ਪੰਜਾਬ , 04 ਦਸੰਬਰ 2025: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੌਰਾਨ ਸੱਤਾਧਾਰੀ ਸਰਕਾਰ ‘ਤੇ ਗੰਭੀਰ ਦੋਸ਼ ਲਗਾਏ ਹਨ | ਰਾਜਾ ਵੜਿੰਗ ਨੇ ਦੋਸ਼ ਲਗਾਇਆ ਕਿ ਸਰਕਾਰ ਪੁਲਿਸ ਅਤੇ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਕਰ ਰਹੀ ਹੈ |
ਰਾਜਾ ਵੜਿੰਗ ਨੇ ਅੱਜ ਦੇ ਘਟਨਾਕ੍ਰਮ ਦਾ ਹਵਾਲਾ ਦਿੰਦਿਆਂ ਕਿਹਾ ਕਿ ਸੱਤਾਧਿਰ ਨੇ ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਡਰਾਉਣ ਲਈ ਤਾਕਤ ਦੀ ਦੁਰਵਰਤੋਂ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸਦੇ ਬਾਵਜੂਦ ਜ਼ਿਆਦਾਤਰ ਕਾਂਗਰਸੀ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨ ‘ਚ ਸਫਲ ਰਹੇ।
ਪੰਜਾਬ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਪੰਜਾਬ ਭਰ ਅੰਦਰ ਕੈਮਰਿਆਂ ‘ਚ ਸਭ ਕੁਝ ਕੈਦ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਇਹ ਸਰਕਾਰ ਦੀ ਸਿਰਫ ਘਬਰਾਹਟ ਅਤੇ ਨਿਰਾਸ਼ਾ ਦੀ ਭਾਵਨਾ ਹੈ ਕਿਉਂਕਿ ਉਨ੍ਹਾਂ ਦਾ ਸਮਰਥਨ ਘੱਟ ਰਿਹਾ ਹੈ। ਰਾਜਾ ਵੜਿੰਗ ਨੇ ਪਟਿਆਲਾ ਪੁਲਿਸ ਦੇ ਵੱਡੇ ਪੱਧਰ ‘ਤੇ ਚੱਲ ਰਹੇ ਕਥਿਤ ਆਡੀਓ ਕਲਿੱਪ, ਜਿਸ ‘ਚ ਕੁਝ ਅਧਿਕਾਰੀ ਕਥਿਤ ਤੌਰ ‘ਤੇ ਚਰਚਾ ਕਰ ਰਹੇ ਹਨ ਕਿ ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਕਿਵੇਂ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਆਡੀਓ ਕਲਿੱਪ ‘ਚ ਜੋ ਚਰਚਾ ਕੀਤੀ ਜਾ ਰਹੀ ਸੀ, ਉਹ ਪਹਿਲਾਂ ਹੀ ਪੂਰੇ ਪੰਜਾਬ ‘ਚ ਹੋ ਰਿਹਾ ਹੈ।
ਰਾਜਾ ਵੜਿੰਗ ਨੇ ਦੋਸ਼ ਲਗਾਇਆ ਕਿ ਇੱਕ ਕਾਂਗਰਸੀ ਆਗੂ ਦੀ ਪਤਨੀ ਨਾਮਜ਼ਦਗੀ ਪੱਤਰ ਦਾਖਲ ਕਰਨ ਵਾਲੀ ਸੀ, ਜਿਸ ਨੂੰ ਇਲਾਕੇ ਦੇ ਐਸਐਚਓ ਨੇ ਇੱਕ ਜਗ੍ਹਾ ਤੋਂ ਦੂਜੀ ਜਗ੍ਹਾ ਘੁੰਮਾਇਆ। ਇਸ ਦੌਰਾਨ ਉਸਨੂੰ ਪੂਰੀ ਰਾਤ ਗੈਰ-ਕਾਨੂੰਨੀ ਤੌਰ ‘ਤੇ ਹਿਰਾਸਤ ‘ਚ ਰੱਖਿਆ। ਉਨ੍ਹਾਂ ਕਿਹਾ ਕਿ ਇੱਕ ਵੀ ਪੁਲਿਸ ਅਧਿਕਾਰੀ ਫਿਰ ਭਾਵੇਂ ਐਸਐਸਪੀ, ਐਸਪੀ, ਡੀਐਸਪੀ ਜਾਂ ਐਸਐਚਓ ਹੋਵੇ, ਉਸਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਸਾਰਿਆਂ ਨੂੰ ਜਵਾਬਦੇਹ ਬਣਾਇਆ ਜਾਵੇਗਾ। ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਅੰਦਰ ਕਾਨੂੰਨ ਵਿਵਸਥਾ ਵਿਗੜ ਰਹੀ ਹੈ |
Read More: ਰਾਜਾ ਵੜਿੰਗ ਨੇ ਕ.ਤ.ਲਾਂ ਦੀਆਂ ਵਾਰਦਾਤਾਂ ਤੇ ਹਮਲਿਆਂ ਪਿੱਛੇ ਸਾਜਿਸ਼ ਖ਼ਦਸ਼ਾ ਪ੍ਰਗਟਾਇਆ




