ਚੰਡੀਗੜ੍ਹ, 06 ਜੁਲਾਈ 2023: ਕੇਂਦਰ ਸਰਕਾਰ ਦੇ ਆਰਡੀਨੈਂਸ (Ordinance) ਖ਼ਿਲਾਫ਼ ਦਿੱਲੀ ਸਰਕਾਰ ਦੀ ਲੜਾਈ ਸੁਪਰੀਮ ਕੋਰਟ ਵਿੱਚ ਪਹੁੰਚ ਗਈ ਹੈ। ਦੱਸ ਦਈਏ ਕਿ ਸੁਪਰੀਮ ਕੋਰਟ ਦਿੱਲੀ ਸਰਕਾਰ ਦੀ ਪਟੀਸ਼ਨ ‘ਤੇ ਸੁਣਵਾਈ ਲਈ ਰਾਜ਼ੀ ਹੋ ਗਈ ਹੈ। ਸੁਪਰੀਮ ਕੋਰਟ 10 ਜੁਲਾਈ ਨੂੰ ਕੇਂਦਰੀ ਆਰਡੀਨੈਂਸ ਵਿਰੁੱਧ ਦਿੱਲੀ ਸਰਕਾਰ ਦੀ ਪਟੀਸ਼ਨ ‘ਤੇ ਸੁਣਵਾਈ ਕਰੇਗਾ। ਦੱਸ ਦਈਏ ਕਿ ਆਰਡੀਨੈਂਸ ਦੇ ਜਾਰੀ ਹੋਣ ਤੋਂ ਤੁਰੰਤ ਬਾਅਦ ਦਿੱਲੀ ਸਰਕਾਰ ਨੇ ਕਿਹਾ ਸੀ ਕਿ ਉਹ ਇਸ ਦੇ ਖ਼ਿਲਾਫ਼ ਸੁਪਰੀਮ ਕੋਰਟ ਜਾਵੇਗੀ।
ਕੇਂਦਰ ਸਰਕਾਰ ਦੇ ਆਰਡੀਨੈਂਸ (Ordinance) ਤਹਿਤ ਦਿੱਲੀ ਵਿੱਚ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਨਾਲ ਸਬੰਧਤ ਅੰਤਿਮ ਫੈਸਲਾ ਲੈਣ ਦਾ ਅਧਿਕਾਰ ਲੈਫਟੀਨੈਂਟ ਗਵਰਨਰ ਨੂੰ ਦਿੱਤਾ ਗਿਆ ਹੈ। ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ (ਸੋਧ) ਆਰਡੀਨੈਂਸ, 2023 ਦੇ ਤਹਿਤ, ਦਿੱਲੀ ਵਿੱਚ ਸੇਵਾ ਕਰ ਰਹੇ DANICS ਕੇਡਰ ਦੇ ਸਮੂਹ ਏ ਅਧਿਕਾਰੀਆਂ ਦੇ ਤਬਾਦਲੇ ਅਤੇ ਅਨੁਸ਼ਾਸਨੀ ਕਾਰਵਾਈ ਲਈ ਇੱਕ ਰਾਸ਼ਟਰੀ ਰਾਜਧਾਨੀ ਪਬਲਿਕ ਸਰਵਿਸ ਅਥਾਰਟੀ ਦਾ ਗਠਨ ਕੀਤਾ ਜਾਵੇਗਾ।
ਦੱਸ ਦਈਏ ਕਿ ਦਿੱਲੀ ਦੀ ‘ਆਪ’ ਸਰਕਾਰ ਦੋਸ਼ ਲਾਉਂਦੀ ਰਹੀ ਹੈ ਕਿ ਕੇਂਦਰ ਸਰਕਾਰ ਉਸ ਨੂੰ ਉਪ ਰਾਜਪਾਲ ਦੇ ਜ਼ਰੀਏ ਕੰਮ ਨਹੀਂ ਕਰਨ ਦੇ ਰਹੀ ਹੈ। ਇਸ ਦੇ ਖ਼ਿਲਾਫ਼ ‘ਆਪ’ ਸਰਕਾਰ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ। ਜਿੱਥੇ ਸੁਪਰੀਮ ਕੋਰਟ ਨੇ 11 ਮਈ ਨੂੰ ਦਿੱਲੀ ਸਰਕਾਰ ਦੇ ਹੱਕ ਵਿੱਚ ਫੈਸਲਾ ਦਿੰਦਿਆਂ ਸਪੱਸ਼ਟ ਕੀਤਾ ਕਿ ਦਿੱਲੀ ਦੇ ਨੌਕਰਸ਼ਾਹਾਂ ਦੇ ਤਬਾਦਲੇ ਅਤੇ ਤਾਇਨਾਤੀ ਸਿਰਫ਼ ਦਿੱਲੀ ਸਰਕਾਰ ਹੀ ਕਰ ਸਕਦੀ ਹੈ। ਆਮ ਆਦਮੀ ਪਾਰਟੀ ਨੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਆਪਣੀ ਜਿੱਤ ਕਰਾਰ ਦਿੱਤਾ ਸੀ, ਪਰ ਉਨ੍ਹਾਂ ਦੀ ਖੁਸ਼ੀ ਜ਼ਿਆਦਾ ਦੇਰ ਨਾ ਟਿਕੀ ਜਦੋਂ ਕੇਂਦਰ ਸਰਕਾਰ ਨੇ ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ (ਸੋਧ) ਆਰਡੀਨੈਂਸ, 2023 ਲਿਆਂਦਾ।