ਚੰਡੀਗੜ੍ਹ, 25 ਅਪ੍ਰੈਲ 2023: ਕਾਂਗਰਸ ਨੇਤਾ ਰਾਹੁਲ ਗਾਂਧੀ (Rahul Gandhi) ਨੇ ਮੋਦੀ ਸਰਨੇਮ ਮਾਮਲੇ ‘ਚ ਸੁਣਾਈ ਗਈ ਸਜ਼ਾ ‘ਤੇ ਰੋਕ ਲਗਾਉਣ ਲਈ ਗੁਜਰਾਤ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਮੰਗਲਵਾਰ ਨੂੰ ਰਾਹੁਲ ਗਾਂਧੀ ਨੇ ਹੇਠਲੀ ਅਦਾਲਤ ਦੇ ਹੁਕਮਾਂ ਨੂੰ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਹੈ। ਰਾਹੁਲ ਦੀ ਪਟੀਸ਼ਨ ‘ਤੇ ਵੀਰਵਾਰ ਨੂੰ ਸੁਣਵਾਈ ਹੋਣ ਦੀ ਸੰਭਾਵਨਾ ਹੈ| ਜਿਕਰਯੋਗ ਹੈ ਕਿ 20 ਅਪ੍ਰੈਲ ਨੂੰ ਸੂਰਤ ਸੈਸ਼ਨ ਕੋਰਟ ਨੇ ਰਾਹੁਲ ਗਾਂਧੀ ਦੀ ਸਜ਼ਾ ‘ਤੇ ਰੋਕ ਲਗਾਉਣ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ।
23 ਮਾਰਚ ਨੂੰ ਸੂਰਤ ਦੀ ਅਦਾਲਤ ਨੇ ਰਾਹੁਲ ਗਾਂਧੀ (Rahul Gandhi) ਵੱਲੋਂ 2019 ਵਿੱਚ ਮੋਦੀ ਸਰਨੇਮ ਨੂੰ ਲੈ ਕੇ ਕੀਤੀ ਗਈ ਟਿੱਪਣੀ ਦੇ ਮਾਮਲੇ ਵਿੱਚ ਆਪਣਾ ਫੈਸਲਾ ਸੁਣਾਇਆ ਸੀ। ਅਦਾਲਤ ਨੇ ਰਾਹੁਲ ਗਾਂਧੀ ਨੂੰ ਧਾਰਾ 504 ਤਹਿਤ ਦੋ ਸਾਲ ਦੀ ਸਜ਼ਾ ਸੁਣਾਈ ਹੈ। ਹਾਲਾਂਕਿ ਅਦਾਲਤ ਨੇ ਫੈਸਲੇ ਨੂੰ ਲਾਗੂ ਕਰਨ ਲਈ ਕੁਝ ਦਿਨਾਂ ਦਾ ਸਮਾਂ ਵੀ ਦਿੱਤਾ ਸੀ। ਇਸ ਦੇ ਨਾਲ ਹੀ ਰਾਹੁਲ ਨੂੰ ਤੁਰੰਤ ਜ਼ਮਾਨਤ ਵੀ ਦੇ ਦਿੱਤੀ ਗਈ। ਰਾਹੁਲ ਗਾਂਧੀ ਨੇ ਸੂਰਤ ਦੀ ਅਦਾਲਤ ‘ਚ ਵੀ ਤਿੰਨ ਪਟੀਸ਼ਨਾਂ ਦਾਇਰ ਕੀਤੀਆਂ ਸਨ, ਜਿਨ੍ਹਾਂ ‘ਚੋਂ ਇਕ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ ਸੀ ਅਤੇ ਦੂਜੀ ‘ਤੇ 3 ਮਈ ਨੂੰ ਸੁਣਵਾਈ ਹੋਣੀ ਹੈ।