ ਪੰਜਾਬ ਵਿੱਚ ਬੇਮੌਸਮੀ ਬਾਰਿਸ਼ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਪੰਜਾਬ ਦੇ ਵੱਖ-ਵੱਖ ਖੇਤਾਂ ਦਾ ਦੌਰਾ ਕਰਕੇ ਨੁਕਸਾਨੀਆਂ ਫਸਲਾਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ।

ਰਾਘਵ ਚੱਢਾ ਨਾਲ ਦੁੱਖ ਸਾਂਝਾ ਕਰਦਿਆਂ ਕਿਸਾਨਾਂ ਨੇ ਉਨ੍ਹਾਂ ਨੂੰ ਆਪਣੀਆਂ ਖਰਾਬ ਹੋਈਆਂ ਫਸਲਾਂ ਦੇ ਸੈਂਪਲ ਵੀ ਦਿੱਤੇ। ਇਸਦੇ ਹੀ ਨੁਕਸਾਨ ਬਾਰੇ ਕੇਂਦਰੀ ਵਿੱਤ ਮੰਤਰੀ ਨੂੰ ਵੀ ਸੂਚਿਤ ਕਰਨ ਦੀ ਬੇਨਤੀ ਕੀਤੀ ਹੈ। ਰਾਘਵ ਚੱਢਾ ਨੇ ਮੌਕੇ ‘ਤੇ ਹੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਪੱਤਰ ਲਿਖ ਕੇ ਖਰਾਬ ਹੋਈ ਫਸਲ ਦੇ ਨਮੂਨੇ ਸਮੇਤ ਭੇਜ ਦਿੱਤਾ ਹੈ |

ਰਾਘਵ ਚੱਢਾ (Raghav Chadha) ਨੇ ਦੱਸਿਆ ਕਿ ਹਾੜ੍ਹੀ ਦੇ ਸੀਜ਼ਨ ਦੌਰਾਨ ਪੰਜਾਬ ਵਿੱਚ 34.9 ਲੱਖ ਹੈਕਟੇਅਰ ਕਣਕ ਦੀ ਫ਼ਸਲ ਵਿੱਚੋਂ ਕਰੀਬ 14 ਲੱਖ ਹੈਕਟੇਅਰ (40%) ਮੀਂਹ ਕਾਰਨ ਪ੍ਰਭਾਵਿਤ ਹੋਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਫਸਲਾਂ ਦੇ ਨੁਕਸਾਨ ਲਈ ਰਾਹਤ ਰਾਸ਼ੀ 12,000 ਰੁਪਏ ਪ੍ਰਤੀ ਏਕੜ ਤੋਂ ਵਧਾ ਕੇ 15,000 ਰੁਪਏ ਪ੍ਰਤੀ ਏਕੜ ਕਰ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦੀ ਮਦਦ ਲਈ ਕਦਮ ਚੁੱਕੇ ਜਾ ਰਹੇ ਹਨ।

ਰਾਘਵ ਚੱਢਾ ਨੇ ਕਿਹਾ ਕਿ ਕੇਂਦਰ ਪੰਜਾਬ ਦੇ ਕਿਸਾਨਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਤੋਂ ਪਿੱਛੇ ਨਹੀਂ ਹਟ ਸਕਦਾ। ਕਿਉਂਕਿ ਪੰਜਾਬ ਨੇ ਦੇਸ਼ ਦੀ ਖੁਰਾਕ ਸੁਰੱਖਿਆ ਵਿੱਚ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਵਿੱਤ ਮੰਤਰੀ ਨੂੰ ਪੰਜਾਬ ਲਈ ਵਿਸ਼ੇਸ਼ ਪੈਕੇਜ ਦੇਣ ਬਾਰੇ ਵਿਚਾਰ ਕਰਨ ਦੀ ਅਪੀਲ ਕੀਤੀ, ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦੇ ਹੋਏ ਨੁਕਸਾਨ ਦਾ ਢੁੱਕਵਾਂ ਮੁਆਵਜ਼ਾ ਦਿੱਤਾ ਜਾ ਸਕੇ।

Exit mobile version