Site icon TheUnmute.com

ਵਿੱਤੀ ਸਾਲ 2023-24 ‘ਚ ਪਿਛਲੇ ਤਿੰਨ ਸਾਲਾਂ ਦੇ ਮੁਕਾਬਲੇ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਰਿਕਾਰਡ ਆਮਦਨ: ਬ੍ਰਮ ਸ਼ੰਕਰ ਜਿੰਪਾ

ਸੰਭਾਵੀ ਹੜ੍ਹ

ਚੰਡੀਗੜ੍ਹ, 8 ਮਾਰਚ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਹਰੇਕ ਸਾਲ ਵਾਧਾ ਹੋ ਰਿਹਾ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ (Bram Shanker Jimpa) ਨੇ ਦੱਸਿਆ ਹੈ ਕਿ ਵਿੱਤੀ ਸਾਲ 2023-24 ਵਿੱਚ ਪਿਛਲੇ ਤਿੰਨ ਵਿੱਤੀ ਸਾਲਾਂ ਦੇ ਮੁਕਾਬਲੇ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਨੂੰ ਰਿਕਾਰਡ ਆਮਦਨ ਹੋਈ ਹੈ। ਜਿੰਪਾ ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ।

ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਜਿੰਪਾ (Bram Shanker Jimpa) ਨੇ ਦੱਸਿਆ ਕਿ ਵਿੱਤੀ ਸਾਲ 2023-24 ਦੇ ਫਰਵਰੀ ਮਹੀਨੇ ਤੱਕ ਖਜ਼ਾਨੇ ਵਿੱਚ 3912.67 ਕਰੋੜ ਰੁਪਏ ਆ ਚੁੱਕੇ ਹਨ ਜਦਕਿ ਮਾਰਚ ਮਹੀਨੇ ਦੀ ਆਮਦਨ ਇਸ ਵਿੱਚ ਹਾਲੇ ਜੁੜਨੀ ਹੈ। ਵਿੱਤੀ ਸਾਲ 2022-23 ਵਿੱਚ ਇਹੀ ਆਮਦਨ 3515.27 ਕਰੋੜ ਰੁਪਏ ਸੀ ਜਦਕਿ ਵਿੱਤੀ ਸਾਲ 2021-22 ਵਿੱਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਨੂੰ 3299.35 ਕਰੋੜ ਰੁਪਏ ਦੀ ਆਮਦਨ ਹੋਈ ਸੀ।

ਜਿੰਪਾ ਨੇ ਕਿਹਾ ਕਿ ਇਹ ਆਮਦਨ ਇਸ ਸਾਲ ਹੋਰ ਵੱਧਣ ਦੀ ਸੰਭਾਵਨਾ ਹੈ ਕਿਉਂ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਨਓਸੀ ਦੇ ਸ਼ਰਤ ਹਟਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੇ ਕੰਮ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਕਰਨ ਲਈ ਪੰਜਾਬ ਸਰਕਾਰ ਪਹਿਲੇ ਦਿਨ ਤੋਂ ਹੀ ਸਾਰਥਕ ਹੰਭਲੇ ਮਾਰ ਰਹੀ ਹੈ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੇ ਕੰਮਕਾਜ ਸਬੰਧੀ ਸ਼ਿਕਾਇਤ ਹੈਲਪਲਾਈਨ ਨੰਬਰ 8184900002 ‘ਤੇ ਦਰਜ ਕੀਤੀ ਜਾ ਸਕਦੀ ਹੈ। ਪ੍ਰਵਾਸੀ ਭਾਰਤੀ ਆਪਣੀ ਲਿਖਤੀ ਸ਼ਿਕਾਇਤ 9464100168 ‘ਤੇ ਦਰਜ ਕਰਵਾ ਸਕਦੇ ਹਨ।

Exit mobile version