ਹਰਿਆਣਾ, 29 ਅਕਤੂਬਰ 2026: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ 140 ਕਰੋੜ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਅਤੇ ਗਰੀਬ ਵਿਅਕਤੀ ਨੂੰ ਮਜ਼ਬੂਤ ਬਣਾਉਣ ਲਈ ਕੰਮ ਕਰ ਰਹੇ ਹਨ। ਪ੍ਰਧਾਨ ਮੰਤਰੀ ਨੇ ਗਰੀਬਾਂ ਦੇ ਘਰਾਂ ‘ਚ ਉੱਜਵਲਾ ਯੋਜਨਾ ਤਹਿਤ ਗੈਸ ਸਿਲੰਡਰ ਪਹੁੰਚਾਉਣ ਅਤੇ ਗਰੀਬਾਂ ਨੂੰ ਇਲਾਜ ਦੀ ਸਹੂਲਤ ਦੇਣ ਦਾ ਕੰਮ ਕੀਤਾ, ਪਰ ਕਾਂਗਰਸ ਇਹਨਾਂ ਯੋਜਨਾਵਾਂ ਦਾ ਵੀ ਵਿਰੋਧ ਕਰਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਉਹ ਗਰੀਬਾਂ ਦੇ ਹਿੱਤ ‘ਚ ਕੀਤੇ ਜਾ ਰਹੇ ਕੰਮਾਂ ਦਾ ਵਿਰੋਧ ਕਿਉਂ ਕਰ ਰਹੀ ਹੈ।
ਹਰਿਆਣਾ ਨਿਵਾਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੇਸ਼ ਨੂੰ ਦੁਨੀਆ ਦਾ ਨੰਬਰ ਇੱਕ ਰਾਸ਼ਟਰ ਬਣਾਉਣ ਦੀ ਦਿਸ਼ਾ ‘ਚ ਕੰਮ ਕਰ ਰਹੇ ਹਨ। ਕਿਸਾਨਾਂ ਨੂੰ ਮਜ਼ਬੂਤ ਕਰਨ ਲਈ ਉਨ੍ਹਾਂ ਦੇ ਖਾਤਿਆਂ ‘ਚ ਛੇ ਹਜ਼ਾਰ ਰੁਪਏ ਦੀ ਰਾਸ਼ੀ ਪਹੁੰਚਾਈ ਜਾ ਰਹੀ ਹੈ। ਇਸ ਦੇ ਬਾਵਜੂਦ ਕਾਂਗਰਸ ਪ੍ਰਧਾਨ ਮੰਤਰੀ ਖ਼ਿਲਾਫ਼ ਟਿੱਪਣੀਆਂ ਕਰਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਪਰਿਵਾਰ ਨੂੰ ਲੈ ਕੇ ਕੀਤੀ ਗਈ ਟਿੱਪਣੀ ਬਹੁਤ ਮੰਦਭਾਗੀ ਹੈ ਅਤੇ ਦੇਸ਼ ਦੇ ਲੋਕ ਕਾਂਗਰਸ ਨੂੰ ਇਸ ਲਈ ਮੁਆਫ਼ ਨਹੀਂ ਕਰਨਗੇ। ਮੁੱਖ ਮੰਤਰੀ ਨੇ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਦੇ ਬਿਆਨ ‘ਤੇ ਵੀ ਇਤਰਾਜ਼ ਜਤਾਇਆ।
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਦੀ ‘ਮੁਹੱਬਤ ਦੀ ਦੁਕਾਨ’ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਰਾਹੁਲ ਗਾਂਧੀ ਮੁਹੱਬਤ ਦੀ ਦੁਕਾਨ ਖੋਲ੍ਹਣ ਦੀ ਗੱਲ ਕਰਦੇ ਹਨ, ਪਰ ਦੇਸ਼ ਅਤੇ ਪ੍ਰਦੇਸ਼ ਦੇ ਲੋਕਾਂ ਨੂੰ ਪਤਾ ਹੈ ਕਿ ਇਸ ਦੁਕਾਨ ‘ਚ ਜ਼ਹਿਰ ਵਿਕ ਰਿਹਾ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਰਾਹੁਲ ਗਾਂਧੀ ਦੀ ਇਸ ਦੁਕਾਨ ‘ਚ 1984 ਦੇ ਦੰਗਿਆਂ ਦੀ ਵੀ ਜਗ੍ਹਾ ਹੈ? ਕੀ ਹਰਿਆਣਾ ‘ਚ ਕਾਂਗਰਸ ਦੇ ਸਮੇਂ ਲੋਕਾਂ ਦੇ ਘਰ ਅਤੇ ਦੁਕਾਨਾਂ ਸਾੜਨ ਅਤੇ ਦਲਿਤਾਂ ਦੀਆਂ ਬਸਤੀਆਂ ਸਾੜਨ ਦੀਆਂ ਘਟਨਾਵਾਂ ਨੂੰ ਵੀ ਇਸ ਦੁਕਾਨ ‘ਚ ਸਜਾਇਆ ਜਾਵੇਗਾ? ਰਾਹੁਲ ਗਾਂਧੀ ਨੂੰ ਦੇਸ਼ ਨੂੰ ਦੱਸਣਾ ਚਾਹੀਦਾ ਹੈ ਕਿ ਕੀ ਇਹੋ ਉਨ੍ਹਾਂ ਦੀ ਮੁਹੱਬਤ ਦੀ ਦੁਕਾਨ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸ਼ਾਸਨਕਾਲ ‘ਚ ਪਾਕਿਸਤਾਨ ਤੋਂ ਅੱਤਵਾਦੀ ਆਉਂਦੇ ਸਨ ਅਤੇ ਲੋਕਾਂ ਦੀ ਜਾਨ ਲੈ ਕੇ ਚਲੇ ਜਾਂਦੇ ਸਨ। ਉਸ ਸਮੇਂ ਅੱਤਵਾਦੀ ਘਟਨਾਵਾਂ ‘ਤੇ ਢੁਕਵਾਂ ਜਵਾਬ ਸਾਹਮਣੇ ਨਹੀਂ ਆਉਂਦਾ ਸੀ, ਜਦੋਂ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਤਵਾਦ ‘ਤੇ ਠੱਲ੍ਹ ਪਾਉਣ ਦਾ ਕੰਮ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਲਗਾਤਾਰ ਚੋਣ ਕਮਿਸ਼ਨ ਅਤੇ ਈ.ਵੀ.ਐੱਮ. ‘ਤੇ ਸਵਾਲ ਚੁੱਕਦੀ ਰਹੀ ਹੈ। ਹਾਲ ਹੀ ‘ਚ ਬੈਲਟ ਪੇਪਰ ਨਾਲ ਹੋਈਆਂ ਚੋਣਾਂ ਦੇ ਨਤੀਜਿਆਂ ‘ਚ ਕਾਂਗਰਸ ਦੀ ਸਥਿਤੀ ਕੀ ਰਹੀ, ਇਹ ਵੀ ਉਸ ਨੂੰ ਦੱਸਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹੁਣ ਕਾਂਗਰਸ ਦੇ ਇਹਨਾਂ ਦੋਸ਼ਾਂ ਅਤੇ ਬਿਆਨਾਂ ਨੂੰ ਜਨਤਾ ਸਮਝ ਚੁੱਕੀ ਹੈ।
ਮੁੱਖ ਮੰਤਰੀ ਨੇ ਉੱਤਰ ਪ੍ਰਦੇਸ਼ ‘ਚ ਸਮਾਜਵਾਦੀ ਪਾਰਟੀ ਦੀ ਸਰਕਾਰ ਦੌਰਾਨ ਦੰਗਿਆਂ ਅਤੇ ਕਾਨੂੰਨ-ਵਿਵਸਥਾ ਦੀ ਸਥਿਤੀ ਦਾ ਜ਼ਿਕਰ ਕਰਦਿਆਂ ਸਵਾਲ ਕੀਤਾ ਕਿ ਕੀ ਸ਼੍ਰੀ ਅਖਿਲੇਸ਼ ਯਾਦਵ ਵੀ ਰਾਹੁਲ ਗਾਂਧੀ ਦੀ ਮੁਹੱਬਤ ਦੀ ਦੁਕਾਨ ‘ਚ ਸ਼ਾਮਲ ਹੋ ਕੇ ਇਹਨਾਂ ਘਟਨਾਵਾਂ ਦਾ ਜਵਾਬ ਦੇਣਗੇ? ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਇੰਡੀ ਗਠਜੋੜ ਦੇ ਆਗੂਆਂ ਨੂੰ ਦੇਸ਼ ਦੀ ਜਨਤਾ ਨੂੰ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਦੀ ਮੁਹੱਬਤ ਦੀ ਦੁਕਾਨ ‘ਚ ਆਖਿਰ ਕੀ ਵਿਕ ਰਿਹਾ ਹੈ।
ਆਮ ਆਦਮੀ ਪਾਰਟੀ ਦੇ ਨੇਤਾ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਜਰੀਵਾਲ ਦਾਅਵਾ ਕਰਦੇ ਹਨ ਕਿ ਉਨ੍ਹਾਂ ਦੇ ਕਾਰਜਕਾਲ ‘ਚ ਸਕੂਲਾਂ ਦੀ ਅਜਿਹੀ ਵਿਵਸਥਾ ਕੀਤੀ ਗਈ ਕਿ ਬੱਚੇ ਡਾਕਟਰ ਅਤੇ ਇੰਜੀਨੀਅਰ ਬਣ ਗਏ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਹੈ ਤਾਂ ਕੇਜਰੀਵਾਲ ਨੂੰ ਸੂਚੀ ਜਾਰੀ ਕਰਨੀ ਚਾਹੀਦੀ ਹੈ ਕਿ ਉਨ੍ਹਾਂ ਦੇ ਕਾਰਜਕਾਲ ‘ਚ ਕਿੰਨੇ ਬੱਚੇ ਡਾਕਟਰ ਅਤੇ ਕਿੰਨੇ ਇੰਜੀਨੀਅਰ ਬਣੇ।
ਉਨ੍ਹਾਂ ਕਿਹਾ ਕਿ ਕੇਵਲ ਵੱਡੇ-ਵੱਡੇ ਦਾਅਵੇ ਕਰਨ ਅਤੇ ਝੂਠ ਬੋਲਣ ਨਾਲ ਕੰਮ ਨਹੀਂ ਚੱਲਦਾ। ਦੇਸ਼ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਨਹੀਂ ਹੋਣੀ ਚਾਹੀਦੀ। ਮੁੱਖ ਮੰਤਰੀ ਨੇ ਕਿਹਾ ਕਿ ਕੇਜਰੀਵਾਲ ਨੂੰ ਆਪਣੇ ਕਾਰਜਕਾਲ ‘ਚ ਕੀਤੇ ਗਏ ਕੰਮਾਂ ਅਤੇ ਦਾਅਵਿਆਂ ਦਾ ਵੇਰਵਾ ਜਨਤਾ ਦੇ ਸਾਹਮਣੇ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕੋਲ ਹੁਣ ਕੋਈ ਮੁੱਦਾ ਨਹੀਂ ਬਚਿਆ ਹੈ ਅਤੇ ਪੰਜਾਬ ਦੀ ਜਨਤਾ ਵੀ ਉਸ ਨੂੰ ਬਾਹਰ ਦਾ ਰਸਤਾ ਦਿਖਾਉਣ ਦੀ ਤਿਆਰੀ ਕਰ ਚੁੱਕੀ ਹੈ।
ਪੰਜਾਬ ‘ਚ ਜਲਦ ਚੋਣਾਂ ਕਰਵਾਉਣ ਦੀ ਮੰਗ ਨਾਲ ਜੁੜੇ ਸਵਾਲ ‘ਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ‘ਚ ਕਾਨੂੰਨ-ਵਿਵਸਥਾ ਦੀ ਸਥਿਤੀ ਗੰਭੀਰ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਬਦਲਾਅ ਚਾਹੁੰਦੇ ਹਨ ਅਤੇ ਸੂਬੇ ਨੂੰ ਮਜ਼ਬੂਤ ਬਣਾਉਣਾ ਚਾਹੁੰਦੇ ਹਨ।
ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜ ਸਾਲ ਤੱਕ ਲੋਕਾਂ ਨੂੰ ਚੁਟਕਲੇ ਸੁਣਾ ਕੇ ਢਿੱਡ ਨਹੀਂ ਭਰਿਆ ਜਾ ਸਕਦਾ। ਨਸ਼ਾ ਖ਼ਤਮ ਕਰਨ ਨੂੰ ਲੈ ਕੇ ਕੀਤੇ ਗਏ ਦਾਅਵਿਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਚੋਣਾਂ ਦੇ ਸਮੇਂ ਹੁਣ ਪੰਜਾਬ ਦੇ ਲੋਕ ਇਹਨਾਂ ਦਾਅਵਿਆਂ ਦਾ ਹਿਸਾਬ ਮੰਗ ਰਹੇ ਹਨ।
ਪੰਜਾਬ ਵਿੱਚ ਗੈਰ-ਕਾਨੂੰਨੀ ਮਾਈਨਿੰਗ (ਖਣਨ) ਦੇ ਮੁੱਦੇ ‘ਤੇ ਮੁੱਖ ਮੰਤਰੀ ਨੇ ਕਾਂਗਰਸ ‘ਤੇ ਵੀ ਸਵਾਲ ਚੁੱਕੇ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਮਾਈਨਿੰਗ ਮਾਮਲੇ ਨੂੰ ਲੈ ਕੇ ਚੁੱਕੇ ਗਏ ਸਵਾਲ ‘ਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਚੰਨੀ ਦੇ ਕਾਰਜਕਾਲ ਚ ਮਾਈਨਿੰਗ ਦੇ ਮਾਮਲਿਆਂ ਦੀ ਸਥਿਤੀ ਕੀ ਸੀ, ਇਹ ਉਨ੍ਹਾਂ ਨੂੰ ਵੀ ਯਾਦ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੋਵਾਂ ਦੇ ਕੰਮਕਾਜ ਨੂੰ ਦੇਖ ਚੁੱਕੀ ਹੈ।
Read More: ਹਰਿਆਣਾ ‘ਚ ਗੰਨਾ ਕਿਸਾਨਾਂ ਨੂੰ ਮਸ਼ੀਨੀਕਰਨ ਤੇ ਆਧੁਨਿਕ ਉਪਕਰਣਾਂ ਦਾ ਮਿਲ ਰਿਹਾ ਲਾਭ




