ਚੰਡੀਗੜ੍ਹ, 05 ਜੁਲਾਈ 2024: ਪੰਜਾਬ ਵਿਧਾਨ ਸਭਾ ਨੇ ਕਾਂਗਰਸ ਦੇ ਨਵੇਂ ਚੁਣੇ ਲੋਕ ਸਭਾ ਮੈਂਬਰ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਅਤੇ ਸੁਖਵਿੰਦਰ ਸਿੰਘ ਰੰਧਾਵਾ ਨੂੰ ਵਿਧਾਇਕ ਵਜੋਂ ਅਲਾਟ ਸਰਕਾਰੀ ਰਿਹਾਇਸ਼ ਨੂੰ ਖਾਲੀ ਕਰਨ ਦੇ ਹੁਕਮ ਦਿੱਤੇ ਹਨ | ਜਾਰੀ ਪੱਤਰ ਦੇ ਨਿਯਮਾਂ ਮੁਤਾਬਕ ਇਨ੍ਹਾਂ ਦੋਵਾਂ ਸੰਸਦ ਮੈਂਬਰਾਂ ਨੂੰ 20 ਜੂਨ ਨੂੰ 15 ਦਿਨਾਂ ਦੇ ਅੰਦਰ ਘਰ ਖਾਲੀ ਕਰਨ ਦੇ ਹੁਕਮ ਜਾਰੀ ਕੀਤੇ ਸਨ ।
ਹਾਲਾਂਕਿ ਉਹ ਨਿਸ਼ਚਿਤ ਸਮੇਂ ਦੀ ਮਿਆਦ ਤੋਂ ਬਾਅਦ ਵੀ ਕੁਝ ਸਮੇਂ ਲਈ ਸਰਕਾਰੀ ਰਿਹਾਇਸ਼ ‘ਚ ਰਹਿ ਸਕਦੇ ਹਨ, ਪਰ ਇਸ ਲਈ ਉਨ੍ਹਾਂ ਨੂੰ ਉਚਿਤ ਕਿਰਾਏ ਦਾ ਭੁਗਤਾਨ ਕਰਨਾ ਪਵੇਗਾ | ਜਾਰੀ ਹੁਕਮਾਂ ‘ਚ ਕਿਹਾ ਗਿਆ ਹੈ ਕਿ ਜੇਕਰ ਕਿਸੇ ਕਾਰਨ ਚੱਲਦੇ ਉਹ ਅਗਲੇ 15 ਦਿਨਾਂ ‘ਚ ਸਰਕਾਰੀ ਰਿਹਾਇਸ਼ ਖਾਲੀ ਨਹੀਂ ਕਰਦੇ ਹਨ ਤਾਂ ਉਨ੍ਹਾਂ ਤੋਂ 160 ਗੁਣਾ ਕਿਰਾਇਆ ਵਸੂਲਿਆ ਜਾਵੇਗਾ |