Faridkot

ਪਟਿਆਲਾ ‘ਚ ਬਾਲ ਮਜ਼ਦੂਰੀ ਦੇ ਖ਼ਾਤਮੇ ਲਈ ਜ਼ਿਲ੍ਹਾ ਟਾਸਕ ਫੋਰਸ ਵੱਲੋਂ ਛਾਪੇਮਾਰੀ

ਪਟਿਆਲਾ, 08 ਜੂਨ 2023: ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼ਾਇਨਾ ਕਪੂਰ ਨੇ ਦੱਸਿਆ ਕਿ ਜ਼ਿਲ੍ਹੇ (Patiala) ‘ਚ ਬਾਲ ਮਜ਼ਦੂਰੀ ਦੇ ਖਾਤਮੇ ਲਈ ਬਚਪਨ ਬਚਾਓ ਅੰਦੋਲਨ ਅਤੇ ਜ਼ਿਲ੍ਹਾ ਟਾਸਕ ਫੋਰਸ ਪਟਿਆਲਾ ਵੱਲੋਂ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿੱਚ ਅੱਜ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਟੀਮ ਵੱਲੋਂ 10 ਬੱਚਿਆਂ ਨੂੰ ਬਾਲ ਮਜ਼ਦੂਰੀ ਕਰਦਿਆਂ ਬਰਾਮਦ ਕਰਕੇ ਬਾਲ ਭਲਾਈ ਕਮੇਟੀ, ਪਟਿਆਲਾ ਦੇ ਸਾਹਮਣੇ ਪੇਸ਼ ਕੀਤਾ ਗਿਆ।

ਬਾਲ ਭਲਾਈ ਕਮੇਟੀ ਵੱਲੋਂ ਇਨ੍ਹਾਂ ਦੇ ਦਸਤਾਵੇਜ਼ ਵੈਰੀਫਾਈ ਕਰ ਲਏ ਗਏ ਹਨ ਅਤੇ ਇਨ੍ਹਾਂ ਬੱਚਿਆਂ ਦੇ ਪੁਨਰਵਾਸ ਲਈ ਪ੍ਰਕਿਰਿਆ ਕੀਤੀ ਜਾ ਰਹੀ ਹੈ। ਇਸ ਉਪਰੰਤ ਕਮੇਟੀ ਵੱਲੋਂ ਪੁਲਿਸ ਵਿਭਾਗ ਨੂੰ ਕਾਰਵਾਈ ਕਰਨ ਲਈ ਲਿਖ ਦਿੱਤਾ ਗਿਆ ਹੈ ਅਤੇ ਜੋ ਬੱਚੇ ਪੜ੍ਹਨਾ ਚਾਹੁੰਦੇ ਹਨ, ਸਿੱਖਿਆ ਵਿਭਾਗ ਵੱਲੋਂ ਉਨ੍ਹਾਂ ਦੇ ਨਾਮ ਨੋਟ ਕਰਕੇ, ਇਨ੍ਹਾਂ ਬੱਚਿਆਂ ਨੂੰ ਜਲਦ ਤੋਂ ਜਲਦ ਸਕੂਲ ਵਿੱਚ ਦਾਖਲ ਕਰਵਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।

ਜ਼ਿਲ੍ਹਾ (Patiala) ਬਾਲ ਸੁਰੱਖਿਆ ਅਫ਼ਸਰ ਨੇ ਕਿਹਾ ਕਿ ਬਾਲ ਮਜ਼ਦੂਰੀ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਸਮੇਂ ਸਮੇਂ ‘ਤੇ ਛਾਪੇਮਾਰੀ ਕੀਤੀ ਜਾਂਦੀ ਹੈ ਅਤੇ ਇਨ੍ਹਾਂ ਬੱਚਿਆਂ ਦੇ ਪੁਨਰਵਸੇਬੇ ਲਈ ਪੁਖ਼ਤਾ ਕਦਮ ਚੁੱਕੇ ਜਾ ਰਹੇ ਹਨ ਅਤੇ ਵੱਖ ਵੱਖ ਵਿਭਾਗਾਂ ਨਾਲ ਤਾਲਮੇਲ ਕਰਕੇ ਇਨ੍ਹਾਂ ਬੱਚਿਆਂ ਨੂੰ ਸਰਕਾਰੀ ਸਕੀਮਾਂ ਨਾਲ ਜੋੜਿਆ ਜਾਵੇਗਾ। ਇਸ ਮੌਕੇ ਤੇ ਬਚਪਨ ਬਚਾਓ ਅੰਦੋਲਨ ਦੇ ਸਟੇਟ ਕੋਆਰਡਿਨੇਟਰ ਯਾਦਵਿੰਦਰ ਸਿੰਘ ਨੇ ਕਿਹਾ ਕਿ 1 ਜੂਨ 2023 ਤੋਂ 30 ਜੂਨ 2023 ਤੱਕ ਬਾਲ ਮਜ਼ਦੂਰੀ ਖ਼ਾਤਮਾ ਮਹੀਨਾ ਮਨਾਇਆ ਜਾ ਰਿਹਾ ਹੈ ਜਿਸ ਸਬੰਧੀ ਰੈਸਕਿਊ ਅਪਰੇਸ਼ਨ ਕੀਤਾ ਗਿਆ ਅਤੇ ਲੇਬਰ ਵਿਭਾਗ ਨੂੰ ਕਿਹਾ ਗਿਆ ਕਿ ਰੈਸਕਿਉ ਕੀਤੇ ਬੱਚਿਆਂ ਦੇ ਆਰਥਿਕ ਪੁਨਰਵਾਸ ਕਰਨ ਦੇ ਪੁਖ਼ਤਾ ਇੰਤਜ਼ਾਮ ਕੀਤੇ ਜਾਣ। ਇਸ ਤੋਂ ਇਲਾਵਾ ਜੋ ਬੱਚਾ ਅੱਗੇ ਪੜ੍ਹਨਾ ਚਾਹੁੰਦਾ ਹੈ, ਉਸ ਦੀ ਹਰ ਸੰਭਵ ਮਦਦ ਇੰਦਰਪ੍ਰੀਤ ਸਿੰਘ ਵੱਲੋਂ ਚਲਾਈ ਜਾ ਰਹੀ ਸੰਸਥਾ ਹਿਊਮਨ ਰਾਈਟਸ ਓਰਗੇਨਾਇਜੇਸ਼ਨ ਵੱਲੋਂ ਕੀਤੀ ਜਾਵੇਗੀ।

ਇਸ ਟੀਮ ਵਿੱਚ ਬਚਪਨ ਬਚਾਓ ਅੰਦੋਲਨ ਤੋਂ ਸਟੇਟ ਕੋਆਰਡੀਨੇਟਰ ਯਾਦਵਿੰਦਰ ਸਿੰਘ, ਏ.ਪੀ.ਓ ਸੰਦੀਪ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਸੋਸ਼ਲ ਵਰਕਰ ਪੁਨੀਤ ਸਿੰਗਲਾ, ਆਊਟਰੀਚ ਵਰਕਰ ਸ਼ਾਲੀਨੀ, ਬਾਲ ਭਲਾਈ ਕਮੇਟੀ ਮੈਂਬਰ ਗੁਰਤੇਜ ਸਿੰਘ, ਸਿੱਖਿਆ ਵਿਭਾਗ ਤੋਂ ਇੰਦਰਪ੍ਰੀਤ ਸਿੰਘ, ਕਿਰਤ ਵਿਭਾਗ ਤੋਂ ਹਰਮਨਪ੍ਰੀਤ ਕੌਰ, ਪੁਲਿਸ ਵਿਭਾਗ ਤੋਂ ਮਨਬੀਰ ਸਿੰਘ, ਸਿਹਤ ਵਿਭਾਗ ਤੋਂ ਡਾ. ਵਾਸੂ ਪਾਂਡੇ ਅਤੇ ਚਾਇਲਡ ਲਾਇਨ ਤੋਂ ਸੁਖਵਿੰਦਰ ਸਿੰਘ ਸ਼ਾਮਲ ਸਨ।

Scroll to Top