ਚੰਡੀਗੜ੍ਹ 11 ਜਨਵਰੀ 2023: ਪੰਜਾਬ ਵਿੱਚ ਰਾਹੁਲ ਗਾਂਧੀ (Rahul Gandhi) ਦੀ ਭਾਰਤ ਜੋੜੋ ਯਾਤਰਾ ਸ਼ੁਰੂ ਹੋ ਗਈ ਹੈ। ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਸਭ ਤੋਂ ਪਹਿਲਾਂ ਛੋਟੇ ਸਾਹਿਬਜ਼ਾਦਿਆਂ ਦੀ ਯਾਦ ‘ਚ ਬਣੇ ਫ਼ਤਹਿਗੜ੍ਹ ਸਾਹਿਬ ਦੇ ਗੁਰਦੁਆਰਾ ਸਾਹਿਬ ‘ਚ ਮੱਥਾ ਟੇਕਿਆ। ਦੂਜੇ ਪਾਸੇ ਵਿਰੋਧੀ ਪਾਰਟੀਆਂ ਨੇ ਕਾਂਗਰਸ ‘ਤੇ ਤਿੱਖੇ ਹਮਲੇ ਵੀ ਸ਼ੁਰੂ ਕਰ ਦਿੱਤੇ ਹਨ |
ਇਸ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ (Tarun Chugh) ਨੇ ਪੰਜਾਬ ਪਹੁੰਚੀ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ‘ਤੇ ਤੰਜ ਕੱਸਿਆ ਹੈ। ਜਿਸ ਦੌਰਾਨ ਤਰੁਣ ਚੁੱਘ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਕਾਂਗਰਸ ਤੋਂ ਬਾਹਰ ਕੱਢਣਾ ਚਾਹੀਦਾ ਹੈ ਅਤੇ ਗਾਂਧੀ ਪਰਿਵਾਰ ਨੂੰ 1984 ਅਤੇ ਆਪਣੇ ਗੁਨਾਹਾਂ ਦੀ ਮੁਆਫੀ ਮੰਗਣੀ ਚਾਹੀਦੀ ਹੈ। ਦਿੱਲੀ ਦੀਆਂ ਸੜਕਾਂ ‘ਤੇ ਦਿਨ-ਦਿਹਾੜੇ ਸਿੱਖਾਂ ਦੇ ਗਲਾਂ ‘ਤੇ ਟਾਇਰ ਪਾ ਕੇ ਸਾੜ ਦਿੱਤੇ ਗਏ | ਕਾਂਗਰਸ ਨੂੰ ਇਸ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ | ਉਨ੍ਹਾਂ ਅੱਗੇ ਕਿਹਾ ਕਿ ਰਾਹੁਲ ਗਾਂਧੀ ਸ੍ਰੀ ਹਰਿਮੰਦਰ ਸਾਹਿਬ ਜਾਣ ਤੋਂ ਪਹਿਲਾਂ ਘੱਟੋ-ਘੱਟ ਉਨ੍ਹਾਂ ਸਾਰਿਆਂ ਤੋਂ ਮੁਆਫ਼ੀ ਤਾਂ ਮੰਗ ਲੈਣ ਜਿਨ੍ਹਾਂ ਦੇ ਤੁਸੀਂ ਦੋਸ਼ੀ ਹੋ, ਇਹ ਕਿਹੜੀ ਭਾਰਤ ਜੋੜੋ ਯਾਤਰਾ ਹੈ?