Ram Rahim

ਮੁੜ ਜੇਲ੍ਹ ‘ਚ ਪਹੁੰਚਿਆ ਰਾਮ ਰਹੀਮ, ਹਾਈਕੋਰਟ ਨੇ ਹਰਿਆਣਾ ਸਰਕਾਰ ਤੋਂ ਪੈਰੋਲ ਨੂੰ ਲੈ ਕੇ ਮੰਗਿਆ ਜਵਾਬ

ਚੰਡੀਗੜ੍ਹ, 14 ਦਸੰਬਰ 2023: 2017 ਤੋਂ ਰੋਹਤਕ ਦੀ ਸੁਨਾਰੀਆ ਜੇਲ੍ਹ ‘ਚ ਬਲਾਤਕਾਰ ਅਤੇ ਕਤਲ ਮਾਮਲੇ ‘ਚ ਸਜ਼ਾ ਭੁਗਤ ਰਹੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ (Ram Rahim) ਛੇਵੀਂ ਵਾਰ ਮਿਲੀ ਪੈਰੋਲ ਖ਼ਤਮ ਹੋ ਗਈ ਹੈ | ਇਸਦੇ ਨਾਲ ਹੀ ਡੇਰਾ ਮੁਖੀ ਨੂੰ ਵਾਪਸ ਸੁਨਾਰੀਆ ਜੇਲ੍ਹ ‘ਚ ਭੇਜ ਦਿੱਤਾ ਹੈ | ਡੇਰਾ ਮੁਖੀ 21 ਨਵੰਬਰ ਨੂੰ ਜੇਲ੍ਹ ਤੋਂ ਬਾਹਰ ਆਏ ਸਨ ਅਤੇ ਉੱਤਰ ਪ੍ਰਦੇਸ਼ ਦੇ ਬਾਗਪਤ ਜ਼ਿਲ੍ਹੇ ਦੇ ਬਰਨਾਵਾ ਆਸ਼ਰਮ ‘ਚ ਰਹੇ |

ਦੂਜੇ ਪਾਸੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਡੇਰਾ ਮੁਖੀ ਰਾਮ ਰਹੀਮ (Ram Rahim) ਨੂੰ ਦਿੱਤੀ ਜਾਣ ਵਾਲੀ ਪੈਰੋਲ ’ਤੇ ਸਵਾਲ ਚੁੱਕੇ ਹਨ। ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਕਿਹਾ ਕਿ ਸੂਬਾ ਸਰਕਾਰ ਦੱਸੇ ਕਿ ਕਿੰਨੇ ਕੈਦੀਆਂ ਨੇ ਪੈਰੋਲ ਅਤੇ ਫਰਲੋ ਲਈ ਅਰਜ਼ੀਆਂ ਪ੍ਰਾਪਤ ਕੀਤੀਆਂ ਹਨ ਅਤੇ ਇਨ੍ਹਾਂ ਵਿੱਚੋਂ ਕਿੰਨੇ ਨੂੰ ਪੈਰੋਲ ਦਿੱਤੀ ਗਈ ਹੈ।

ਮਿਲੀ ਜਾਣਕਾਰੀ ਮੁਤਾਬਕ ਹਰਿਆਣਾ ਸਰਕਾਰ ਨੇ ਕਿਹਾ ਕਿ ਇਸ ਦਾ ਫੈਸਲਾ ਕੇਸ-ਦਰ-ਕੇਸ ਦੇ ਆਧਾਰ ‘ਤੇ ਕੀਤਾ ਜਾਂਦਾ ਹੈ, ਪਰ ਡੇਰਾ ਮੁਖੀ ਕੋਈ ਹਾਰਡ ਕੋਰ ਅਪਰਾਧੀ ਨਹੀਂ ਹੈ। ਇਸ ਦੇ ਬਾਵਜੂਦ ਹਾਈਕੋਰਟ ਨੇ ਹੁਣ ਹਰਿਆਣਾ ਸਰਕਾਰ ਤੋਂ ਇਹ ਜਾਣਕਾਰੀ ਮੰਗੀ ਹੈ। ਜਿਕਰਯੋਗ ਹੈ ਕਿ ਡੇਰਾ ਮੁਖੀ ਨੂੰ ਵਾਰ-ਵਾਰ ਦਿੱਤੀ ਜਾ ਰਹੀ ਪੈਰੋਲ ਵਿਰੁੱਧ ਸ਼੍ਰੋਮਣੀ ਕਮੇਟੀ ਅਤੇ ਮਨੁੱਖੀ ਅਧਿਕਾਰਾਂ ਦੇ ਵਕੀਲਾਂ ਨੇ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ਦੇ ਮੁਤਾਬਕ ਡੇਰਾ ਮੁਖੀ ਬਲਾਤਕਾਰ ਅਤੇ ਕਤਲ ਦਾ ਦੋਸ਼ੀ ਹੈ, ਫਿਰ ਵੀ ਉਹ ਪੈਰੋਲ ਦੌਰਾਨ ਉਪਦੇਸ਼ ਦੇ ਰਿਹਾ ਹੈ।

Scroll to Top