Sonia Gandhi

ਰਾਜੀਵ ਗਾਂਧੀ ਲੈ ਕੇ ਆਏ ਸਨ ਮਹਿਲਾ ਰਾਖਵਾਂਕਰਨ ਬਿੱਲ, ਉਨ੍ਹਾਂ ਦਾ ਸੁਪਨਾ ਅਜੇ ਵੀ ਅਧੂਰਾ: ਸੋਨੀਆ ਗਾਂਧੀ

ਚੰਡੀਗੜ੍ਹ, 20 ਸਤੰਬਰ 2023: ਅੱਜ ਬੁੱਧਵਾਰ ਨੂੰ ਸੰਸਦ ਦੇ ਵਿਸ਼ੇਸ਼ ਸੈਸ਼ਨ ਦਾ ਤੀਜਾ ਦਿਨ ਹੈ। ਦੋਵਾਂ ਸਦਨਾਂ ਦੀ ਕਾਰਵਾਈ ਜਾਰੀ ਹੈ। ਲੋਕ ਸਭਾ ‘ਚ ਮਹਿਲਾ ਰਾਖਵਾਂਕਰਨ ਬਿੱਲ (ਨਾਰੀ ਸ਼ਕਤੀ ਵੰਦਨ ਬਿੱਲ) ‘ਤੇ ਬਹਿਸ ਸ਼ੁਰੂ ਹੋ ਗਈ ਹੈ। ਸਭ ਤੋਂ ਪਹਿਲਾਂ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਸਦਨ ਨੂੰ ਬਿੱਲ ਬਾਰੇ ਦੱਸਿਆ। ਇਸ ਤੋਂ ਬਾਅਦ ਸੋਨੀਆ ਗਾਂਧੀ (Sonia Gandhi) ਨੇ ਕਾਂਗਰਸ ਦੀ ਤਰਫੋਂ 10 ਮਿੰਟ ਤਕ ਗੱਲ ਕੀਤੀ।

ਇਸ ਦੌਰਾਨ ਸੋਨੀਆ ਗਾਂਧੀ (Sonia Gandhi) ਨੇ ਕਿਹਾ, ‘ਪਹਿਲੀ ਵਾਰ ਸਥਾਨਕ ਸੰਸਥਾਵਾਂ ‘ਚ ਔਰਤਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਵਾਲਾ ਕਾਨੂੰਨ ਮੇਰੇ ਪਤੀ ਰਾਜੀਵ ਗਾਂਧੀ ਨੇ ਲਿਆਂਦਾ ਸੀ, ਜੋ ਰਾਜ ਸਭਾ ‘ਚ 7 ਵੋਟਾਂ ਨਾਲ ਅਸਫਲ ਰਿਹਾ। ਬਾਅਦ ਵਿੱਚ ਪੀਵੀ ਨਰਸਿਮਹਾ ਰਾਓ ਦੀ ਸਰਕਾਰ ਨੇ ਇਸਨੂੰ ਪਾਸ ਕਰਵਾ ਦਿੱਤਾ ਸੀ ।

ਉਸੇ ਦਾ ਨਤੀਜਾ ਹੈ ਕਿ ਦੇਸ਼ ਭਰ ਵਿੱਚ ਸਥਾਨਕ ਸੰਸਥਾਵਾਂ ਰਾਹੀਂ ਸਾਡੇ ਕੋਲ 15 ਲੱਖ ਚੁਣੀਆਂ ਗਈਆਂ ਔਰਤਾਂ ਆਗੂ ਹਨ। ਰਾਜੀਵ ਦਾ ਸੁਪਨਾ ਅੱਧਾ ਹੀ ਪੂਰਾ ਹੋਇਆ ਹੈ, ਇਸ ਬਿੱਲ ਦੇ ਪਾਸ ਹੋਣ ਨਾਲ ਇਹ ਸੁਪਨਾ ਪੂਰਾ ਹੋ ਜਾਵੇਗਾ।ਉਨ੍ਹਾਂ ਕਿਹਾ ਕਿ ਕਾਂਗਰਸ ਮੰਗ ਕਰਦੀ ਹੈ ਕਿ ਬਿੱਲ ਨੂੰ ਤੁਰੰਤ ਲਾਗੂ ਕੀਤਾ ਜਾਵੇ। ਸਰਕਾਰ ਨੂੰ ਹੱਦਬੰਦੀ ਤੱਕ ਇਸ ਨੂੰ ਰੋਕਿਆ ਨਹੀਂ ਕਰਨਾ ਚਾਹੀਦਾ। ਇਸ ਤੋਂ ਪਹਿਲਾਂ ਜਾਤੀ ਜਨਗਣਨਾ ਕਰਵਾ ਕੇ ਇਸ ਬਿੱਲ ਵਿੱਚ SC-ST ਅਤੇ OBC ਔਰਤਾਂ ਲਈ ਰਾਖਵਾਂਕਰਨ ਕੀਤਾ ਜਾਵੇ।

ਇਸ ਤੋਂ ਬਾਅਦ ਭਾਜਪਾ ਸਾਂਸਦ ਨਿਸ਼ੀਕਾਂਤ ਦੂਬੇ ਨੇ ਕਿਹਾ ਕਿ ਇਹ ਸਿਰਫ ਪੀਐਮ ਮੋਦੀ ਦਾ ਬਿੱਲ ਹੈ, ਜਿਸ ਦਾ ਟੀਚਾ ਉਨ੍ਹਾਂ ਦੇ ਨਾਮ ਹੋਣਾ ਚਾਹੀਦਾ ਹੈ। ਭਾਜਪਾ ਵੱਲੋਂ ਨਿਰਮਲਾ ਸੀਤਾਰਮਨ, ਸਮ੍ਰਿਤੀ ਇਰਾਨੀ ਆਪਣੇ ਵਿਚਾਰ ਪੇਸ਼ ਕਰਨਗੀਆਂ। ਇਹ ਬਹਿਸ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਭਾਸ਼ਣ ਦੇ ਸਕਦੇ ਹਨ।

ਨਵੀਂ ਸੰਸਦ ਦੇ ਕੰਮਕਾਜ ਦੇ ਪਹਿਲੇ ਦਿਨ 19 ਸਤੰਬਰ ਨੂੰ ਲੋਕ ਸਭਾ ਵਿੱਚ ਮਹਿਲਾ ਰਾਖਵਾਂਕਰਨ ਬਿੱਲ (ਨਾਰੀ ਸ਼ਕਤੀ ਵੰਦਨ ਬਿੱਲ) ਪੇਸ਼ ਕੀਤਾ ਗਿਆ ਸੀ। ਇਸ ਬਿੱਲ ਮੁਤਾਬਕ ਲੋਕ ਸਭਾ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33 ਫੀਸਦੀ ਰਾਖਵਾਂਕਰਨ ਲਾਗੂ ਕੀਤਾ ਜਾਵੇਗਾ। ਲੋਕ ਸਭਾ ਦੀਆਂ 543 ਸੀਟਾਂ ਵਿੱਚੋਂ 181 ਸੀਟਾਂ ਔਰਤਾਂ ਲਈ ਰਾਖਵੀਆਂ ਹੋਣਗੀਆਂ। ਇਹ ਰਿਜ਼ਰਵੇਸ਼ਨ 15 ਸਾਲ ਤੱਕ ਰਹੇਗੀ। ਇਸ ਤੋਂ ਬਾਅਦ ਜੇਕਰ ਸੰਸਦ ਚਾਹੇ ਤਾਂ ਆਪਣੀ ਮਿਆਦ ਵਧਾ ਸਕਦੀ ਹੈ।

Scroll to Top