ਰਾਜਵੀਰ ਜਵੰਦਾ

ਰਾਜਵੀਰ ਜਵੰਦਾ ਪ੍ਰਸੰਸਕਾਂ ਦੇ ਦਿਲਾਂ ‘ਚ ਹਮੇਸ਼ਾ ਜਿਉਂਦਾ ਰਹੇਗਾ: CM ਭਗਵੰਤ ਮਾਨ

ਜਗਰਾਉਂ, 09 ਅਕਤੂਬਰ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰਸਿੱਧ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਘਰ ਪਹੁੰਚ ਕੇ ਨੌਜਵਾਨ ਗਾਇਕ ਦੀ ਬੇਵਕਤੀ ਮੌਤ ਉੱਤੇ ਅਫ਼ਸੋਸ ਪ੍ਰਗਟ ਕੀਤਾ। ਜਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਸੜਕ ਹਾਦਸੇ ਦਾ ਸ਼ਿਕਾਰ ਹੋਏ ਰਾਜਵੀਰ ਜਵੰਦਾ ਦਾ ਬੀਤੇ ਦਿਨ ਮੋਹਾਲੀ ਦੇ ਇਕ ਫੋਰਟਿਸ ਹਸਪਤਾਲ ‘ਚ ਦੇਹਾਂਤ ਹੋ ਗਿਆ ਸੀ।

ਮੁੱਖ ਮੰਤਰੀ ਮਾਨ ਨੇ ਰਾਜਵੀਰ ਦੇ ਪਰਿਵਾਰ ਨਾਲ ਦੁੱਖ ਵੰਡਾਇਆ, ਉਨ੍ਹਾਂ ਕਿਹਾ ਕਿ ਨੌਜਵਾਨ ਗਾਇਕ ਦੇ ਦੇਹਾਂਤ ਨਾਲ ਪੰਜਾਬ ਦੇ ਸਮਕਾਲੀ ਸਾਹਿਤ, ਸੱਭਿਆਚਾਰ ਤੇ ਕਲਾ ਦੇ ਖੇਤਰ ਨੂੰ ਵੱਡਾ ਘਾਟਾ ਪਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਵੰਦਾ ਭਰ ਜਵਾਨੀ ‘ਚ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਿਆ ਉਨ੍ਹਾਂ ਕਿਹਾ ਕਿ ਰਾਜਵੀਰ ਜਵੰਦਾ ਦੇ ਦੇਹਾਂਤ ਨਾਲ ਪੈਦਾ ਹੋਇਆ ਖਲਾਅ ਨੇੜ ਭਵਿੱਖ ‘ਚ ਭਰਿਆ ਜਾਣਾ ਆਸਾਨ ਨਹੀਂ ਹੋਵੇਗਾ।

ਮੁੱਖ ਮੰਤਰੀ ਮਾਨ ਨੇ ਲੱਖਾਂ ਪੰਜਾਬੀਆਂ ਦੇ ਦਿਲਾਂ ਉੱਤੇ ਰਾਜ ਕਰਨ ਵਾਲੇ ਨੌਜਵਾਨ ਗਾਇਕ ਰਾਜਵੀਰ ਜਵੰਦਾ ਦੀ ਸ਼ਾਨਦਾਰ ਪੇਸ਼ਕਾਰੀ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਰਾਜਵੀਰ ਦੀ ਮੌਤ ਨਾਲ ਪੰਜਾਬੀ ਗਾਇਕੀ ਦੇ ਇਕ ਯੁੱਗ ਦਾ ਅੰਤ ਹੋ ਗਿਆ। ਉਨ੍ਹਾਂ ਕਿਹਾ ਕਿ ਰਾਜਵੀਰ ਹਮੇਸ਼ਾ ਆਪਣੇ ਪ੍ਰਸੰਸਕਾਂ ਦੇ ਚੇਤਿਆਂ ‘ਚ ਵਸਿਆ ਰਹੇਗਾ। ਭਗਵੰਤ ਮਾਨ ਨੇ ਕਿਹਾ ਕਿ ਰਾਜਵੀਰ ਨੇ ਪੰਜਾਬੀ ਕਲਾ ਤੇ ਸੱਭਿਆਚਾਰ ਦੀ ਤਰੱਕੀ ਲਈ ਅਹਿਮ ਯੋਗਦਾਨ ਦਿੱਤਾ।

ਮੁੱਖ ਮੰਤਰੀ ਮਾਨ ਨੇ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖ਼ਸ਼ਣ ਅਤੇ ਪਰਿਵਾਰਕ ਮੈਂਬਰਾਂ, ਦੋਸਤਾਂ, ਸਨੇਹੀਆਂ ਤੇ ਲੱਖਾਂ ਸ਼ਰਧਾਲੂਆਂ ਨੂੰ ਇਹ ਨਾ ਪੂਰਿਆ ਜਾਣ ਵਾਲਾ ਘਾਟਾ ਸਹਿਣ ਦਾ ਹੌਸਲਾ ਦੇਣ।

Read More: ਹਰਪਾਲ ਸਿੰਘ ਚੀਮਾ ਵੱਲੋਂ ਵੇਰਕਾ ਆਊਟਸੋਰਸਡ ਯੂਨੀਅਨ ਦੇ ਮੁੱਦਿਆਂ ਦੇ ਹੱਲ ਲਈ ਉੱਚ-ਪੱਧਰੀ ਕਮੇਟੀ ਗਠਨ ਦੇ ਹੁਕਮ

Scroll to Top