ਚੰਡੀਗੜ੍ਹ 02 ਮਈ 2022: ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ (Raja Waring) ਅਤੇ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਬਾਜਵਾ ਵਲੋਂ ਇਕ ਵਾਰ ਫਿਰ ਪੰਜਾਬ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧੇ । ਇਸ ਦੌਰਾਨ ਉਨ੍ਹਾਂ ਨੇ ਸੂਬਾ ਸਰਕਾਰ ਨੂੰ ਘੇਰਦਿਆਂ ਕਿਹਾ ਹੈ ਕਿ ਪੇਂਡੂ ਵਿਕਾਸ ਅਤੇ ਪੰਚਾਇਤੀ ਵਿਭਾਗ ਪੰਚਾਇਤੀ ਜ਼ਮੀਨਾਂ (Panchayat land) ਦੀ ਨਿਲਾਮੀ ਦੇ ਨਿਯਮਾਂ ਵਿੱਚ ਸੋਧ ਕਰਕੇ ਪੰਚਾਇਤੀ ਜ਼ਮੀਨਾਂ ਵਿੱਚੋਂ ਅਨੁਸੂਚਿਤ ਜਾਤੀਆਂ ਦੇ ਲੋਕਾਂ ਤੋਂ ਇੱਕ ਤਿਹਾਈ ਹਿੱਸੇ ਦਾ ਹੱਕ ਖੋਹਣ ਦੀ ਤਿਆਰੀ ’ਚ ਹੈ।
ਇਸ ਦੌਰਾਨ ਰਾਜਾ ਵੜਿੰਗ ਨੇ ਟਵੀਟ ਕਰਦਿਆਂ ਕਿਹਾ ਕਿ ‘‘ਮਾਨ ਸਾਹਿਬ ਦਲਿਤ ਸਮਾਜ ਦੇ ਹੱਕਾਂ ਦਾ ਘਾਣ ਕਿਸੇ ਵੀ ਰੂਪ ਵਿੱਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ’’। ਰਾਜਨੀਤਿਕ ਲੋਕਾਂ ਨੂੰ ਇਸ ਪ੍ਰਤੀ ਸਦਾ ਜਾਗਰੂਕ ਰਹਿਣ ਦੀ ਲੋੜ ਹੈ, ਕਿਉਂਕਿ ਅਫਸਰਸ਼ਾਹੀ ਰੂਲਾਂ ਵਿੱਚ ਬਦਲਾਅ ਕਰ ਕੇ ਇਨ੍ਹਾਂ ਦੇ ਹੱਕ ਖੋਹਣ ਦੀ ਕੋਸ਼ਿਸ਼ ਕੀਤੀ ਹੈ। ਇਸ ਦੀ ਤੁਰੰਤ ਜਵਾਬਦੇਹੀ ਯਕੀਨੀ ਬਣਾਓ।’’
ਇਸਦੇ ਨਾਲ ਹੀ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਹ ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਦਲਿਤਾਂ ਦੇ ਹੱਕਾਂ ‘ਤੇ ਸਿੱਧਾ ਹਮਲਾ ਹੈ। ਇਸ ਦਾ ਸਮੁੱਚੇ ਦਲਿਤ ਸਮਾਜ ‘ਤੇ ਮਾੜਾ ਅਸਰ ਪਵੇਗਾ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੈਂ ਸੂਬੇ ਦੀ ਸਰਕਾਰ ਨੂੰ ਬੇਨਤੀ ਕਰਦਾ ਹਾਂ ਕਿ ਕ੍ਰਿਪਾ ਕਰਕੇ ਇਸ ਫ਼ੈਸਲੇ ਨੂੰ ਤੁਰੰਤ ਵਾਪਸ ਲਿਆ ਜਾਵੇ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤੀ ਵਿਭਾਗ ਵੱਲੋਂ ਪਿਛਲੇ ਮਹੀਨੇ ਇਸ ਸਬੰਧੀ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਜਿਸ ਵਿੱਚ ਪੰਚਾਇਤੀ ਜ਼ਮੀਨਾਂ ਦੀ ਨਿਲਾਮੀ ਨੂੰ ਲੈ ਕੇ ਤੈਅ ਪਹਿਲੇ ਨਿਯਮ ਰੱਦ ਕਰ ਦਿੱਤੇ ਸਨ।