ਪਿੰਡ ਡੱਲਾ

ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਗੋਦ ਲਿਆ ਪਿੰਡ ਡੱਲਾ

ਸੁਲਤਾਨਪੁਰ ਲੋਧੀ /ਕਪੂਰਥਲਾ 04 ਜਨਵਰੀ 2023: ਮੈਂਬਰ ਰਾਜ ਸਭਾ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਵਲੋਂ ਬਤੌਰ ਰਾਜ ਸਭਾ ਮੈਂਬਰ ਇਤਿਹਾਸਿਕ ਪਿੰਡ ਡੱਲਾ ਨੂੰ ਗੋਦ ਲੈ ਕੇ ਉਸਨੂੰ ਸੂਬੇ ਵਿਚ ਮਾਡਲ ਪਿੰਡ ਵਜੋਂ ਵਿਕਸਿਤ ਕਰਨ ਦਾ ਐਲਾਨ ਕੀਤਾ ਹੈ । ਬਾਬਾ ਬਲਬੀਰ ਸਿੰਘ ਸੀਚੇਵਾਲ ਅਤੇ ਡਿਪਟੀ ਕਮਿਸ਼ਨਰ ਕਪੂਰਥਲਾ ਵਿਸ਼ੇਸ਼ ਸਾਰੰਗਲ ਵਲੋਂ ਅੱਜ ਪਿੰਡ ਦੇ ਵਿਕਾਸ ਲਈ ਵਿਆਪਕ ਯੋਜਨਾਬੰਦੀ ਕਰਨ ਦੇ ਮਕਸਦ ਨਾਲ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਅਤੇ ਪੰਚਾਇਤ ਮੈਂਬਰਾਂ ਨਾਲ ਬੈਠਕ ਕੀਤੀ ਗਈ।

ਇਸ ਮੌਕੇ ਐਮ.ਪੀ ਬਾਬਾ ਸੀਚੇਵਾਲ ਨੇ ਕਿਹਾ ਕਿ ਪਿੰਡ ਡੱਲਾ ਨੂੰ ਧਾਰਮਿਕ ਸੈਰ ਸਪਾਟੇ ਦੇ ਕੇਂਦਰ ਵਜੋਂ ਵਿਕਸਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡ ਦੀ ਇਤਿਹਾਸਕ ਮਹੱਤਤਾ ਨੂੰ ਦੇਖਦੇ ਹੋਏ ਫੰਡਾਂ ਵਿਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇ। ਪਿੰਡ ਦੇ ਵਿਕਾਸ ਕਾਰਜ ਨੂੰ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਨ ਦੇ ਲਈ ਐੱਨ.ਆਰ.ਆਈਜ਼ ਅਤੇ ਪਿੰਡ ਵਾਸੀਆਂ ਦੀ ਸ਼ਮੂਲੀਤ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਵਾਂ ਕਿਹਾ ਕਿ ਅਧਿਕਾਰੀ ਪਿੰਡ ਦੀ ਸਾਫ ਸਫਾਈ ਅਤੇ ਜ਼ਮੀਨ ਹੇਠਲੇ ਪਾਣੀ ਨੂੰ ਬਚਾਉਣ ਲਈ ਨਿੱਜੀ ਤੌਰ ਤੇ ਨਿਗਰਾਨੀ ਕਰਨ।

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਪਿੰਡ ਡੱਲਾ ਦੀ ਸਿੱਖ ਧਰਮ ਦੇ ਇਤਿਹਾਸ ਵਿਚ ਵਿਸ਼ੇਸ਼ ਮਹੱਤਤਾ ਹੋਣ ਦੇ ਕਾਰਨ ਪਿੰਡ ਨੂੰ ਧਾਰਮਿਕ ਸੈਰ ਸਪਾਟੇ ਵਜੋਂ ਵਿਕਸਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿੰਡ ਦੀ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ “ਵਿਲੈਜ ਡਵੈਲਪਮੈਂਟ ਪਲਾਨ” ਤਿਆਰ ਕੀਤਾ ਜਾਵੇਗਾ, ਤਾਂ ਜੋ ਭਵਿੱਖ ਵਿਚ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਡਿਪਟੀ ਕਮਿਸ਼ਨਰ ਵਲੋਂ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਗਈਆਂ ਅਤੇ ਸਬੰਧਿਤ ਅਧਿਕਾਰੀਆਂ ਨੂੰ ਉਸਨੂੰ ਹੱਲ ਕਰਵਾਉਣ ਦੇ ਨਿਰਦੇਸ਼ ਵੀ ਜਾਰੀ ਕੀਤੇ ਗਏ।

ਇਸ ਤੋਂ ਪਹਿਲਾਂ ਉਨ੍ਹਾਂ ਵਲੋਂ ਪਿੰਡ ਵਾਸੀਆਂ ਅਤੇ ਅਧਿਕਾਰੀਆਂ ਨਾਲ ਬੈਠਕ ਕਰਕੇ ਉਨ੍ਹਾਂ ਦੀ ਛੱਪੜ ਦੀ ਉਸਾਰੀ,ਸੀਵਰੇਜ,ਸੋਲਰ ਲਾਈਟਾਂ,ਖੇਡ ਸਟੇਡੀਅਮ,ਧਰਮਸ਼ਾਲਾ ਦੀ ਮੁਰੰਮਤ ਅਤੇ ਪਸ਼ੂ ਪਾਲਣ ਹਸਪਤਾਲ ਦੀ ਨਵੀਂ ਇਮਾਰਤ ਦੀਆਂ ਮੰਗਾਂ ਨੂੰ ਸੁਣਿਆ ਗਿਆ ਅਤੇ ਵਿਸ਼ਵਾਸ਼ ਦਵਾਇਆ ਗਿਆ ਕਿ ਉਨ੍ਹਾਂ ਵਲੋਂ ਪੇਸ਼ ਮੰਗਾਂ ਸਬੰਧੀ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਜਾਵੇਗਾ।

ਬਾਬਾ ਬਲਬੀਰ ਸਿੰਘ ਸੀਚੇਵਾਲ ਅਤੇ ਡਿਪਟੀ ਕਮਿਸ਼ਨਰ ਵਲੋਂ ਪਿੰਡ ਤਲਵੰਡੀ ਮਾਧੋ ਵਿਖੇ ਚੱਲ ਰਹੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਵੀ ਦੌਰਾ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ,ਏ.ਡੀ.ਸੀ (ਡ) ਪਰਮਜੀਤ ਕੌਰ,ਐਸ.ਡੀ.ਐਮ ਚੰਦਰਾ ਜਯੋਤੀ, ਡੀ.ਡੀ.ਪੀ.ਓ ਹਰਜਿੰਦਰ ਸਿੰਘ,ਸਕੱਤਰ ਜ਼ਿਲ੍ਹਾ ਪਰੀਸ਼ਦ ਗੁਰਪ੍ਰਤਾਪ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Scroll to Top